ਜਲੰਧਰ, 20 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਪਤਨੀ ਨਾਲ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਨਕੋਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜੋੜ ਮੇਲੇ ’ਤੇ ਸੰਗਤ ਅਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਸੇਵਾ ਕਰਨ ਲਈ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਅਜਿਹੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਵੱਡੀ ਗਿਣਤੀ ਪੰਜਾਬੀ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ ’ਤੇ ਬਹਾਲ ਕੀਤਾ ਜਾਵੇਗਾ ਅਤੇ ਇਸ ਦੇ ਨਤੀਜੇ ਆਉਣੇ ਵੀ ਸ਼ੁਰੂ ਹੋ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ, ਗਾਇਕ ਦਲੇਰ ਮਹਿੰਦੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।