ਫ਼ਿਰੋਜ਼ਪੁਰ, 20 ਦਸੰਬਰ

ਪੰਜਾਬ ਸਰਕਾਰ ਵੱਲੋਂ ਚੋਣਾਂ ਵਿਚ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਇਥੇ ਬਸਤੀ ਟੈਂਕਾਂ ਵਾਲੀ ਵਿਖੇ  ਰੇਲ ਟਰੈਕ ’ਤੇ ਅਣਮਿਥੇ ਸਮੇਂ ਲਈ ਧਰਨਾ ਲਾ ਦਿੱਤਾ। ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਇਸ ਧਰਨੇ ਦੀ ਅਗਵਾਈ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਸੂਬਾ ਕਮੇਟੀ ਮੈਂਬਰ ਰਣਵੀਰ ਸਿੰਘ ਰਾਣਾ  ਕਰ ਰਹੇ ਸਨ।  ਕਿਸਾਨ ਆਗੂਆਂ ਨੇ ਦੱਸਿਆ ਕਿ ਫ਼ਿਲਹਾਲ ਮਾਝਾ ਖੇਤਰ ਵਿਚ ਦੋ ਥਾਵਾਂ ’ਤੇ, ਮਾਲਵਾ ਤੇ ਦੁਆਬਾ ਖੇਤਰ ਵਿਚ ਇੱਕ-ਇੱਕ ਥਾਈਂ ਧਰਨਾ ਲਾਇਆ ਗਿਆ ਹੈ ਅਤੇ ਜੇਕਰ ਸਰਕਾਰ ਤੇ ਕੋਈ ਅਸਰ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਜਾਵੇਗਾ। ਆਗੂਆਂ ਨੇ ਇਹ ਵੀ ਸਾਫ਼ ਕੀਤਾ ਕਿ ਉਹ ਚੋਣਾਂ ਵਿਚ ਹਿੱਸਾ ਲੈਣਗੇ। ਮੰਗਾਂ ਬਾਰੇ ਪੁੱਛੇ ਜਾਣ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਜੋ ਕਰਜ਼ੇ ਅਜੇ ਤੱਕ ਮੁਆਫ਼ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਘਰ-ਘਰ ਨੌਕਰੀ ਦੇਣ, ਸ਼ਗਨ ਸਕੀਮ ਇਕਵੰਜਾ ਹਜ਼ਾਰ ਰੁਪਏ ਦੇਣ, ਬੇਰੁਜ਼ਗਾਰੀ ਦੂਰ ਕਰਨ ਅਤੇ ਮੁਕੰਮਲ ਨਸ਼ਾ ਮੁਕਤੀ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।