ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਤੋਂ ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡਾ ਸਿਆਸੀ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਐੱਨ.ਡੀ.ਏ. ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਵੀ ਐੱਨ.ਡੀ.ਏ. ਦੀ ਜਿੱਤ ਦੇ ਸੰਕਲਪ ਨਾਲ ਅੱਗੇ ਵਧਣਾ ਹੋਵੇਗਾ। ਇਸ ਮੌਕੇ ਉਨ੍ਹਾਂ ਨੇ ਮੌਜੂਦ ਲੋਕਾਂ ਤੋਂ ਪੰਜਾਬ ਵਿੱਚ ਐੱਨ.ਡੀ.ਏ. ਦੀ ਜਿੱਤ ਦੇ ਨਾਅਰੇ ਵੀ ਲਗਵਾਏ। ਉਨ੍ਹਾਂ ਦੇ ਇਸ ਬਿਆਨ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਹਿਮ ਸਿਆਸੀ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਮਿਤ ਸ਼ਾਹ ਨੇ 1 ਨਵੰਬਰ ਦੇ ਦਿਨ ਨੂੰ ਚੰਡੀਗੜ੍ਹ ਦੇ ਇਤਿਹਾਸ ਲਈ ਬੇਹੱਦ ਖ਼ਾਸ ਦੱਸਿਆ।
ਉਨ੍ਹਾਂ ਕਿਹਾ ਕਿ 1966 ਵਿੱਚ ਇਸੇ ਦਿਨ ਚੰਡੀਗੜ੍ਹ ਅਤੇ ਹਰਿਆਣਾ ਦੀ ਸਥਾਪਨਾ ਹੋਈ ਸੀ ਅਤੇ ਚੰਡੀਗੜ੍ਹ ਪੁਲਸ ਦੀ ਵੀ ਸ਼ੁਰੂਆਤ ਹੋਈ ਸੀ। ਹੁਣ 60 ਸਾਲਾਂ ਦੇ ਸਫ਼ਰ ਦੌਰਾਨ ਚੰਡੀਗੜ੍ਹ ਨੇ ਦੇਸ਼ ਦੇ ਯੋਜਨਾਬੱਧ ਸ਼ਹਿਰ ਵਜੋਂ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਨੇ ਇਸ ਸ਼ਹਿਰ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਦਾ ਵੀ ਜ਼ਿਕਰ ਕੀਤਾ।ਉੱਧਰ, ਚੰਡੀਗੜ੍ਹ ਵਾਸੀਆਂ ਲਈ ਵੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਉਨ੍ਹਾਂ ਸਾਹਮਣੇ ਸ਼ਹਿਰ ਦੀਆਂ ਚਾਰ ਅਹਿਮ ਮੰਗਾਂ ਰੱਖੀਆਂ ਗਈਆਂ ਹਨ, ਜੋ ਪਿਛਲੇ 30 ਤੋਂ 40 ਸਾਲਾਂ ਤੋਂ ਲਟਕੀਆਂ ਹੋਈਆਂ ਹਨ। ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਦੀਵਾਲੀ ਤੋਂ ਤੁਰੰਤ ਬਾਅਦ ਇਨ੍ਹਾਂ ਵਿੱਚੋਂ ਤਿੰਨ ਮੰਗਾਂ ਨੂੰ ਪੂਰਾ ਕਰਕੇ ਚੰਡੀਗੜ੍ਹ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾਵੇਗਾ। ਹਾਲਾਂਕਿ ਇਹ ਤਿੰਨ ਕੰਮ ਕਿਹੜੇ ਹੋਣਗੇ, ਇਸ ਬਾਰੇ ਵਿਸਥਾਰਤ ਜਾਣਕਾਰੀ ਵੱਖਰੇ ਸਮਾਗਮ ਦੌਰਾਨ ਗੁਲਾਬ ਚੰਦ ਕਟਾਰੀਆ ਵੱਲੋਂ ਦਿੱਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਅਮਿਤ ਸ਼ਾਹ ਦੇ ਇਸ ਸਿਆਸੀ ਸੱਦੇ ਤੋਂ ਬਾਅਦ ਪੰਜਾਬ ਵਿੱਚ ਐੱਨ.ਡੀ.ਏ. ਆਪਣੀ ਚੋਣ ਰਣਨੀਤੀ ਨੂੰ ਕਿਸ ਤਰ੍ਹਾਂ ਅੱਗੇ ਵਧਾਉਂਦਾ ਹੈ।














