ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹਸਪਤਾਲ ਵਿੱਚ ਦਾਖ਼ਲ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਇਸ ਮਾਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ। ਇਨ੍ਹਾਂ ‘ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ 12 ਲੋਕ ਅਜੇ ਵੀ ਗੰਭੀਰ ਹਨ।

ਬੁੱਧਵਾਰ ਨੂੰ ਸੰਗਰੂਰ ਦੇ ਪਿੰਡ ਗੁੱਜਰਾਂ ਦੇ ਰਹਿਣ ਵਾਲੇ ਜਗਜੀਤ ਸਿੰਘ (26), ਪ੍ਰਗਟ ਸਿੰਘ (46), ਭੋਲਾ ਸਿੰਘ (58) ਅਤੇ ਲਾਡੀ (37) ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਤੋਂ ਸਦਮੇ ਵਿੱਚ ਆਏ ਪਰਗਟ ਸਿੰਘ ਦੇ ਜੁੜਵਾ ਭਰਾ ਨਿਰਮਲ ਸਿੰਘ ਦੀ ਵੀ ਕੱਲ੍ਹ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਸ਼ਰਾਬ ਪੀਣ ਕਾਰਨ ਬਿਮਾਰ ਪਏ ਹੋਰ 4 ਵਿਅਕਤੀਆਂ ਗੁੱਜਰਾਂ ਵਾਸੀ ਵੀਰਪਾਲ ਸਿੰਘ, ਸਤਨਾਮ ਸਿੰਘ, ਢੰਡੋਲੀ ਖੁਰਦ ਵਾਸੀ ਕੁਲਦੀਪ ਸਿੰਘ ਅਤੇ ਜੰਟਾ ਸਿੰਘ ਨੂੰ ਪਟਿਆਲਾ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਹੁਣ ਤੱਕ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ (ਕਤਲ) ਅਤੇ ਆਬਕਾਰੀ ਐਕਟ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਬਣਾਈ ਹੈ। ਪੁਲਿਸ ਵੱਲੋਂ ਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਵੱਖਰੀ ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਡੀਐਸਪੀ-ਡੀ ਅਤੇ ਡੀਐਸਪੀ ਦਿੜਬਾ ਵੀ ਜਾਂਚ ਵਿੱਚ ਸਹਿਯੋਗ ਕਰਨਗੇ।