ਫ਼ਿਰੋਜ਼ਪੁਰ, 28 ਸਤੰਬਰ
ਹੜ੍ਹ ਪੀੜਤਾਂ ਨੂੰ ਮੁਆਵਜ਼ਾ ਜਾਰੀ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਡੀਸੀ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਵਿਚ ਪਿਛਲੇ ਦਨਿੀਂ ਆਏ ਹੜ੍ਹਾਂ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਆਖਿਆ ਕਿ ‘ਆਪ’ ਦੇ ਇੱਕ ਸੰਸਦ ਮੈਂਬਰ ਨੇ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਦੇ ਵਿਰੋਧ ਦੇ ਬਾਵਜੂਦ ਹਰੀ ਕੇ ਹੈੱਡ ਦੇ ਸਾਰੇ ਗੇਟ ਇੱਕੋ ਵਾਰ ਖੁੱਲ੍ਹਵਾ ਦਿੱਤੇ ਜਿਸ ਕਰਕੇ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ ’ਚ ਖੜ੍ਹੀ ਫ਼ਸਲ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਇਸ ਨੁਕਸਾਨ ਦੀ ਭਰਪਾਈ ਤੋਂ ਭੱਜ ਰਹੀ ਹੈ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਕੋਲੋਂ ਹੜ੍ਹ ਪ੍ਰਭਾਵਿਤ ਖੇਤਾਂ ਵਿੱਚ ਭਰੀ ਰੇਤ ਨੂੰ ਚੁੱਕਣ ਲਈ ਕਿਸਾਨਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਮੰਗ ਕੀਤੀ।
ਨਸ਼ਾ ਤਸਕਰੀ ਬਾਰੇ ਸ੍ਰੀ ਬਾਦਲ ਨੇ ਆਖਿਆ ਕਿ ਤਸਕਰਾਂ ਨੂੰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਦਾ ਸਮਰਥਨ ਮਿਲਣ ਕਰ ਕੇ ਨਸ਼ਿਆਂ ਨੂੰ ਠੱਲ੍ਹ ਨਹੀਂ ਪੈ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰ ‘ਆਪ’ ਦੇ ਵਿਧਾਇਕਾਂ ਨੂੰ ਮਹੀਨਾ ਦੇ ਰਹੇ ਹਨ ਜਿਸ ਕਰ ਕੇ ਪੁਲੀਸ ਦੇ ਹੱਥ ਵੀ ਬੰਨ੍ਹ ਦਿੱਤੇ ਗਏ ਹਨ। ਪੁਲੀਸ ਹੇਠਲੇ ਪੱਧਰ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਸਿਰਫ਼ ਖਾਨਾਪੂਰਤੀ ਕਰ ਰਹੀ ਹੈ।
ਸ੍ਰੀ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਦੇ ਮੁੱਦੇ ’ਤੇ ਆਖਿਆ ਕਿ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਧਿਆਨ ਸਿੰਘ ਮੰਡ ਵਰਗੇ ਆਗੂਆਂ ਦਾ ਇਸਤੇਮਾਲ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫ਼ਿਰੋਜ਼ਪੁਰ ’ਚ ਬਣਨ ਜਾ ਰਹੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਬਾਰੇ ਉਨ੍ਹਾਂ ਦੱਸਿਆ ਕਿ ਹਸਪਤਾਲ ਸ਼ੁਰੂ ਕਰਵਾਉਣ ਲਈ ਉਨ੍ਹਾਂ ਨੇ ਕੇਂਦਰੀ ਮੰਤਰੀਆਂ ਤੱਕ ਪਹੁੰਚ ਕੀਤੀ ਅਤੇ ਪਿਛਲੀ ਅਕਾਲੀ ਸਰਕਾਰ ਵੇਲੇ ਇਸ ਲਈ ਜ਼ਮੀਨ ਰਾਖਵੀਂ ਰਖਵਾਈ ਗਈ ਸੀ। ਇਸ ਮੌਕੇ ਜਨਮੇਜਾ ਸਿੰਘ ਸੇਖੋਂ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਮਦਦ ਭੇਜਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਪੀੜਤਾਂ ਲਈ ਮੁਆਵਜ਼ਾ ਜਾਰੀ ਨਹੀਂ ਕੀਤਾ।