ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ ‘ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ ‘ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ ‘ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇਗੀ?

ਭਗਵੰਤ ਸਿੰਘ ਮਾਨ ਨੇ ਰਾਘਵ ਚੱਢਾ ਦੇ ਮੁੱਦੇ ‘ਤੇ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਹੈ। ਪਾਰਟੀਆਂ ਅਜਿਹੇ ਫੈਸਲੇ ਲੈਂਦੀਆਂ ਰਹਿੰਦੀਆਂ ਹਨ ਅਤੇ ਸੰਸਦ ਵਿੱਚ ਆਪਣੇ ਨੇਤਾ ਅਤੇ ਉਪ-ਨੇਤਾ ਬਦਲਦੀਆਂ ਰਹਿੰਦੀਆਂ ਹਨ। ਜਦੋਂ ਮੈਂ ਪਹਿਲੀ ਵਾਰ ਚੋਣ ਜਿੱਤੀ ਸੀ, ਉਸ ਸਮੇਂ ਪਾਰਟੀ ਨੇ ਡਾ. ਗਾਂਧੀ ਨੂੰ ਨੇਤਾ ਬਣਾਇਆ ਸੀ। ਕੁਝ ਸਮੇਂ ਬਾਅਦ ਮੈਂ ਵੀ ਪਾਰਲੀਮੈਂਟ ਬੋਰਡ ਦਾ ਨੇਤਾ ਬਣਿਆ। ਇਹ ਪਾਰਟੀ ਦਾ ਫੈਸਲਾ ਹੈ ਅਤੇ ਅਜਿਹੇ ਛੋਟੇ-ਛੋਟੇ ਫੈਸਲੇ ਹੁੰਦੇ ਰਹਿੰਦੇ ਹਨ। ਕਈ ਵਾਰ ਲੋਕ ਸਭਾ ਅਤੇ ਰਾਜ ਸਭਾ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਮਤ ਹੋ ਕੇ ਫੈਸਲਾ ਲੈਣਾ ਪੈਂਦਾ ਹੈ, ਜਿਵੇਂ ਕਿ ਸਦਨ ਤੋਂ ਵਾਕਆਊਟ ਕਰਨਾ ਜਾਂ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਾ। ਜੇਕਰ ਕੋਈ ਵਿਅਕਤੀ ਇਹਨਾਂ ਸਮੂਹਿਕ ਫੈਸਲਿਆਂ ਦਾ ਸਮਰਥਨ ਨਹੀਂ ਕਰਦਾ ਅਤੇ ਪਾਰਟੀ ਲਾਈਨ ਦੇ ਉਲਟ ਜਾਂਦਾ ਹੈ, ਤਾਂ ਉਹ ਪਾਰਟੀ ਵਿ੍ਪ ਦੇ ਖਿਲਾਫ ਹੈ। ਜੋ ਵੀ ਪਾਰਟੀ ਵਿ੍ਪ ਦੇ ਖਿਲਾਫ ਜਾਵੇਗਾ, ਉਸ ‘ਤੇ ਕਾਰਵਾਈ ਹੋਵੇਗੀ।

‘ਆਪ’ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਾਂ ਅਤੇ ਅਸੀਂ ਅਰਵਿੰਦ ਕੇਜਰੀਵਾਲ ਤੋਂ ਇੱਕੋ ਗੱਲ ਸਿੱਖੀ ਹੈ – ਨਿਡਰਤਾ, ਹਿੰਮਤ ਅਤੇ ਸਾਹਸ ਨਾਲ ਲੜਨਾ ਅਤੇ ਸੰਘਰਸ਼ ਕਰਨਾ। ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ਼ ਦੇ ਕਈ ਮੁੱਦਿਆਂ ‘ਤੇ ਜਦੋਂ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਸਤਾਵ ਆਉਂਦਾ ਹੈ, ਤਾਂ ਰਾਘਵ ਚੱਢਾ ਉਸ ‘ਤੇ ਹਸਤਾਖਰ ਨਹੀਂ ਕਰਦੇ। ਪੱਛਮੀ ਬੰਗਾਲ ਵਿੱਚ ਲੋਕਾਂ ਦੇ ਵੋਟ ਪਾਉਣ ਦੇ ਅਧਿਕਾਰ ਖੋਹੇ ਜਾ ਰਹੇ ਹਨ। ਦਿੱਲੀ ਵਿੱਚ ਅਸੀਂ ਦੇਖਿਆ ਕਿ ਚੋਣ ਕਮਿਸ਼ਨ ਦੀ ਦੁਰਵਰਤੋਂ ਕਿਵੇਂ ਹੋਈ। ਜਦੋਂ ਪੰਜਾਬ ਦਾ ਮੁੱਦਾ ਹੁੰਦਾ ਹੈ, ਤਾਂ ਉਹ ਉਸ ਸਮੇਂ ਖਾਮੋਸ਼ ਰਹਿੰਦੇ ਹਨ, ਕੁਝ ਨਹੀਂ ਬੋਲਦੇ। ਉਹ ਪ੍ਰਧਾਨ ਮੰਤਰੀ ਮੋਦੀ ਖਿਲਾਫ ਆਵਾਜ਼ ਨਹੀਂ ਉਠਾਉਂਦੇ।

