ਚੰਡੀਗੜ੍ਹ : ਬੇਅਦਬੀ ਮਾਮਲਿਆਂ ‘ਤੇ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਆਧਾਰ ‘ਤੇ ਬਾਦਲਾਂ ਖਿਲਾਫ ਕਾਰਵਾਈ ਨਾ ਹੋਣ ‘ਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ‘ਆਪ’ ਵਿਧਾਇਕ ਐੱਚ. ਐੱਸ. ਫੂਲਕਾ ਨੇ ਵਿਧਾਨ ਸਭਾ ‘ਚੋਂ ਅਸਤੀਫਾ ਦੇਣ ਦੀ ਚਿਤਾਵਨੀ ਦਿੱਤੀ ਹੈ। ਐੱਚ. ਐੱਸ. ਫੂਲਕਾ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਸਰਕਾਰ ਵਲੋਂ 15 ਸਤੰਬਰ ਤਕ ਬਾਦਲਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ 16 ਸਤੰਬਰ ਨੂੰ ਉਹ ਵਿਧਾਨ ਸਭਾ ‘ਚੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਫੂਲਕਾ ਨੇ ਕਿਹਾ ਕਿ ਸਾਰੀ ਦਨੀਆ ਦੇ ਪੰਜਾਬੀਆਂ ਦੀਆਂ ਨਜ਼ਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਵਿਧਾਨ ਸਭਾ ਵਿਚ ਕਾਂਗਰਸ ਸਰਕਾਰ ਨੇ ਗੁੰਮਰਾਹ ਕੀਤਾ ਹੈ।
ਫੂਲਕਾ ਨੇ ਕਿਹਾ ਕਿ ਵਿਧਾਨ ਸਭਾ ਵਿਚ ਕੈਪਟਨ ਸਰਕਾਰ ਦੇ ਪੰਜ ਮੰਤਰੀਆਂ ਨੇ ਲੰਮਾ ਚੌੜਾ ਭਾਸ਼ਣ ਤਾਂ ਦਿੱਤਾ ਸੀ ਪਰ ਅਕਾਲੀਆਂ ਖਿਲਾਫ ਕਾਰਵਾਈ ਨਾ ਹੋਣ ‘ਤੇ ਉਨ੍ਹਾਂ ਨੂੰ ਅਸਤੀਫਾ ਵੀ ਦੇਣਾ ਚਾਹੀਦਾ ਹੈ। ਫੂਲਕਾ ਨੇ ਕਿਹਾ ਕਿ ਜੇਕਰ ਸਰਕਾਰ ਅਕਾਲੀਆਂ ਖਿਲਾਫ ਕਾਰਵਾਈ ਨਹੀਂ ਕਰਦੀ ਤਾਂ ਸਭ ਤੋਂ ਪਹਿਲਾਂ ਅਸਤੀਫਾ ਉਹ ਹੀ ਦੇਣਗੇ।
ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਰਿਪੋਰਟ ਵਿਚ ਤਿੰਨ ਲੋਕਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਗਿਆ ਹੈ ਜਿਸ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸ਼ਾਮਲ ਹੈ ਪਰ ਇਨ੍ਹਾਂ ਵਿਚ ਸਿਰਫ ਗੁਰਮੀਤ ਰਾਮ ਰਹੀਮ ਹੀ ਅਸਲ ਦੋਸ਼ੀ ਸੀ ਜਦਕਿ ਦੂਸਰੇ ਮਾਮਲਾ ਗੋਲੀ ਚਲਾਉਣ ਦਾ ਹੈ ਜਿਸ ਵਿਚ ਸੁਮੇਧ ਸਿੰਘ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਦੋਸ਼ੀ ਹੈ।