ਪਟਿਆਲਾ, 27 ਜਨਵਰੀ: ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਸਿੱਖਿਆ, ਸਿਹਤ ਅਤੇ ਸੜਕਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸ੍ਰੀ ਸਿੰਗਲਾ ਨੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਤਿਰੰਗਾ ਲਹਿਰਉਣ ਦੀ ਰਸਮ ਅਦਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਸਮੇਤ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਗਣਤੰਤਰ ਦਿਵਸ ਸਮਾਗਮ ਨੂੰ ਸੰਬੋਧਨ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਦੌਰਾਨ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਅਤੇ ਪੰਜਾਬ ਦੇ ਮਹਾਨ ਸਪੂਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਕਰਤਾਰ ਸਿੰਘ ਸਰਾਭਾ ਅਤੇ ਮਦਨ ਲਾਲ ਢੀਂਗਰਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਭਾਰਤੀ ਫ਼ੌਜ, ਅਰਧ ਸੈਨਿਕ ਬਲਾਂ ਤੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਇਸ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ।
ਸ੍ਰੀ ਸਿੰਗਲਾ ਨੇ ਆਪਣੀ ਜਨਮ ਭੂਮੀ ਪਟਿਆਲਾ ਨਾਲ ਆਪਣੀ ਸਾਂਝ ਸਮੇਤ ਆਪਣੇ ਪਿਤਾ ਸਵਰਗੀ ਸ੍ਰੀ ਸੰਤ ਰਾਮ ਸਿੰਗਲਾ ਦਾ ਭਾਵੁਕਤਾ ਨਾਲ ਜਿਕਰ ਕਰਦਿਆਂ ਦੱਸਿਆ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਲੋਕ ਸਭਾ ਸ੍ਰੀਮਤੀ ਪਰਨੀਤ ਕੌਰ ਦੀ ਅਗਵਾਈ ਅਤੇ ਆਸ਼ੀਰਵਾਦ ਸਦਕਾ ਇਸ ਮੁਕਾਮ ‘ਤੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਪੰਜਾਬੀਆਂ ਦੀਆਂ ਭਾਵਨਾਵਾਂ ‘ਤੇ ਪੂਰਾ ਉਤਰਦਿਆਂ ਪਟਿਆਲਾ ਸਮੇਤ ਸਮੁੱਚੇ ਪੰਜਾਬ ਦੀ ਚੜ੍ਹਦੀ ਕਲਾ, ਤਰੱਕੀ ਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਇਆ ਹੈ ਅਤੇ ਹੁਣ ਉਨ੍ਹਾਂ ਦੀ ਅਗਵਾਈ ਸੂਬਾ ਸਰਕਾਰ ਨੇ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਅਹਿਮ ਫੈਸਲੇ ਕੀਤੇ ਹਨ।
ਸੂਬਾ ਸਰਕਾਰ ਵੱਲੋਂ ਚੁੱਕੇ ਗਏ ਅਹਿਮ ਕਦਮਾਂ ਤੋਂ ਜਾਣੂ ਕਰਵਾਉਂਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਿੱਥੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਉਥੇ ਹੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ 70 ਪਿੰਡਾਂ ਦੇ ਵਿਕਾਸ ਲਈ 300 ਕਰੋੜ ਰੁਪਏ ਖਰਚੇ। ਜਦੋਂਕਿ ਸ੍ਰੀ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਲਈ 271 ਕਰੋੜ ਰੁਪਏ ਖਰਚੇ ਗਏ ਅਤੇ ਪ੍ਰਕਾਸ਼ ਪੁਰਬ ਮਾਰਗ ਲਈ (ਸੁਲਤਾਨਪੁਰ ਲੋਧੀ) ਲਈ 102 ਕਰੋੜ ਖਰਚਣ ਸਮੇਤ ਬੇਬੇ ਨਾਨਕੀ ਯੂਨੀਵਰਸਿਟੀ ਦੀ ਸਥਾਪਨਾ ਦਾ ਫੈਸਲਾ ਕੀਤਾ।
