ਨਵੀਂ ਦਿੱਲੀ, 20 ਮਾਰਚ
ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਆਗੂ ਜਗਤਾਰ ਸਿੰਘ ਬਾਜਵਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜੋ ਤਿੰਨੋਂ ਖੇਤੀਬਾੜੀ ਵਾਪਸ ਲੈਣ ਸਮੇਂ ਮੋਰਚੇ ਨਾਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਦਿੱਲੀ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਉਨ੍ਹਾਂ ਸਾਰੇ ਵਾਅਦਿਆਂ ਦੀ ਸਮੀਖਿਆ ਕੀਤੀ ਗਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਅਜੇ ਤੱਕ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਗਏ, ਐੱਮਐੱਸਪੀ ਤੇ ਲਖੀਮਪੁਰ ਖੀਰੀ ਕਾਂਡ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਹੋਰ ਮੰਗਾਂ ‘ਤੇ ਭਾਰਤ ਸਰਕਾਰ ਵੱਲੋਂ ਕੋਈ ਪ੍ਰਭਾਵੀ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਹੈ ਕਿ 21 ਮਾਰਚ ਨੂੰ ਜੁੜੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਸੰਬੋਧਤ ਮੰਗ ਪੱਤਰ ਭੇਜਿਆ ਜਾਵੇਗਾ ਤੇ ਜਲਦੀ ਤੋਂ ਜਲਦੀ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰੇ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਦੇਸ਼ ਦੇ ਮਜ਼ਦੂਰਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿੱਚ ਸਾਂਝਾ ਕਿਸਾਨ ਮੋਰਚਾ ਮੁੜ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ। 11 ਤੋਂ 17 ਅਪਰੈਲ ਤੱਕ ਐੱਮਐੱਸਪੀ ਅਧਿਕਾਰ ਹਫ਼ਤੇ ਵਜੋਂ ਵੀ ਮਨਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਅੰਦੋਲਨ ਕੀਤਾ ਜਾਵੇਗਾ।