੍ਹ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਭਰਿਆ ਹੁੰਗਾਰਾ
ਨਵੀਂ ਦਿੱਲੀ, 28 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਬੀਤੇ ਦਿਨ ਕੇਂਦਰੀ ਖੁਰਾਕ ਮੰਤਰੀ ਰਾਮ ਬਿਲਾਸ ਪਾਸਵਾਨ ਨੂੰ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ ਸ੍ਰੀ ਪਾਸਵਾਨ ਦੁਆਰਾ ਪ੍ਰਵਾਨ ਕਰ ਲੈਣ ਦੇ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਅੱਜ ਇਸ ਪ੍ਰਸਤਾਵ ਨੂੰ ਸਹਿਮਤੀ ਦੇ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਅਦ ਦੁਪਹਿਰ ਇੱਥੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਕੀਤੀ ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਮੀਟਿੰਗ ਬਜਟ ਇਜਲਾਸ ਤੋਂ ਬਾਅਦ ਰੱਖੀ ਜਾ ਸਕਦੀ ਹੈ ਕਿਉਂ ਜੋ ਕੇਂਦਰ ਵੀ ਇਸ ਮਸਲੇ ਦਾ ਹਮੇਸ਼ਾ ਲਈ ਨਿਪਟਾਰਾ ਕਰਨਾ ਚਾਹੁੰਦਾ ਹੈ।
ਮੁੱਖ ਮੰਤਰੀ ਨੇ ਸ੍ਰੀਮਤੀ ਸੀਤਾਰਮਨ ਨੂੰ ਦੱਸਿਆ ਕਿ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਮੰਤਰੀ ਰਾਮ ਬਿਲਾਸ ਪਾਸਵਾਨ ਨੇ ਵੀ ਇਸ ਮਸਲੇ ‘ਤੇ ਸਾਂਝੀ ਮੀਟਿੰਗ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਵਿੱਤ ਮੰਤਰੀ ਨੇ ਇਸ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ ਹੈ।
ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਪੰਜਾਬ ਲਈ ਇਕ ਹੋਰ ‘ਏਮਜ਼’ ਐਲਾਨਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੀਆਂ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ ‘ਏਮਜ਼’ ਦੀ ਦੂਜੀ ਸੰਸਥਾ ਲੁਧਿਆਣਾ ਜਾਂ ਜਲੰਧਰ ਵਿਖੇ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਸੀਤਾਰਮਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧ ਵਿੱਚ ਇਕ ਰਸਮੀ ਤਜਵੀਜ਼ ਸੌਂਪਣ ਲਈ ਆਖਦਿਆਂ ਇਸ ਉਪਰ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਦੀ ਸਹੂਲਤ ਲਈ ਰਾਵੀ ਦਰਿਆ ‘ਤੇ ਪੁਲ ਦੀ ਉਸਾਰੀ ਲਈ ਪਾਕਿਸਤਾਨ ‘ਤੇ ਦਬਾਅ ਬਣਾਉਣ ਦੀ ਅਪੀਲ ਕੀਤੀ ਸੀ ਜਿਸ ਦਾ ਉਨ੍ਹਾਂ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ।
ਮੁੱਖ ਮੰਤਰੀ ਨੂੰ ਜਦੋਂ ਇਹ ਪੁੱਛਿਆ ਕਿ ਉਨ੍ਹਾਂ ਨੇ ਅੱਜ ਦੀ ਮੀਟਿੰਗ ਦੌਰਾਨ ਵਿੱਤ ਮੰਤਰੀ ਨਾਲ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇ ਮਾਮਲਾ ਉਠਾਇਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਸਲੇ ਨੂੰ ਅੱਜ ਨਹੀਂ ਵਿਚਾਰਿਆ ਗਿਆ ਪਰ ਉਨ੍ਹਾਂ ਨੇ ਪੰਜਾਬ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਇੱਥੋਂ ਦੇ ਸਰਹੱਦੀ ਇਲਾਕਿਆਂ ਵਿੱਚ ਵਸਦੇ ਲੋਕਾਂ ਦੀਆਂ ਵੱਖਰੀਆਂ ਲੋੜਾਂ ਅਤੇ ਨਾਜ਼ੁਕ ਸਥਾਨ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਕੀਤੀ ਹੋਈ ਹੈ।
ਮੁੱਖ ਮੰਤਰੀ ਨੇ ਵੀਰਵਾਰ ਤੋਂ ਨਵੇਂ ਬਣੇ ਕੇਂਦਰੀ ਮੰਤਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਪੰਜਾਬ ਦੇ ਮਸਲਿਆਂ ਦੀ ਗੱਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਮੰਤਰੀਆਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੰਗਾਂ ਪ੍ਰਤੀ ਸਾਕਾਰਾਤਮਕ ਹੁੰਗਾਰਾ ਭਰਿਆ ਹੈ।
ਇਸ ਮੌਕੇ ਮੁੱਖ ਮੰਤਰੀ ਨਾਲ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਰੈਜ਼ੀਡੈਂਟ ਕਮਿਸ਼ਨਰ ਰਾਖੀ ਭੰਡਾਰੀ ਹਾਜ਼ਰ ਸਨ।