ਜਲੰਧਰ, 18 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹ ਸਿਰਫ਼ ਕੁਦਰਤ ਦੀ ਮਾਰ ਨਹੀਂ ਹਨ, ਸਗੋਂ ਇਹ ਆਫ਼ਤ ਮਨੁੱਖ ਵੱਲੋਂ ਵੀ ਸਿਰਜੀ ਗਈ ਵੀ ਹੈ। ਉਨ੍ਹਾਂ ਕਿਹਾ ਕਿ ਇਸ ਤਬਾਹੀ ਲਈ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਸਨੀਕਾਂ ਸਾਹਮਣੇ ਜਵਾਬਦੇਹ ਹਨ। ਜਾਖੜ ਨੇ ਕਿਹਾ ਕਿ ਭਗਵੰਤ ਮਾਨ ਨੂੰ ਚਿੱਕੜ ਵਿੱਚ ਵੜ ਕੇ ਤਸਵੀਰਾਂ ਖਿਚਵਾਉਣ ਦੀ ਥਾਂ ਮੁੱਖ ਮੰਤਰੀ ਵਾਂਗ ਵਿਹਾਰ ਕਰਨਾ ਚਾਹੀਦਾ ਹੈ।
ਸੁਨੀਲ ਜਾਖੜ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਮੌਸਮ ਵਿਭਾਗ ਵੱਲੋਂ 4 ਤੇ 6 ਜੁਲਾਈ ਨੂੰ ਭਵਿੱਖਬਾਣੀ ਤੇ ਚਿਤਾਵਨੀਆਂ ਜਾਰੀ ਕੀਤੀਆਂ ਸਨ ਕਿ ਆਫਤ ਆਉਣ ਵਾਲੀ ਹੈ, ਪਰ 9 ਜੁਲਾਈ ਤੱਕ ਵੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਚਕੂਲਾ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਭ ਤੋਂ ਪਹਿਲਾਂ ਪੰਜਾਬ ਦੇ ਮਾਮਲਿਆਂ ਨੂੰ ਮੁਖਾਤਬ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 9 ਜੁਲਾਈ ਨੂੰ ਪੰਜਾਬ ਦੇ ਮੁੱਖ ਸਕੱਤਰ ਨੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ, ਜਦਕਿ ਸਥਿਤੀ ਇਸ ਤੋਂ ਪਹਿਲਾਂ ਹੀ ਕਾਫ਼ੀ ਵਿਗੜ ਚੁੱਕੀ ਸੀ। ਸ੍ਰੀ ਜਾਖੜ ਨੇ ਕਿਹਾ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਤਲੁਜ ਦਰਿਆ ’ਚੋਂ ਗਾਰ ਕੱਢਣ ਬਾਰੇ ਕਈ ਵਾਰ ਕਿਹਾ ਸੀ, ਪਰ ਪੰਜਾਬ ਸਰਕਾਰ ਨੇ ਇਸ ’ਤੇ ਵੀ ਅਮਲ ਨਹੀਂ ਕੀਤਾ।