ਐੱਸਏਐਸ ਨਗਰ (ਮੁਹਾਲੀ), 3 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨਾਂ ਦੀ ਖ਼ਰੀਦੋ-ਫ਼ਰੋਖ਼ਤ ਦੇ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਨਾਇਬ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਸਮੇਤ ਪ੍ਰਾਪਰਟੀ ਡੀਲਰ ਸ਼ਾਮ ਲਾਲ, ਪਟਵਾਰੀ ਇਕਬਾਲ ਸਿੰਘ ਅਤੇ ਨੰਬਰਦਾਰ ਗੁਰਨਾਮ ਸਿੰਘ ਨੂੰ ਅੱਜ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ ਅਮਿਤ ਬਖ਼ਸ਼ੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਲ ਅਧਿਕਾਰੀ ਸਣੇ ਸਾਰੇ ਮੁਲਜ਼ਮਾਂ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈਸਟ ਕਰਵਾਇਆ ਗਿਆ।
ਵਿਜੀਲੈਂਸ ਬਿਊਰੋ ਦੇ ਏਆਈਜੀ ਅਸ਼ੀਸ਼ ਕਪੂਰ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਅਤੇ ਬਾਕੀ ਮੁਲਜ਼ਮਾਂ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਰਘਬੀਰ ਸਿੰਘ, ਬਲਬੀਰ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਬੀਰ ਸਿੰਘ ਅਤੇ ਕਾਬਲ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਇਹ ਸਾਰੇ ਵਿਅਕਤੀ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਵਰਿੰਦਰ ਸਿੰਘ ਧੂਤ ਜ਼ੀਰਕਪੁਰ ਸਬ ਤਹਿਸੀਲ ਜ਼ੀਰਕਪੁਰ ਵਿੱਚ ਨਾਇਬ ਤਹਿਸੀਲਦਾਰ ਤਾਇਨਾਤ ਸਨ। ਇਸ ਤੋਂ ਪਹਿਲਾਂ ਉਹ ਗਮਾਡਾ ਅਤੇ ਬਲਾਕ ਮਾਜਰੀ ਦੇ ਨਾਇਬ ਤਹਿਸੀਲਦਾਰ ਰਹਿ ਚੁੱਕੇ ਹਨ। ਵਿਜੀਲੈਂਸ ਅਨੁਸਾਰ ਮਾਲ ਅਧਿਕਾਰੀ ’ਤੇ ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਕਰਕੇ ਬਲਾਕ ਮਾਜਰੀ ਵਿੱਚ ਤਾਇਨਾਤੀ ਦੌਰਾਨ ਨੇੜਲੇ ਪਿੰਡਾਂ ਦੀ ਕਰੀਬ 100 ਏਕੜ ਜ਼ਮੀਨ ਦਾ ਗਲਤ ਤਰੀਕੇ ਨਾਲ ਤਬਾਦਲਾ ਕਰਕੇ ਉਸ ਨੂੰ ਅੱਗੇ ਵੇਚਣ ਵਿੱਚ ਮਦਦ ਕਰਨ ਦਾ ਦੋਸ਼ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਪ ਮੰਡਲ ਮੈਜਿਸਟਰੇਟ ਨੇ ਵਿਵਾਦਿਤ ਜ਼ਮੀਨ ਦੀ ਰਜਿਸਟਰੀਆਂ ਅਤੇ ਇੰਤਕਾਲਾਂ ’ਤੇ ਰੋਕ ਲਗਾ ਦਿੱਤੀ ਸੀ।