ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਕੁੱਲ 780 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਜਦੋਂ ਕਿ 128 ਕਰੋੜ ਰੁਪਏ ਦੀ ਮਸ਼ੀਨਰੀ ਅਤੇ ਦਵਾਈਆਂ ਤਬਾਹ ਹੋ ਗਈਆਂ ਹਨ। ਡਾ.ਬਲਬੀਰ ਸਿੰਘ ਨੇ ਕਿਹਾ ਕਿ 1280 ਸਿਹਤ ਅਤੇ ਤੰਦਰੁਸਤੀ ਕੇਂਦਰ ਪ੍ਰਭਾਵਿਤ ਹੋਏ ਹਨ ਅਤੇ 32 ਸਬ-ਡਵੀਜ਼ਨ ਹਸਪਤਾਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ, ਸਿਹਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਤੁਰੰਤ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਪੰਜਾਬ ਲਈ 20 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ।

ਸਿਹਤ ਮੰਤਰੀ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੂੰ ਪੱਤਰ ਲਿਖ ਕੇ ਨੁਕਸਾਨ ਦਾ ਮੁਆਵਜ਼ਾ ਮੰਗਿਆ ਅਤੇ ਕਿਹਾ ਕਿ ਦਿੱਲੀ ਵਿੱਚ ਬੈਠ ਕੇ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਸਾਰੇ ਕੇਂਦਰੀ ਮੰਤਰੀਆਂ ਨੂੰ ਨਿੱਜੀ ਤੌਰ ‘ਤੇ ਪੰਜਾਬ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਲਗਾਤਾਰ ਤਿੰਨ ਹਫ਼ਤਿਆਂ ਤੋਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਪਰ ਕੇਂਦਰ ਸਰਕਾਰ ਇਸ ਤਬਾਹੀ ਨੂੰ ਦੇਖ ਨਹੀਂ ਪਾ ਰਹੀ। ਪੰਜਾਬ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮੇਂ ਸਿਰ ਮਦਦ ਨਾ ਦਿੱਤੀ ਗਈ ਤਾਂ ਸਿਹਤ ਸੇਵਾਵਾਂ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਣਗੀਆਂ ਅਤੇ ਆਮ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ।