ਅੰਮ੍ਰਿਤਸਰ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਅੱਜ ਅੰਮ੍ਰਿਤਸਰ ਤੋਂ ਰਵਾਨਾ ਹੋਇਆ। ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਦੀ ਗੂੰਜ ਦੇ ਵਿਚਕਾਰ ਸ਼ਰਧਾਲੂਆਂ ਨੇ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ।
ਸ਼ਰਧਾਲੂਆਂ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਦੇ ਜੀਵਨ ਦਾ ਇੱਕ ਵੱਡਾ ਸੁਪਨਾ ਸੀ, ਜੋ ਹੁਣ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰ੍ਹਿਆਂ ਤੋਂ ਜਿਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸ ਕਰਦੇ ਆ ਰਹੇ ਸਨ, ਅੱਜ ਉਹ ਅਵਸਰ ਪ੍ਰਾਪਤ ਹੋਇਆ ਹੈ।
ਦੱਸ ਦਈਏ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਸਨ, ਉਨ੍ਹਾਂ ਨੇ ਬੀਤੇ ਕੱਲ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਮੈਂਬਰ ਗੁਰਮੀਤ ਸਿੰਘ ਬੂਹ ਜਾਣਗੇ।
ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 561 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 541 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 82, 85, 86, 102, 125, 138, 182, 183, 240, 251, 293, 329, 330, 331, 352, 395, 438, 439, 440, 441 ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਕਰੇਗਾ, ਜੋ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸ਼ਹੀਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤੇਗਾ।