ਪਟਿਆਲਾ ਦੇ ਸਰਵਪੱਖੀ ਵਿਕਾਸ ਸਮੇਤ ਸਿਹਤ, ਸਿੱਖਿਆ ਤੇ ਸੜਕਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਉਪਰਾਲਿਆਂ ਦਾ ਜਿਕਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 6000 ਅਧਿਆਪਕਾਂ ਦੀਆਂ ਨਵੀਂਆਂ ਅਸਾਮੀਆਂ ਨੂੰ ਮੰਤਰੀ ਮੰਡਲ ਨੇ ਮਨਜੂਰੀ ਦੇ ਦਿੱਤੀ ਹੈ ਅਤੇ ਕਿਸੇ ਸਕੂਲ ‘ਚ ਕੋਈ ਅਸਾਮੀ ਖਾਲੀ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਧਿਆਪਕਾਂ ਦੀ ਤਬਾਦਲਾ ਨੀਤੀ ਬਣਾ ਕੇ ਪਾਰਦਰਸ਼ਤਾ ਲਿਆਂਦੀ ਅਤੇ ਰੈਸ਼ਨੇਲਾਈਜੇਸ਼ਨ ਨੀਤੀ ਲਾਗੂ ਕੀਤੀ ਗਈ। ਜਦੋਂਕਿ ਰਾਜ ਦੇ 9000 ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ 8000 ਪ੍ਰਾਜੈਕਟਰ ਅਤੇ 1000 ਸੋਲਰ ਪੈਨਲਾਂ ਸਮੇਤ 1000 ਬਾਇਉਮੀਟ੍ਰਿਕ ਲਗਾਏ ਗਏ ਹਨ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਨੇ 150 ਕਰੋੜ ਰੁਪਏ ਖਰਚਕੇ ਰਾਜਿੰਦਰਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਸੁਪਰ ਸੁਪਰ-ਸਪੈਸ਼ਲਿਟੀ ਬਲਾਕ ਉਸਾਰਿਆ ਹੈ। ਜਦੋਂਕਿ ਮੈਡੀਕਲ ਕਾਲਜ ਰਜਿੰਦਰਾ ਹਸਪਤਾਲ ਦੇ ਨਵੀਨੀਕਰਨ ਲਈ 44 ਕਰੋੜ, ਨਰਸਿੰਗ ਹਾਸਟਲ ਲਈ 7 ਕਰੋੜ ਅਤੇ ਡੈਂਟਲ ਬਲਾਕ ਲਈ 4 ਕਰੋੜ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ 45.89 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਵਿੱਚ ਸ਼ਾਮਿਲ ਕਰਨ ਸਮੇਤ ਸਰਕਾਰ ਵਲੋਂ ਜਿਲ੍ਹਾ ਸੰਗਰੂਰ ਵਿਖੇ ਹੋਮੀ ਭਾਭਾ ਕੈਂਸਰ ਕੇਅਰ ਫੈਸਿਲਟੀ ਸ਼ੁਰੂ ਕਰਕੇ ਕੈਂਸਰ ਜਾਂਚ ਅਤੇ ਇਲਾਜ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਯਤਨਾ ਬਾਰੇ ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਨੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪਟਿਆਲਾ ‘ਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਕੀਤੀ। ਲੋਕ ਨਿਰਮਾਣ ਮੰਤਰੀ ਨੇ ਪਟਿਆਲਾ ਦੇ ਵਿਕਾਸ ਬਾਰੇ ਦੱਸਿਆ ਕਿ 65 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ ਅਰਬਨ ਮਿਸ਼ਨ ਤਹਿਤ 81 