ਬ੍ਰਿਟਿਸ਼ ਕੋਲੰਬੀਆ: ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ‘ਚ ਪੰਜਾਬ ਦੇ ਦੋ ਨੋਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜ਼ਿਲ੍ਹੇ ਦੇ ਮਾਰੀ ਗੌਰ ਸਿੰਘ ਅਤੇ ਆਇਲੋਵਾਲ ਪਿੰਡ ਦੇ ਵਸਨੀਕ ਤਲਵਿੰਦਰ ਸਿੰਘ ਅਤੇ ਜਜਬੀਰ ਸਿੰਘ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਏ ਸਨ।

ਬ੍ਰਿਟਿਸ਼ ਕੋਲੰਬੀਆ ਦੇ ਫੋਰਟ ਨੈਲਸਨ ਨੇੜੇ ਅਲਾਸਕਾ ਹਾਈਵੇਅ 97 ‘ਤੇ ਇੱਕ ਭਿਆਨਕ ਟਰੱਕ ਹਾਦਸਾ ਵਾਪਰਿਆ ਜਿਸ ‘ਚ ਮਾਰੀ ਗੌਰ ਸਿੰਘ ਅਤੇ ਆਇਲੋਵਾਲ ਪਿੰਡ ਦੇ ਦੋ ਚਿਰਾਗ ਹਮੇਸ਼ਾ ਲਈ ਬੁਝ ਗਏ। ਹਾਦਸਾ ਇੰਨ੍ਹਾ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਕੈਨੇਡੀਅਨ ਪੁਲਿਸ ਅਤੇ ਸਥਾਨਕ ਅਧਿਕਾਰੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਨੌਜਵਾਨਾਂ ਦੇ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੇ ਦੱਸਿਆ ਕਿ ਨੌਜਵਾਨ ਆਪਣੀ ਪੜ੍ਹਾਈ ਅਤੇ ਰੋਜ਼ੀ ਰੋਟੀ ਲਈ ਕੈਨੇਡਾ ਗਏ ਸਨ। ਉਨ੍ਹਾਂ ਦੇ ਪਰਿਵਾਰਾਂ ਨੇ ਤਲਵਿੰਦਰ ਸਿੰਘ ਅਤੇ ਜਜਬੀਰ ਸਿੰਘ ਨੂੰ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਦੱਸਿਆ। ਪਰਿਵਾਰਾਂ ਦੀ ਮੰਗ ਹੈ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਲਦੀ ਤੋਂ ਜਲਦੀ ਪੰਜਾਬ ਵਾਪਸ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।