ਸਿਆਸਤ ਵਿੱਚ ਕਦੋਂ ਕਿਹੜਾ ਆਗੂ ਕਿਹੜੀ ਪਾਰਟੀ ਦਾ ਹੱਥ ਫੜ ਲਵੇ, ਇਸ ਬਾਰੇ ਕੁਝ ਵੀ ਕਹਿਣਾ ਮੁਸ਼ਕਲ ਹੈ। ਕਦੇ ਅਸਤੀਫ਼ਾ, ਕਦੇ ਅਸਤੀਫ਼ਾ ਵਾਪਸ ਅਤੇ ਹੁਣ ਸਿੱਧਾ ਪਾਰਟੀ ਬਦਲਣ ਦਾ ਫ਼ੈਸਲਾ! ਜੀ ਹਾਂ, ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਸਿਆਸੀ ਫੇਰਬਦਲ ਹੋਇਆ ਹੈ। ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਹਲਕੇ ਤੋਂ ਡਾ. ਨਿਸ਼ਾਨ ਸਿੰਘ ਨੇ ਹੁਣ ਕਾਂਗਰਸ ਦਾ ਹੱਥ ਫੜ ਲਿਆ ਹੈ। ਦਰਅਸਲ, ਡਾ. ਨਿਸ਼ਾਨ ਸਿੰਘ ਅੱਜ ਚੰਡੀਗੜ੍ਹ ਵਿਖੇ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਉਨ੍ਹਾਂ ਦੇ ਇਸ ਫ਼ੈਸਲੇ ਨੂੰ ਬੁਢਲਾਡਾ ਹਲਕੇ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਕਿਉਂਕਿ ਡਾ. ਨਿਸ਼ਾਨ ਸਿੰਘ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਹਲਕੇ ਵਿੱਚ ਆਪਣੀ ਸਿਆਸੀ ਸਰਗਰਮੀ ਜਾਰੀ ਰੱਖ ਰਹੇ ਸਨ।
ਦਰਅਸਲ, ਉਨ੍ਹਾਂ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਰ ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਅਤੇ ਇਸ ਮੁਲਾਕਾਤ ਮਗਰੋਂ ਡਾ. ਨਿਸ਼ਾਨ ਸਿੰਘ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਉਮੀਦ ਸੀ ਕਿ ਪਾਰਟੀ ਵੱਲੋਂ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਪਰ ਜਦੋਂ ਉਨ੍ਹਾਂ ਦੀ ਉਮੀਦ ਮੁਤਾਬਕ ਟਿਕਟ ਨਹੀਂ ਮਿਲੀ ਤਾਂ ਹੁਣ ਉਨ੍ਹਾਂ ਨੇ ਅਕਾਲੀ ਦਲ ਤੋਂ ਵੱਖ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕਰ ਲਿਆ। ਹੁਣ ਡਾ. ਨਿਸ਼ਾਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਕਾਂਗਰਸ ਉਨ੍ਹਾਂ ਨੂੰ ਬੁਢਲਾਡਾ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ? ਸਿਆਸੀ ਹਲਕਿਆਂ ਵਿੱਚ ਇਸ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਹਾਲਾਂਕਿ, ਕਾਂਗਰਸ ਵੱਲੋਂ ਅਜੇ ਉਨ੍ਹਾਂ ਦੀ ਉਮੀਦਵਾਰੀ ਬਾਰੇ ਕੋਈ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ। ਸੋ ਇੱਕ ਪਾਸੇ ਡਾ. ਨਿਸ਼ਾਨ ਸਿੰਘ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ, ਦੂਜੇ ਪਾਸੇ ਹੁਣ ਸਾਰੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਬੁਢਲਾਡਾ ਵਿੱਚ ਕਿਹੜੀ ਸਿਆਸੀ ਜ਼ਿੰਮੇਵਾਰੀ ਦਿੰਦੀ ਹੈ। ਆਉਣ ਵਾਲੇ ਸਮੇਂ ਵਿੱਚ ਇਹ ਵੀ ਦੇਖਣਾ ਦਿਲਚਸਪ ਹੋਵੇਗਾ ਕਿ ਉਨ੍ਹਾਂ ਦੇ ਇਸ ਫ਼ੈਸਲੇ ਦਾ ਬੁਢਲਾਡਾ ਦੀ ਸਿਆਸਤ ਅਤੇ ਅਕਾਲੀ ਦਲ ਦੀ ਸਥਾਨਕ ਸਿਆਸੀ ਸਰਗਰਮੀ ‘ਤੇ ਕੀ ਅਸਰ ਪੈਂਦਾ ਹੈ।