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਗਈ। ਜਦੋਂਕਿ 5 ਕਰੋੜ ਰਜਿੰਦਰਾ ਝੀਲ ਤੇ ਸ਼ੀਸ਼ ਮਹਿਲ ਝੀਲ ਦੇ ਪ੍ਰਜੈਕਟਾਂ ਲਈ ਅਤੇ 7.34 ਕਰੋੜ ਗੰਦੇ ਨਾਲੇ ਨੂੰ ਚੈਨੇਲਾਇਜ਼ ਕਰਨ ਲਈ ਅਤੇ ਸ਼ਹਿਰ ‘ਚ ਪਾਰਕਿੰਗਾਂ ਲਈ 11 ਕਰੋੜ ਜਾਰੀ ਕੀਤੇ ਗਏ। ਜਦੋਂਕਿ ਪਟਿਆਲਾ ਲੋਕ ਸਭਾ ਅਧੀਨ ਪੈਂਦੇ ਸਕੂਲਾਂ ‘ਚ ਖੇਡ ਮੈਦਾਨ ਬਨਾਉਣ ਲਈ 4.96ਕਰੋੜ ਰੁਪਏ ਜਾਰੀ ਕੀਤੇ ਹਨ। 66 ਸਕੂਲਾਂ ਵਿੱਚ ਸੋਲਰ ਪੈਨਲ ਲਗਾਉਣ ਲਈ 2.15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਟਿਆਲਾ ਦੇ 266 ਸਕੂਲਾਂ ਵਿੱਚ ਪ੍ਰੋਜੈਕਟਰ ਦਾ ਕੰਮ ਸ਼ੁਰੂ ਹੋ ਚੁੱਕਾ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ 2376 ਨਵੇਂ ਕਲਾਸ ਰੂਮ ਬਣਾਉਣ ਲਈ 37.63 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਅਤੇ 202 ਨਵੀਆਂ ਲਾਇਬ੍ਰੇਰੀਆਂ ਬਣਾਉਣ ਲਈ 1908.70 ਲੱਖ ਰੁਪਏ ਦੀ ਮਨਜੂਰੀ ਦਿੱਤੀ ਹੈ। 101 ਨਵੀਆਂ ਸਾਇੰਸ ਲੈਬਜ ਬਣਾਉਣ ਲਈ 846.01 ਲੱਖ ਰੁਪਏ ਦੀ ਮਨਜੂਰੀ ਦਿੱਤੀ, ਆਰਟ ਐਂਡ ਕਰਾਫਟ ਵਾਲੇ ਵਿਦਿਆਰਥੀਆਂ ਲਈ 353 ਨਵੇਂ ਕਮਰੇ ਬਣਾਉਣ ਲਈ 2498.15 ਲੱਖ ਰੁਪਏ ਦੀ ਮਨਜੂਰੀ ਦਿੱਤੀ। 3500 ਪ੍ਰਾਇਮਰੀ ਸਕੂਲਾਂ ਵਿੱਚ 7145 ਗ੍ਰੀਨ ਬੋਰਡ ਲਗਾ ਦਿੱਤੇ ਗਏ ਹਨ ਤੇ ਜਲਦੀ ਹੀ 8500 ਹੋਰ ਪ੍ਰਾਇਮਰੀ ਸਕੂਲਾਂ ਵਿੱਚ 17000 ਗ੍ਰੀਨ ਬੋਰਡ ਅੰਡਰ ਪ੍ਰੋਸੈਸ ਹਨ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਬੱਚਿਆਂ ਦੇ ਬੈਠਣ ਲਈ ਪ੍ਰਾਇਮਰੀ ਸਕੂਲਾਂ ਵਿੱਚ 68000 ਨਵੇਂ ਡਿਊਲ ਡੈਸਕ ਲਗਾਏ ਗਏ ਹਨ ਅਤੇ ਜਲਦੀ ਹੀ 4876 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਲਈ ਜੋ ਵੀ ਫਰਨੀਚਰ ਦੀ ਕਮੀ ਹੈ ਉਸਦਾ ਕੰਮ ਵੀ ਫਰਵਰੀ ਦੇ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ। ਰਿਪੇਅਰ ਅਤੇ ਮੈਨਟੇਨੈਂਸ ਲਈ 59 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ 880 ਸਕੂਲਾਂ ਵਿੱਚ ਸੋਲਰ ਪੈਨਲ ਲਗਾਉਣ ਲਈ 30.88 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਿਸਦਾ ਕੰਮ ਆਉਣ ਵਾਲੇ 100 ਦਿਨਾਂ ਦੇ ਵਿੱਚ ਮੁਕੰਮਲ ਹੋ ਜਾਵੇਗਾ। ਪੂਰੇ ਸੂਬੇ ਦੇ ਸੈਕੰਡਰੀ, ਹਾਈ ਅਤੇ ਪ੍ਰਾਇਮਰੀ ਸਕੂਲਾਂ ਵਿੱਚ 8061 ਪ੍ਰੋਜੈਕਟਰ ਲਗਾਉਣ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। 333 ਸਕੂਲਾਂ ਵਿੱਚ 3107 ਕੰਪਿਊਟਰ ਇੰਸਟਾਲ ਕਰਨ ਦਾ ਕੰਮ ਵੀ ਫਰਵਰੀ ਦੇ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ। ਸਰਹੱਦੀ ਖੇਤਰ ਵਿੱਚ ਅਧਿਆਪਕਾਂ ਦਾ ਵੱਖਰਾ ਕਾਡਰ ਅਤੇ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਐਨ.ਸੀ.ਸੀ. ਦੀ ਸਿਖਲਾਈ ਲਾਜ਼ਮੀ ਕੀਤੀ ਹੈ।
