ਚੰਡੀਗੜ੍ਹ : ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਅੰਦਰੂਨੀ ਕਲੇਸ਼ ਖੁੱਲ੍ਹ ਕੇ ਸਾਹਮਣੇ ਆਇਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਆਗੂਆਂ ਨੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਮੋਰਚਾ ਖੋਲ੍ਹ ਰੱਖਿਆ ਹੈ। ਦੂਜੇ ਪਾਸੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦਫ਼ਤਰ ਪਹੁੰਚੇ ਇੰਚਾਰਜ ਭੂਪੇਸ਼ ਬਘੇਲ ਨੇ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਨਹੀਂ ਹੋਵੇਗੀ।
5 ਦਿਨਾਂ ਦੇ ਦੌਰੇ ‘ਤੇ ਆਏ ਏ.ਆਈ.ਸੀ.ਸੀ. ਇੰਚਾਰਜ ਭੂਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਦੋਟੂਕ ਕਹਿ ਦਿੱਤਾ ਹੈ ਕਿ ਪ੍ਰਧਾਨ ਬਦਲਣਾ ਗੁੱਡੇ-ਗੁੱਡੀਆਂ ਦੀ ਖੇਡ ਨਹੀਂ ਹੈ। ਹਾਈਕਮਾਂਡ ਆਪਣਾ ਫੈਸਲਾ ਨਹੀਂ ਬਦਲੇਗੀ। ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿਣਗੇ।
ਉਨ੍ਹਾਂ ਕਿਹਾ ਕਿ ਵੜਿੰਗ ਦੇ ਨਾਂ ‘ਤੇ ਸਾਰੇ ਜ਼ਿਲ੍ਹਾ ਪ੍ਰਧਾਨ ਸਹਿਮਤ ਹਨ। ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਹੀ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਤਰੇਗੀ। ਬਘੇਲ ਨੇ ਕਿਹਾ ਕਿ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਨਾਲ ਉਨ੍ਹਾਂ ਦੀ ਗੱਲ ਹੋਈ ਹੈ, ਉਨ੍ਹਾਂ ਨਾਲ ਵੀ ਜਲਦ ਮੁਲਾਕਾਤ ਹੋਵੇਗੀ।
ਇਸ ਤੋਂ ਇਲਾਵਾ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਹੁਣ ਪੰਜਾਬ ਵਿੱਚ ਐਕਸਪੈਰੀਮੈਂਟ ਦਾ ਸਮਾਂ ਨਹੀਂ ਹੈ। ਚੋਣਾਂ ਬਹੁਤ ਨੇੜੇ ਹਨ। ਫੋਟੋ ਸੈਸ਼ਨ ਦੇ ਜ਼ਰੀਏ ਆਪਣੀ ਤਾਕਤ ਦਿਖਾਉਣ ਦਾ ਸਮਾਂ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕ ਮੌਜੂਦਾ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਣ ਦੀ ਜ਼ਿੱਦ ‘ਤੇ ਅੜੇ ਹੋਏ ਹਨ। ਇਸ ਵਿਵਾਦ ਨੂੰ ਸੁਲਝਾਉਣ ਲਈ ਪੰਜਾਬ ਇੰਚਾਰਜ ਅਤੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਵੱਲੋਂ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਪਰ ਚੰਨੀ ਪਹਿਲਾਂ ਹਾਈਕਮਾਂਡ ਨੂੰ ਮਿਲਣਾ ਚਾਹੁੰਦੇ ਹਨ।
ਮੰਗਲਵਾਰ ਨੂੰ ਉਨ੍ਹਾਂ ਨੇ ਬਘੇਲ ਦੀ ਬੈਠਕ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਦੇ ਸਮਰਥਕ ਵਿਧਾਇਕ, ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਵੀ ਪ੍ਰਦੇਸ਼ ਇੰਚਾਰਜ ਦੀ ਬੈਠਕ ਵਿੱਚ ਨਹੀਂ ਗਏ। ਹੁਣ ਬਘੇਲ ਦੇ ਸਖ਼ਤ ਰੁਖ਼ ਤੋਂ ਬਾਅਦ ਦੇਖਣਾ ਹੋਵੇਗਾ ਕਿ ਚੰਨੀ ਦਾ ਅਗਲਾ ਕਦਮ ਕੀ ਹੋਵੇਗਾ।














