ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਬੀਬੀਐਮਬੀ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਹੈ। ਜਿਸ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਵਾਈ ਕੀਤੀ ਜਾਵੇਗੀ।

ਬੀਬੀਐਮਬੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਅਪੀਲ ਕਰਦੇ ਹੋਏ ਕਿਹਾ ਕਿ ਮਾਮਲੇ ਦੀ ਸੁਣਵਾਈ ਅੱਜ ਹੀ ਕੀਤੀ ਜਾਵੇ। ਪੰਜਾਬ ਸਰਕਾਰ ਗੈਰ ਕਾਨੂੰਨੀ ਅਤੇ ਗੈਰ-ਸੰਵਿਧਾਨਕ ਤਰੀਕੇ ਨਾਲ ਉਨ੍ਹਾਂ ਦੇ ਕੰਮ ਵਿੱਚ ਦਖਲ ਦੇ ਰਹੀ ਹੈ। ਭਾਖੜਾ ਨੰਗਲ ਡੈਮ ਦੇ ਹੈੱਡ ਵਰਕਸ ‘ਤੇ ਕਬਜ਼ਾ ਕਰਕੇ ਉੱਥੇ ਪੰਜਾਬ ਪੁਲਿਸ ਤਾਇਨਾਤ ਕਰਨਾ ਪੂਰੀ ਤਰ੍ਹਾਂ ਗਲਤ ਹੈ। ਬੀਬੀਐਮਬੀ ਵੱਲੋਂ ਇੱਥੋਂ ਪੰਜਾਬ ਪੁਲਿਸ ਨੂੰ ਹਟਾਉਣ ਦੀ ਮੰਗ ਕਰ ਰਹੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਬੀਬੀਐਮਬੀ ਇੱਕ ਸੰਵਿਧਾਨਕ ਸੰਸਥਾ ਹੈ, ਇਸ ਵਿੱਚ ਇਸ ਤਰ੍ਹਾਂ ਦਖਲ ਦੇਣ ਨਾਲ ਅਰਾਜਕਤਾ ਫੈਲੇਗੀ। ਇਸ ਤੋਂ ਇਲਾਵਾ ਹਰਿਆਣਾ ਦੇ ਫਤਿਹਾਬਾਦ ਦੇ ਮਟਾਣਾ ਪਿੰਡ ਦੀ ਪੰਚਾਇਤ ਨੇ ਵੀ ਹਰਿਆਣਾ ਦਾ ਪਾਣੀ ਛੱਡਣ ਦੀ ਮੰਗ ਕਰਦੇ ਹੋਏ ਇੱਕ ਪਟੀਸ਼ਨ ਦਾਇਰ ਕੀਤੀ ਹੈ।

ਕੁਝ ਸਮਾਂ ਪਹਿਲਾਂ ਚੀਫ਼ ਜਸਟਿਸ ਦੇ ਬੈਂਚ ਨੂੰ ਇਨ੍ਹਾਂ ਦੋਵਾਂ ਪਟੀਸ਼ਨਾਂ ‘ਤੇ ਅੱਜ ਹੀ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਇਸ ਲਈ ਹਾਈ ਕੋਰਟ ਨੂੰ ਅੱਜ ਹੀ ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਕਰਨੀ ਚਾਹੀਦੀ ਹੈ। ਮੰਗ ਨੂੰ ਸਵੀਕਾਰ ਕਰਦੇ ਹੋਏ, ਚੀਫ਼ ਜਸਟਿਸ ਨੇ ਅੱਜ ਦੋਵਾਂ ਪਟੀਸ਼ਨਾਂ ‘ਤੇ ਸੁਣਵਾਈ ਦੀ ਇਜਾਜ਼ਤ ਦੇ ਦਿੱਤੀ।