ਲੋਕ ਨਿਰਮਾਣ ਮੰਤਰੀ ਨੇ ਹੋਰ ਦੱਸਿਆ ਕਿ 1221 ਕਰੋੜ ਦੀ ਲਾਗਤ ਨਾਲ 2559 ਕਿਲੋਮੀਟਰ ਸੜਕਾਂ ਦੀ ਅਪਗ੍ਰੇਡੇਸ਼ਨ ਸਮੇਤ 610 ਕਰੋੜ ਰੁਪਏ ਦੀ ਲਾਗਤ ਨਾਲ 27 ਲੋਕੇਸ਼ਨ ‘ਤੇ ਰੇਲਵੇ ਅੰਡਰ ਤੇ ਓਵਰ ਬਰਿੱਜ ਉਸਾਰੇ ਜਾਣਗੇ। ਜਦੋਂ ਕਿ 3587 ਕਰੋੜ ਦੀ ਲਾਗਤ ਨਾਲ 142 ਕਿਲੋਮੀਟਰ ਨੈਸ਼ਨਲ ਹਾਈਵੇ ਪ੍ਰਗਤੀ ਅਧੀਨ।ਮੰਤਰੀ ਨੇ ਦਿਹਾਤੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਕੈਪਟਨ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਦੱਸਿਆ ਕਿ 199 ਕਰੋੜ ਦੀ ਲਾਗਤ ਨਾਲ ਸੀਆਰਐਫ ਸਕੀਮ ਅਧੀਨ 200 ਕਿਲੋਮੀਟਰ ਸੜਕਾਂ ਦੀ ਅਪਗ੍ਰੇਡੇਸ਼ਨ ਸਮੇਤ 2500 ਕਰੋੜ ਦੀ ਪੇਂਡੂ ਮੰਡੀਆਂ ਨੂੰ ਜੋੜਦੀਆਂ 3300 ਕਿਲੋਮੀਟਰ ਸੜਕਾਂ ਦੀ ਯੋਜਨਾ ਹੈ।
ਸੂਬਾ ਸਰਕਾਰ ਵੱਲੋਂ ਨੌਜਵਾਨਾਂ ਅਤੇ ਕਿਸਾਨਾਂ ‘ਤੇ ਧਿਆਨ ਕੇਂਦਰਿਤ ਕਰਨ ਦਾ ਜ਼ਿਕਰ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇਕਰ ਨੌਜਵਾਨ ਤੇ ਕਿਸਾਨ ਖੁਸ਼ਹਾਲ ਹੋਣਗੇ ਤਾਂ ਸੂਬਾ ਤਰੱਕੀ ਤੇ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਛੂਹੇਗਾ। ਉਨ੍ਹਾਂ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਹੁਣ ਤੱਕ ਹੋਈ ਕਾਰਵਾਈ ਉੱਤੇ ਤਸੱਲੀ ਜ਼ਾਹਰ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਲਾਹਨਤ ਦਾ ਲੱਕ ਤੋੜ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੁਗਾ ਦਿੱਤਾ ਹੈ ਅਤੇ ਹੁਣ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਨਸ਼ਿਆਂ ਦੀ ਬੁਰਾਈ ਦਾ ਜੜ ਤੋਂ ਖਾਤਮਾ ਕਰਨ ਲਈ ਕੈਪਟਨ ਸਰਕਾਰ ਦਾ ਪੂਰਾ ਸਾਥ ਦੇਣ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਵਲੋਂ ਡੈਂਪੋ ਅਤੇ ਬਡੀ ਪ੍ਰੋਗਰਾਮ ਸ਼ੁਰੂ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿਚੋਂ 5 ਲੱਖ ਦੇ ਕਰੀਬ ਵਲੰਟੀਅਰ ਰਜਿਸਟਰ ਕਰਨਾ ਤੇ ਸੂਬੇ ਵਿੱਚ 35 ਨਸ਼ਾ ਛਡਾਊ ਕੇਂਦਰ ਅਤੇ ਕੇਂਦਰੀ ਜੇਲ੍ਹਾਂ ਵਿੱਚ 9 ਨਸ਼ਾਂ ਛਡਾਊ ਕੇਂਦਰ 106 ਪ੍ਰਾਈਵੇਟ ਨਸ਼ਾ ਛਡਾਊ ਕੇਂਦਰ ਮੁਹਈਆ ਕਰਵਾਏ ਹਨ। ਇਸ ਪਹਿਲ ਕਦਮੀ ਤੇ 104 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਨਸ਼ਾਂ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਗੈਂਗਸਟਰਾਂ ਦਾ ਖਾਤਮਾ ਕੀਤਾ ਹੈ, ਜਿਸ ਲਈ ਪੰਜਾਬ ਪੁਲਿਸ ਵਧਾਈ ਦੀ ਪਾਤਰ ਹੈ, ਕਿਉਂਕਿ ਅਜਿਹਾ ਕਰਕੇ ਸਰਕਾਰ ਨੇ ਸੂਬੇ ‘ਚ ਨਿਵੇਸ਼ ਲਈ ਸੁਖਾਵਾਂ ਮਾਹੌਲ ਸਿਰਜਿਆ ਹੈ।
