ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ਼ਰਧਾ ਅਤੇ ਸਤਿਕਾਰ ਦਾ ਅਦਭੁੱਤ ਸੰਗਮ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ ਤੜਕਸਾਰ ਤੋਂ ਹੀ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ । ਸਮੁੱਚੇ ਪਰਿਸਰ ਵਿੱਚ ‘ਸਤਿਨਾਮ ਵਾਹਿਗੁਰੂ’ ਦੇ ਜਾਪ ਗੂੰਜ ਰਹੇ ਹਨ ਅਤੇ ਸੰਗਤ ਪੂਰੀ ਚੜ੍ਹਦੀ ਕਲਾ ਨਾਲ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾ ਰਹੀ ਹੈ।
ਪ੍ਰਕਾਸ਼ ਪੁਰਬ ਦੀ ਸਵੇਰ ਤੋਂ ਹੀ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਆਸਥਾ ਦੀ ਡੁਬਕੀ ਲਗਾਈ ਅਤੇ ਲਾਈਨਾਂ ਵਿੱਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕੀਤੇ । ਦਰਬਾਰ ਸਾਹਿਬ ਅੰਦਰ ਚੱਲ ਰਹੇ ਇਲਾਹੀ ਗੁਰਬਾਣੀ ਕੀਰਤਨ ਦਾ ਸਰਵਣ ਕਰਕੇ ਸ਼ਰਧਾਲੂਆਂ ਨੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ ਅਤੇ ਗੁਰੂ ਚਰਨਾਂ ਵਿੱਚ ਆਪਣੇ ਪਰਿਵਾਰਾਂ ਸਮੇਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂ ਭਾਈ ਗੁਰਜੀਤ ਸਿੰਘ ਅਤੇ ਭਾਈ ਸੁਖਮੀਤ ਸਿੰਘ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਪਹਿਲੀ ਪਾਤਸ਼ਾਹੀ ਨੇ ਹਮੇਸ਼ਾ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ ਹੈ। ਇਸ ਸੰਦੇਸ਼ ’ਤੇ ਚੱਲ ਕੇ ਹੀ ਸਮੁੱਚੀ ਮਨੁੱਖਤਾ ਦਾ ਭਲਾ ਸੰਭਵ ਹੈ।
ਇਸ ਵਿਸ਼ਾਲ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਲਈ ਪੁਖ਼ਤਾ ਅਤੇ ਉੱਚ ਪੱਧਰੀ ਪ੍ਰਬੰਧ ਕੀਤੇ ਗਏ ਹਨ। ਪਰਿਵਾਰਾਂ ਸਮੇਤ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਉੱਧਰ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਵੀ ਵੱਡੀ ਗਿਣਤੀ ਵਿੱਚ ਜਥੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ। ਗੁਰਪੁਰਬ ਦੇ ਮੌਕੇ ’ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਵਿਸ਼ੇਸ਼ ਤੌਰ ’ਤੇ ‘ਜਲੌ ਸਾਹਿਬ’ ਸਜਾਏ ਜਾਣਗੇ। ਇਨ੍ਹਾਂ ਜਲੌ ਸਾਹਿਬ ਵਿੱਚ ਇਤਿਹਾਸਕ ਅਤੇ ਬੇਸ਼ਕੀਮਤੀ ਗਹਿਣਿਆਂ ਤੇ ਸ਼ਸਤਰਾਂ ਦੇ ਦਰਸ਼ਨ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿੰਦੇ ਹਨ।
ਪੂਰੇ ਦਰਬਾਰ ਸਾਹਿਬ ਪਰਿਸਰ ਨੂੰ ਦੇਸ਼-ਵਿਦੇਸ਼ ਤੋਂ ਮੰਗਵਾਏ ਗਏ ਸੁਗੰਧਿਤ ਫੁੱਲਾਂ ਅਤੇ ਆਧੁਨਿਕ ਰੰਗ-ਬਿਰੰਗੀਆਂ ਲਾਈਟਾਂ ਨਾਲ ਦੁਲਹਨ ਵਾਂਗ ਸਜਾਇਆ ਗਿਆ ਹੈ। ਅੱਜ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਮੁੱਚੇ ਪਰਿਸਰ ਵਿੱਚ ਦੇਸੀ ਘਿਓ ਦੇ ਦੀਵਿਆਂ ਅਤੇ ਮੋਮਬੱਤੀਆਂ ਨਾਲ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਇਸ ਤੋਂ ਬਾਅਦ ਰਾਤ ਨੂੰ ਹੋਣ ਵਾਲੀ ਆਤਿਸ਼ਬਾਜ਼ੀ ਦਾ ਮਨਮੋਹਕ ਨਜ਼ਾਰਾ ਅਸਮਾਨ ਨੂੰ ਰੌਸ਼ਨ ਕਰੇਗਾ।














