ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਦੌਰੇ ਮੌਕੇ ਵਿਰੋਧ ਕਰਨ ’ਤੇ ਪੰਜਾਬ ਪੁਲੀਸ ਵੱਲੋਂ ਸਰਕਾਰੀ ਸ਼ੈਅ ਉੱਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੇ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ।
ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ ਮੋਹਣਜੀਤ ਸਿੰਘ ਨੇ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਨੂੰ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਰਹਿੰਦਿਆਂ ਕਾਲਾ ਝੰਡਾ ਦਿਖਾਇਆ, ਜੋ ਕਿ ਉਸ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਾਲਾ ਝੰਡਾ ਦਿਖਾਉਣਾ ਕੋਈ ਅਪਰਾਧ ਨਹੀਂ, ਪਰ ਸਥਾਨਕ ਡੀਐੱਸਪੀ ਨੇ ਸਿੱਖ ਨੌਜਵਾਨ ਨੂੰ ਝੰਡਾ ਉਸ ਦੇ ਗਲ ਵਿੱਚ ਪਾ ਕੇ ਧੂਹਿਆ ਅਤੇ ਬਾਅਦ ਵਿੱਚ ਉਸ ਉੱਤੇ ਗ਼ੈਰ-ਕਾਨੂੰਨੀ ਢੰਗ ਨਾਲ ਬਹੁਤ ਤਸ਼ੱਦਦ ਕੀਤਾ। ਉਨ੍ਹਾਂ ਨੇ ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪੁਲੀਸ ਕਪਤਾਨ ਨਾਲ ਵੀ ਗੱਲ ਕੀਤੀ ਹੈ ਕਿ ਸਿੱਖ ਨੌਜਵਾਨ ਉੱਤੇ ਤਸ਼ੱਦਦ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਡੀਐੱਸਪੀ ਅਤੇ ਥਾਣਾ ਮੁਖੀ ਨੂੰ ਤੁਰੰਤ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਨੌਜਵਾਨ ਦੇ ਦੱਸਣ ਮੁਤਾਬਕ ਪੁਲੀਸ ਨੇ ਤਾਰਾਂ ਵਾਲਾ ਬੁਰਸ਼ ਉਸ ਦੇ ਲੱਕ ਵਿੱਚ ਮਾਰ ਕੇ ਉੱਤੇ ਲੂਣ ਪਾਇਆ, ਉਸ ਦੇ ਸਿਰ ਵਿੱਚ ਜੁੱਤੀਆਂ ਮਾਰੀਆਂ ਗਈਆਂ, ਦਾੜ੍ਹੇ ਅਤੇ ਕੇਸਾਂ ਦੀ ਬੇਅਦਬੀ ਕੀਤੀ, ਉਸ ਦਾ ਕਛਹਿਰਾ ਉਤਾਰ ਕੇ ਪਾੜਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ ਮੁਲਜ਼ਮ ਅਧਿਕਾਰੀਆਂ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਜਬਰ ਜੁਲਮ ਕਰਨ ਦਾ ਪਰਚਾ ਨਾ ਦਰਜ ਕੀਤਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜਤ ਸਿੱਖ ਨੌਜਵਾਨ ਦੇ ਨਾਲ ਖੜ੍ਹਾ ਹੈ ਅਤੇ ਇਸ ਮਾਮਲੇ ਵਿੱਚ ਅਗਾਂਹ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਨੌਜਵਾਨ ਨੂੰ ਮਿਲਣ ਲਈ ਵੀ ਜਾਣਗੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਤੋਂ ਪੀੜਤ ਹਨ ਤਾਂ ਉਨ੍ਹਾਂ ਨੂੰ ਮਦਦ ਅਤੇ ਸਹਿਯੋਗ ਦੀ ਲੋੜ ਹੈ ਨਾ ਕਿ ਉਨ੍ਹਾਂ ਨੂੰ ਸਮਾਜ ਵਿੱਚ ਵੱਖ ਕਰ ਦਿੱਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਸਰਕਾਰ ਦੀ ਨੱਕ ਥੱਲੇ ਵਿਕ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਨਸ਼ੇ ਛੱਡਣ ਅਤੇ ਪਤਿੱਤਪੁਣਾ ਛੱਡ ਕੇ ਘਰ ਵਾਪਸੀ ਕਰਨ, ਕੇਸ ਰੱਖਣ ਅਤੇ ਗੁਰੂ ਦੀ ਸਿੱਖੀ ਨਾਲ ਜੁੜਨ।
SGPC ਪ੍ਰਧਾਨ ਧਾਮੀ ਨੇ ਵੀ ਕੀਤੀ ਕਾਰਵਾਈ ਦੀ ਮੰਗ
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਨੌਜਵਾਨ ਪ੍ਰਤੀ ਸਰਕਾਰ ਦੀ ਪਹੁੰਚ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਦੀ ਧਾਰਮਿਕ ਪਛਾਣ, ਰਹਿਤ ਅਤੇ ਗੁਰੂ ਪ੍ਰਤੀ ਆਸਥਾ ਦੇ ਪ੍ਰਤੀਕ ਹਨ। ਕਿਸੇ ਸਿੱਖ ਦੇ ਕਕਾਰਾਂ ਦੀ ਜਾਣਬੁੱਝ ਕੇ ਬੇਅਦਬੀ ਜਾਂ ਅਪਮਾਨਜਨਕ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਪੁਲੀਸ ਦੀ ਵਰਦੀ ਲੋਕਾਂ ਨੂੰ ਡਰਾਉਣ ਲਈ ਨਹੀਂ, ਲੋਕਾਂ ਦੀ ਸੁਰੱਖਿਆ ਲਈ ਹੈ। ਜੇਕਰ ਪੁਲੀਸ ਕਰਮਚਾਰੀਆਂ ਵੱਲੋਂ ਕਾਨੂੰਨ ਤੋਂ ਬਾਹਰ ਜਾ ਕੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਅਤੇ ਤਸ਼ੱਦਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਪੀੜਤ ਨੌਜਵਾਨ ਦੇ ਕੋਲ ਭੇਜਿਆ ਗਿਆ ਹੈ, ਜੋ ਲੋੜੀਂਦੀ ਮਦਦ ਵਾਸਤੇ ਜਾਣਕਾਰੀ ਲੈਣਗੇ।