ਕਿਸਾਨਾਂ ਲਈ ਲਾਗੂ ਕੀਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਬਿਨਾਂ ਕਿਸੇ ਵਿਤਕਰੇ ਤੋਂ ਪਹਿਲੇ ਦੋ ਪੜਾਵਾਂ ਵਿੱਚ 4.1 ਲੱਖ ਕਿਸਾਨਾਂ ਨੂੰ 3500 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਤੀਜੇ ਪੜਾਅ ਵਿੱਚ 142260 ਕਿਸਾਨਾਂ ਨੂੰ 1009 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਤੇ ਉਨ੍ਹਾਂ ਦੱਸਿਆ ਕਿ ਚੌਥਾ ਪੜਾਅ ਵੀ ਛੇਤੀ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਵਪਾਰਕ ਬੈਂਕਾਂ ਦੇ ਦੋ ਏਕੜ ਤੋਂ ਵੱਧ ਵਾਲੇ ਜ਼ਮੀਨ ਵਾਲੇ ਕਿਸਾਨ ਸ਼ਾਮਲ ਹੋਣਗੇ।
ਨੌਜਵਾਨਾਂ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਨੂੰ ਗਿਣਾਉਂਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪ੍ਰਾਈਵੇਟ, ਸਰਕਾਰੀ ਅਤੇ ਸਵੈ-ਰੁਜ਼ਗਾਰ ਦੀਆਂ ਸਕੀਮਾਂ ਤਹਿਤ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਇਆ ਹੈ। ਮੰਤਰੀ ਨੇ ਕਿਹਾ ਕਿ ਵਿੱਤੀ ਤੰਗੀ ਦੇ ਬਾਵਜੂਦ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਸਮੇਤ ਵਿਕਾਸ ਲਈ ਖਰਚ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ, ਕਾਲਜਾਂ ਨੂੰ ਆਪਣੇ ਅਖ਼ਤਿਆਰੀ ਫ਼ੰਡ ਵਿੱਚੋਂ 10 ਹਜ਼ਾਰ ਰੁਪਏ ਪ੍ਰਤੀ ਸਕੂਲ, ਕਾਲਜ ਵੀ ਦੇਣ ਦਾ ਐਲਾਨ ਕੀਤਾ। ਸ੍ਰੀ ਸਿੰਗਲਾ ਨੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਵਾਲੇ ਸਰਕਾਰੀ ਸਕੂਲਾਂ ‘ਚ ਸੋਮਵਾਰ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਮੰਤਰੀ ਸ੍ਰੀ ਸਿੰਗਲਾ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵੱਲੋਂ ਸਮਾਗਮ ‘ਚ ਹਾਜ਼ਰ ਆਜ਼ਾਦੀ ਘੁਲਾਟੀਆਂ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟ੍ਰਾਈਸਾਇਕਲ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਤੋਂ ਬਿਨ੍ਹਾਂ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਵੀ ਮਿਲੇ। ਮੰਤਰੀ ਸ੍ਰੀ ਸਿੰਗਲਾ ਨੇ ਵੱਖ-ਵੱਖ ਖੇਤਰਾਂ ਵਿੱਚ ਉੱਘਾ ਯੋਗਦਾਨ ਪਾਉਣ ਵਾਲੀਆਂ ਸਖ਼ਸੀਅਤਾਂ, ਜਿਨ੍ਹਾਂ ਵਿੱਚ ਖਿਡਾਰੀ, ਵਿਦਿਆਰਥੀ, ਡੈਪੋ, ਬਡੀਜ, ਪੰਚਾਇਤਾਂ, ਅਧਿਕਾਰੀ ਤੇ ਸਮਾਜ ਸੇਵੀਆਂ ਸਮੇਤ ਪਹਿਲੇ ਤੇ ਦੂਜੇ ਸਥਾਨ ‘ਤੇ ਆਉਣ ਵਾਲਿਆਂ ਸਮੇਤ ਪਰੇਡਾਂ ਅਤੇ ਝਾਕੀਆਂ ਦਾ ਵੀ ਸਨਮਾਨ ਕੀਤਾ।
ਇਸ ਤੋਂ ਪਹਿਲਾਂ ਪਰੇਡ ਕਮਾਂਡਰ ਡੀ.ਐਸ.ਪੀ. ਪ੍ਰੋਬੇਸ਼ਨਰ ਸ. ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ, ਹੋਮ ਗਾਰਡਜ, ਐਨ.ਸੀ.ਸੀ. ਏਅਰ ਵਿੰਗ ਤੇ ਆਰਮੀ ਵਿੰਗ, ਗਰਲਜ ਬਟਾਲੀਅਨ, ਸੈਂਟ ਜੌਨ੍ਹ ਐਂਬੂਲੈਂਸ ਰੈਡ ਕਰਾਸ, ਗਰਲਜ ਗਾਈਡ, ਸਕਾਊਟ ਤੇ ਫਰਸਟ ਆਈ.ਆਰ.ਬੀ. ਪਟਿਆਲਾ ਪਾਈਪ ਬੈਂਡ ਨੇ ਪਰੇਡ ‘ਚ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਸਮੇਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਦੀ ਦਿਲਕਸ਼ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਵੱਲੋਂ ਸੁਨਣ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਨਾਲ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ, ਜਿਨ੍ਹਾਂ ਲਈ ਬੈਠਣ ਵਾਸਤੇ ਵੱਖਰਾ ਬਲਾਕ ਬਣਾਇਆ ਗਿਆ ਸੀ।
ਇਸ ਦੌਰਾਨ ਸਬ ਡਵੀਜ਼ਨ ਪਾਤੜਾਂ ਵਿਖੇ ਐਸ.ਡੀ.ਐਮ.ਸ਼੍ਰੀਮਤੀ ਪਲਿਕਾ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਸਬ ਡਵੀਜ਼ਨ ਨਾਭਾ ਵਿਖੇ ਐਸ.ਡੀ.ਐਮ. ਸ਼੍ਰੀ ਸੂਬਾ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਬ ਡਵੀਜ਼ਨ ਰਾਜਪੁਰਾ ਵਿਖੇ ਐਸ.ਡੀ.ਐਮ. ਰਾਜਪੁਰਾ ਸ਼੍ਰੀ ਸ਼ਿਵ ਕੁਮਾਰ ਨੇ ਝੰਡਾ ਲਹਿਰਾਇਆ। ਸਬ ਡਵੀਜ਼ਨ ਸਮਾਣਾ ਵਿਖੇ ਐਸ.ਡੀ.ਐਮ. ਸਮਾਣਾ ਸ਼੍ਰੀ ਨਮਨ ਵਿਖੇ ਝੰਡਾ ਲਹਿਰਾਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਪੋਲੋ ਗਰਾਊਂਡ ਮੌਕੇ ਹੋਏ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰ ਸਮੇਤ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਵਿਧਾਇਕ ਸ. ਰਜਿੰਦਰ ਸਿੰਘ, ਸ੍ਰੀ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਸ੍ਰੀ ਵਿਜੈ ਇੰਦਰ ਸਿੰਗਲਾ ਦੇ ਮਾਤਾ ਸ੍ਰੀਮਤੀ ਊਸ਼ਾ ਸਿੰਗਲਾ, ਸੁਪਤਨੀ ਸ੍ਰੀਮਤੀ ਦੀਮਾ ਸਿੰਗਲਾ ਬੇਟੀ ਗੌਰੀ ਸਿੰਗਲਾ, ਭਰਾ ਸ੍ਰੀ ਵਿਨੋਦ ਸਿੰਗਲਾ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਪੰਜਾਬ ਸਟੇਟ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਬੀ.