ਬਰਨਾਲਾ : ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਦੀ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ) ਨਾਲ ਸਥਾਨਕ ਤਰਕਸ਼ੀਲ ਹਾਲ ਵਿਖੇ ਹੋਣ ਵਾਲੀ ਸਾਂਝੀ ਮੀਟਿੰਗ ਵਿੱਚ ਅਚਾਨਕ ਪੈਦਾ ਹੋਏ ਕਿਸੇ ਕਾਰਨ ਕਰਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ) ਦੇ ਪ੍ਰਤੀਨਿਧ ਸ਼ਾਮਲ ਨਹੀਂ ਹੋ ਸਕੇ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਬਲਦੇਵ ਸਿੰਘ ਜੀਰਾ ਨੇ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਦੇ ਵਫਦ ਨੂੰ ਫੋਨ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਫੋਰਮ ਸੰਯੁਕਤ ਕਿਸਾਨ ਮੋਰਚਾ ਵਲੋਂ 28 ਮਾਰਚ ਨੂੰ ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਾ ਸਮਰਥਨ ਕਰਦਿਆਂ ਸ਼ਮੂਲੀਅਤ ਕਰਨਗੇ। ਵਰਣਨਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਮੁਕੇਸ਼ ਚੰਦਰ ਸ਼ਰਮਾ ਅਤੇ ਝੰਡਾ ਸਿੰਘ ਜੇਠੂਕੇ ਤਰਕਸ਼ੀਲ ਹਾਲ ਵਿਖੇ ਪਹੁੰਚੇ ਸਨ।
ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਕਿਸਾਨ ਲਹਿਰ ਨੂੰ ਜਬਰ ਕਰਕੇ ਦਬਾਉਣ ਲਈ ਹਮਲਾ ਵਿੱਢ ਦਿੱਤਾ ਹੈ। ਪਹਿਲਾ ਸੰਯੁਕਤ ਕਿਸਾਨ ਮੋਰਚਾ ਦੇ ਚੰਡੀਗੜ੍ਹ ਵਿਖੇ ਲੱਗਣ ਵਾਲੇ 7 ਦਿਨਾਂ ਦੇ ਧਰਨੇ ਨੂੰ ਪੁਲਿਸ ਜਬਰ ਰਾਹੀ ਤਾਰਪੀਡੋ ਕੀਤਾ ਗਿਆ ਹੁਣ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਉੱਪਰ ਬੁਲਡੋਜ਼ਰ ਕਾਰਵਾਈ ਰਾਹੀਂ ਦਮਨ ਕੀਤਾ ਗਿਆ ਹੈ। ਆਗੂਆਂ ਸਮੇਤ ਸੈਕੜੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਹੈ। ਕਿਸਾਨਾਂ ਦੇ ਟਰੈਕਟਰ ਟਰਾਲੀਆਂ ਅਤੇ ਹੋਰ ਸਾਜ਼ੋ ਸਾਮਾਨ ਦਾ ਭਾਰੀ ਨੁਕਸਾਨ ਕੀਤਾ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੀਆਂ ਹਾਲਤਾਂ ਵਿਚ ਸਰਕਾਰੀ ਜਬਰ ਵਿਰੁੱਧ ਇਕਜੁੱਟ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅਜਿਹੀ ਲੋੜ ਨੂੰ ਹੁੰਗਾਰਾ ਭਰਦਿਆਂ ਹੀ 28 ਮਾਰਚ ਨੂੰ ਜਬਰ ਵਿਰੋਧੀ ਦਿਨ ਵਜੋਂ ਧਰਨੇ ਮੁਜ਼ਾਹਰੇ ਕਰਨ ਦਾ ਸੱਦਾ ਦਿੰਦਿਆਂ ਦੋਵਾਂ ਫੋਰਮਾ ਅਤੇ ਹੋਰ ਇਨਸਾਫਪਸੰਦ ਜੱਥੇਬੰਦੀਆਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਇਸੇ ਦੀ ਅਗਲੀ ਕੜੀ ਵਜੋਂ ਅੱਜ ਤਰਕਸ਼ੀਲ ਹਾਲ ਬਰਨਾਲਾ ਵਿਖੇ ਦੋਵੇਂ ਫੋਰਮਾ ਨੂੰ ਛੇ ਮੈਂਬਰੀ ਕਮੇਟੀ ਵਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਬਲਦੇਵ ਸਿੰਘ ਜੀਰਾ ਨੇ ਅਚਾਨਕ ਪੈਦਾ ਹੋਏ ਕਾਰਨਾਂ ਦਾ ਹਵਾਲਾ ਦਿੰਦਿਆਂ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਅਸਮਰੱਥ ਹੋਣ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਦੋਵੇਂ ਫੋਰਮ 28 ਮਾਰਚ ਦੇ ਸੱਦੇ ਦਾ ਸਮਰਥਨ ਕਰਦੇ ਹਨ ਅਤੇ ਧਰਨਿਆਂ ਵਿੱਚ ਸ਼ਾਮਲ ਹੋਣਗੇ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਆਗੂਆਂ ਸਮੇਤ ਸਾਰੇ ਕਿਸਾਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ, ਜਗਜੀਤ ਸਿੰਘ ਡੱਲੇਵਾਲ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਣ ਦੀ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਦੇ ਨਾਲ ਨਾਲ ਕਿਸਾਨਾਂ ਦੇ ਸੰਦ ਅਤੇ ਸਾਜ਼ੋ ਸਾਮਾਨ ਵਾਪਸ ਕੀਤਾ ਜਾਵੇ। ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇ।