ਅੰਮ੍ਰਿਤਸਰ: 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ 21 ਅਗਸਤ ਨੂੰ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਤੋਂ ਸ਼ਹੀਦੀ ਨਗਰ ਕੀਰਤਨ ਅਤੇ ਪੰਥਕ ਰਵਾਇਤਾਂ ਨਾਲ ਸ਼ੁਰੂ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਅਸਾਮ ਤੋਂ ਆਰੰਭ ਹੋ ਕੇ ਪੱਛਮੀ ਬੰਗਾਲ, ਝਾਰਖੰਡ, ਬਿਹਾਰ ਉੱਤਰ ਪ੍ਰਦੇਸ਼ ਅਤੇ ਹੋਰਨਾਂ ਰਾਜਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦਾ 21 ਤੋਂ 31 ਅਗਸਤ ਤੱਕ ਦਾ ਰੂਟ ਤਿਆਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਅਗਲੇ ਪ੍ਰੋਗਰਾਮ ਦਾ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਹੋਰ ਨਗਰ ਕੀਰਤਨ ਗੁਰਦੁਆਰਾ ਸਾਹਿਬ ਮਟਨ ਕਸ਼ਮੀਰ ਤੋਂ ਪੰਜ ਅਕਤੂਬਰ ਨੂੰ ਆਰੰਭ ਹੋਵੇਗਾ। ਉਹਨਾਂ ਦੱਸਿਆ ਕਿਸੇ ਤਰ੍ਹਾਂ ਤੀਸਰਾ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਵੇਗਾ, ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ੍ਰੀ ਕੀਰਤਪੁਰ ਸਾਹਿਬ ਪੁੱਜੇਗਾ।

ਪ੍ਰਧਾਨ ਧਾਮੀ ਨੇ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ ਗੱਦੀ ਦਿਵਸ ਸ਼ਤਾਬਦੀ ਮਨਾਈ ਜਾਵੇਗੀ ਅਤੇ 26 ਨਵੰਬਰ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹਨਾਂ ਨਗਰ ਕੀਰਤਨਾਂ ਤੇ ਸ਼ਤਾਬਦੀ ਸਮਾਗਮਾਂ ਵਿਚ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ ਨਿਰਮਲੇ, ਉਦਾਸੀ, ਸੇਵਾ ਪੰਥੀ ਸੰਪਰਦਾਵਾਂ, ਟਕਸਾਲਾਂ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਸ਼ਾਮਿਲ ਹੋਣਗੀਆਂ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਦੋ ਅਕਾਲੀ ਦਲ ਬਣਾਉਣ ਦੀ ਮਨਸ਼ਾ ਸੀ, ਜੋ ਕਿ ਪੂਰੀ ਹੋ ਗਈ ਹੈ। ਅੱਜ ਸਿੱਖ ਪੰਥ ਨੂੰ ਬਹੁਤ ਚੁਣੌਤੀਆਂ ਦਰਪੇਸ਼ ਹਨ, ਇਸ ਲਈ ਈਗੋ ਜਾਂ ਵਖਰੇਵੇਂ ਤਿਆਗ ਕੇ ਸਮੁੱਚੀ ਸਿੱਖ ਕੌਮ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬਲਦੇਵ ਸਿੰਘ ਕਾਇਮਪੁਰ ਆਦਿ ਵੀ ਹਾਜ਼ਰ ਸਨ। ਇਸ ਮੌਕੇ ਐਡਵੋਕੇਟ ਧਾਮੀ ਤੇ ਹੋਰਨਾਂ ਵਲੋਂ 350 ਸਾਲਾ ਸ਼ਤਾਬਦੀ ਨੂੰ ਸੰਬੰਧਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਅਤੇ ਸਿੱਖਿਆਵਾਂ ਸੰਬੰਧੀ ਵੱਖ-ਵੱਖ ਭਾਸ਼ਾਵਾਂ ਵਿਚ ਤਿਆਰ ਕੀਤਾ ਕਿਤਾਬਚਾ ਵੀ ਜਾਰੀ ਕੀਤਾ ਗਿਆ।