2026-27 ਲਈ ਗੰਨੇ ਦਾ ਭਾਅ ਵਧਾ ਕੇ ਕੀਤਾ ₹431 ਪ੍ਰਤੀ ਕੁਇੰਟਲ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ… ਖ਼ਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜਿਨ੍ਹਾਂ ਦੀ ਰੋਜ਼ੀ-ਰੋਟੀ ਗੰਨੇ ਦੀ ਫ਼ਸਲ ਨਾਲ ਜੁੜੀ ਹੋਈ ਹੈ। ਕਿਉਂਕਿ ਹੁਣ ਗੰਨਾ ਵੇਚਣ ‘ਤੇ ਕਿਸਾਨਾਂ ਨੂੰ ਪਹਿਲਾਂ ਨਾਲੋਂ ਵੱਧ ਪੈਸੇ ਮਿਲਣਗੇ। ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ 2026-27 ਦੇ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਪੂਰੇ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਹੈ। ਦਰਅਸਲ, ਪੰਜਾਬ ਵਿੱਚ ਗੰਨੇ ਦੀ ਫ਼ਸਲ ਦੀ ਕਟਾਈ ਅਤੇ ਖੰਡ ਮਿੱਲਾਂ ਦੇ ਸ਼ੁਰੂ ਹੋਣ ਦਾ ਸੀਜ਼ਨ ਆ ਗਿਆ ਹੈ। ਇਸੇ ਵਿਚਕਾਰ ਪੰਜਾਬ ਸਰਕਾਰ ਨੇ ਗੰਨਾ ਉਤਪਾਦਕ ਕਿਸਾਨਾਂ ਦੇ ਹੱਕ ਵਿੱਚ ਇਹ ਵੱਡਾ ਫ਼ੈਸਲਾ ਲਿਆ ਹੈ। ਨਵੇਂ ਐਲਾਨ ਮੁਤਾਬਕ, 2026-27 ਦੇ ਸੀਜ਼ਨ ਲਈ ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਗੰਨਾ ਕਾਸ਼ਤਕਾਰਾਂ ਨੂੰ ਆਪਣੀ ਫ਼ਸਲ ਦਾ ਵਧੀਆ ਮੁੱਲ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਕਿਸਾਨਾਂ ਲਈ ਇੱਕ ਹੋਰ ਅਹਿਮ ਜਾਣਕਾਰੀ ਸਾਹਮਣੇ ਆਈ ਹੈ।

ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ 2026 ਤੋਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਯਾਨੀ ਕਿਸਾਨਾਂ ਨੂੰ ਆਪਣੀ ਗੰਨੇ ਦੀ ਫ਼ਸਲ ਮਿੱਲਾਂ ਤੱਕ ਪਹੁੰਚਾਉਣ ਲਈ ਹੁਣ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਸਾਂਝੀ ਕਰਦਿਆਂ ਇਸ ਨੂੰ ਕਿਸਾਨਾਂ ਲਈ ਖੁਸ਼ਖਬਰੀ ਦੱਸਿਆ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ਪੰਜਾਬ ਵਿੱਚ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਚਾਲੂ ਹੋ ਜਾਣਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਬਣਦਾ ਮੁੱਲ ਦਿਵਾਉਣ ਲਈ ਹਮੇਸ਼ਾ ਵਚਨਬੱਧ ਹੈ। ਹੁਣ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਉਮੀਦਾਂ ਵਧ ਗਈਆਂ ਹਨ। ਹਾਲਾਂਕਿ ਕਿਸਾਨਾਂ ਲਈ ਅਸਲ ਰਾਹਤ ਇਸ ਗੱਲ ‘ਤੇ ਵੀ ਨਿਰਭਰ ਕਰੇਗੀ ਕਿ ਖੰਡ ਮਿੱਲਾਂ ਸਮੇਂ ਸਿਰ ਚੱਲਣ ਅਤੇ ਗੰਨੇ ਦੀ ਅਦਾਇਗੀ ਵੀ ਬਿਨਾਂ ਕਿਸੇ ਦੇਰੀ ਦੇ ਹੋਵੇ। ਫਿਲਹਾਲ 431 ਰੁਪਏ ਪ੍ਰਤੀ ਕੁਇੰਟਲ ਦਾ ਨਵਾਂ ਭਾਅ ਅਤੇ 25 ਨਵੰਬਰ ਤੋਂ ਮਿੱਲਾਂ ਸ਼ੁਰੂ ਹੋਣ ਦਾ ਐਲਾਨ ਪੰਜਾਬ ਦੇ ਗੰਨਾ ਕਿਸਾਨਾਂ ਲਈ ਅਹਿਮ ਖ਼ਬਰ ਹੈ।