ਐਸ. ਘੁੰਮਣ, ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉਪਕੁਲਪਤੀ ਲੈਫ. ਜਨਰਲ ਰਿਟਾ. ਜੇ.ਐਸ. ਚੀਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਅਤੇ ਸ੍ਰੀ ਰਾਜੇਸ਼ ਕੁਮਾਰ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸੰਤੋਖ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਸੰਤ ਲਾਲ ਬਾਂਗਾ, ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਕੇ.ਕੇ. ਸਹਿਗਲ, ਸ੍ਰੀ ਅਨਿਲ ਮਹਿਤਾ, ਡਾ. ਦਰਸ਼ਨ ਸਿੰਘ ਘੁੰਮਣ, ਸ੍ਰੀ ਸੁਖਦੇਵ ਮਹਿਤਾ, ਸ. ਰਣਜੀਤ ਸਿੰਘ ਨਿੱਕੜਾ, ਸ. ਰਵਿੰਦਰ ਪਾਲ ਸਿੰਘ ਸਵੀਟੀ, ਸ. ਤੇਜਿੰਦਰ ਪਾਲ ਸਿੰਘ ਸੰਧੂ, ਸ੍ਰੀ ਬਹਾਦਰ ਖਾਨ, ਸ੍ਰੀ ਨਰੇਸ਼ ਦੁੱਗਲ, ਸ੍ਰੀ ਨੰਦ ਲਾਲ ਗੁਰਾਬਾ ਸ੍ਰੀ ਵੇਦ ਕਪੂਰ, ਮਨਮੋਹਨ ਅਰੋੜਾ, ਪਨਸਪ ਦੇ ਵਾਈਸ ਚੇਅਰਮੈਨ ਸ੍ਰੀ ਕ੍ਰਿਸ਼ਨ ਚੰਦ ਬੁੱਧੂ, ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ ਸ੍ਰੀ ਪਵਨ ਡਾਬੀ, ਯੂਥ ਕਾਂਗਰਸ ਪ੍ਰਧਾਨ ਸ੍ਰੀ ਅਨੁਜ ਖੋਸਲਾ, ਸ੍ਰੀ ਸੰਦੀਪ ਮਲਹੋਤਰਾ, ਪਟਿਆਲਾ ਦੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਅਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਡਵੀਜਨਲ ਕਮਿਸ਼ਨਰ ਸ. ਦੀਪਿੰਦਰ ਸਿੰਘ, ਆਈ.ਜੀ. ਸ. ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਡਾ. ਸੁਖਮੀਨ ਕੌਰ ਸਿੱਧੂ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਪੁੱਡਾ ਦੇ ਚੀਫ ਐਡਮਨਿਸਟ੍ਰੇਟਰ ਸ੍ਰੀਮਤੀ ਸੁਰਭੀ ਮਲਿਕ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਟੀ. ਬੈਨਿਥ, ਐਸ.ਪੀ. ਸਥਾਨਕ ਸ. ਨਵਨੀਤ ਸਿੰਘ ਬੈਂਸ, ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਪੀ. ਜਾਂਚ ਸ. ਹਰਮੀਤ ਸਿੰਘ ਹੁੰਦਲ, ਐਸ.ਪੀ. ਸਿਟੀ ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮਿਸ ਇਨਾਇਤ, ਸੰਯੁਕਤ ਕਮਿਸ਼ਨਰ ਸ੍ਰੀ ਲਾਲ ਵਿਸ਼ਵਾਸ਼ ਤੇ ਸ੍ਰੀ ਅਵਿਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਜ਼ਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ, ਪੰਚ-ਸਰਪੰਚ, ਸ਼ਹਿਰ ਦੇ ਵੱਡੀ ਗਿਣਤੀ ਕੌਂਸਲਰ, ਪਟਿਆਲਾ ਵਾਸੀ ਅਤੇ ਸਕੂਲੀ ਵਿਦਿਆਰਥੀਆਂ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।