ਸੰਜੇ ਸਿੰਘ ਨੇ ਅੱਗੇ ਕਿਹਾ ਕਿ ਜਨਹਿਤ ਨਾਲ ਜੁੜੇ ਮੁੱਦੇ, ਜੋ ਦੇਸ਼, ਆਮ ਆਦਮੀ ਪਾਰਟੀ ਅਤੇ ਪਾਰਟੀ ਵਰਕਰਾਂ ਨਾਲ ਜੁੜੇ ਹੋਏ ਹਨ, ਉਨ੍ਹਾਂ ‘ਤੇ ਰਾਘਵ ਚੱਢਾ ਚੁੱਪ ਰਹਿੰਦੇ ਹਨ। ਗੁਜਰਾਤ ਵਿੱਚ ‘ਆਪ’ ਵਰਕਰਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਹ ਉਸ ‘ਤੇ ਨਹੀਂ ਬੋਲਦੇ। ਮੋਦੀ ਸਰਕਾਰ ਪੰਜਾਬ ਦੇ ਤਮਾਮ ਅਧਿਕਾਰ ਖੋਹਣ ਦਾ ਕੰਮ ਕਰਦੀ ਹੈ, ਉਸ ‘ਤੇ ਵੀ ਉਹ ਕੁਝ ਨਹੀਂ ਬੋਲਦੇ। ਜਦੋਂ ਬਹੁਤ ਸਾਰੇ ਮੁੱਦਿਆਂ ‘ਤੇ ਸਦਨ ਤੋਂ ਵਾਕਆਊਟ ਕਰਨ ਦੀ ਗੱਲ ਆਉਂਦੀ ਹੈ, ਤਾਂ ਉਹ ਵਾਕਆਊਟ ਨਹੀਂ ਕਰਦੇ। ਇਹ ਸਾਰੀਆਂ ਚੀਜ਼ਾਂ ਹਨ ਜਿਨ੍ਹਾਂ ਦਾ ਜਵਾਬ ਦੇਸ਼ ਅਤੇ ਜਨਤਾ ਰਾਘਵ ਚੱਢਾ ਤੋਂ ਚਾਹੁੰਦੀ ਹੈ।

ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਰਾਘਵ ਚੱਢਾ ਨੂੰ ਕਿਹਾ ਕਿ ਅਸੀਂ ਸਾਰੇ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ ਅਤੇ ਅਸੀਂ ਇੱਕੋ ਗੱਲ ਸਿੱਖੀ ਹੈ ਕਿ “ਜੋ ਡਰ ਗਿਆ, ਸਮਝੋ ਮਰ ਗਿਆ।” ਅਸੀਂ ਸਾਰਿਆਂ ਨੇ ਸਰਕਾਰ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਜਨਤਾ ਦੇ ਮੁੱਦੇ ਚੁੱਕਣੇ ਸੀ। ਪਿਛਲੇ ਕੁਝ ਦਿਨਾਂ ਵਿੱਚ ਅਸੀਂ ਦੇਖਿਆ ਹੈ ਕਿ ਜੋ ਵੀ ਵਿਅਕਤੀ ਸਰਕਾਰ ਵਿਰੁੱਧ ਗੰਭੀਰ ਮੁੱਦੇ ਚੁੱਕਦਾ ਹੈ, ਸਰਕਾਰ ਤੋਂ ਸਵਾਲ ਪੁੱਛਦਾ ਹੈ ਅਤੇ ਲੋਕਾਂ ਦੀ ਗੱਲ ਕਰਦਾ ਹੈ, ਸਰਕਾਰ ਇੱਕ ਤਾਨਾਸ਼ਾਹ ਵਾਂਗ ਉਸਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬੈਨ ਕਰ ਰਹੀ ਹੈ। ਚਾਹੇ ਉਹ ਐਕਸ (ਟਵਿੱਟਰ) ਹੋਵੇ, ਫੇਸਬੁੱਕ ਹੋਵੇ ਜਾਂ ਯੂਟਿਊਬ, ਹਰ ਜਗ੍ਹਾ ਬੈਨ ਕੀਤਾ ਜਾ ਰਿਹਾ ਹੈ। ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਮੁਕੱਦਮੇ ਚਲਾਏ ਜਾ ਰਹੇ ਹਨ।