ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਛਪਾਰ ਮੇਲੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ। ਧੂਰੀ ਵਿਧਾਨ ਸਭਾ ਹਲਕੇ ਤੋਂ ਉਨ੍ਹਾਂ ਦੇ ਚੋਣ ਲੜਨ ਦੀ ਸੰਭਾਵਨਾ ਵੀ ਜਤਾਈ ਗਈ ਹੈ। ਹਾਲਾਂਕਿ ਹਲਕੇ ਬਾਰੇ ਅੰਤਿਮ ਫ਼ੈਸਲਾ ਪਾਰਟੀ ਵੱਲੋਂ ਕੀਤਾ ਜਾਣਾ ਹੈ।

ਪਰਿਵਾਰ ਵਿੱਚੋਂ ਸਿਰਫ਼ ਅੰਮ੍ਰਿਤਪਾਲ ਲੜਨਗੇ ਚੋਣ

ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਕੋਈ ਹੋਰ ਮੈਂਬਰ ਚੋਣ ਨਹੀਂ ਲੜੇਗਾ ਅਤੇ ਸਿਰਫ਼ ਅੰਮ੍ਰਿਤਪਾਲ ਸਿੰਘ ਹੀ ਚੋਣ ਮੈਦਾਨ ਵਿੱਚ ਉਤਰਣਗੇ। ਪਾਰਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਅੰਮ੍ਰਿਤਪਾਲ ਸਿੰਘ 2027 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ। ਹਾਲਾਂਕਿ ਉਨ੍ਹਾਂ ਦੀ ਸੀਟ ਬਾਰੇ ਅਜੇ ਅੰਤਿਮ ਐਲਾਨ ਨਹੀਂ ਹੋਇਆ।

ਤਰਸੇਮ ਸਿੰਘ ਮੁਤਾਬਕ ਪਾਰਟੀ ਵੱਲੋਂ 35 ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਇੰਚਾਰਜ ਨਿਯੁਕਤ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਕਈ ਪੰਥਕ ਜਥੇਬੰਦੀਆਂ ਨਾਲ ਚੋਣਾਂ ਵਿੱਚ ਇਕੱਠੇ ਚੱਲਣ ਨੂੰ ਲੈ ਕੇ ਗੱਲਬਾਤ ਵੀ ਜਾਰੀ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਪੰਜ ਮੈਂਬਰੀ ਪਾਰਲੀਮੈਂਟਰੀ ਬੋਰਡ ਵੀ ਬਣਾਇਆ ਗਿਆ ਹੈ।

AAP-BJP ਨਾਲ ਗਠਜੋੜ ਤੋਂ ਇਨਕਾਰ

ਤਰਸੇਮ ਸਿੰਘ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਸਮੇਤ ਹੋਰ ਪਾਰਟੀਆਂ ਨਾਲ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨਾਲ ਉਨ੍ਹਾਂ ਦੀ ਵਿਚਾਰਧਾਰਕ ਸਾਂਝ ਨਹੀਂ ਬਣਦੀ ਅਤੇ ਉਹ ਪੰਥਕ ਜਥੇਬੰਦੀਆਂ ਨਾਲ ਮਿਲ ਕੇ ਚੋਣ ਲੜਨ ਬਾਰੇ ਵਿਚਾਰ ਕਰ ਰਹੇ ਹਨ।

ਇਸ ਤੋਂ ਪਹਿਲਾਂ ਵੀ ਪਾਰਟੀ ਆਗੂਆਂ ਵੱਲੋਂ ਭਾਜਪਾ ਨਾਲ ਗਠਜੋੜ ਨਾ ਕਰਨ ਦੀ ਗੱਲ ਕਹੀ ਜਾ ਚੁੱਕੀ ਹੈ। ਜੂਨ ਵਿੱਚ ਮਨਪ੍ਰੀਤ ਸਿੰਘ ਇਆਲੀ ਨੇ ਵੀ ਭਾਜਪਾ ਨਾਲ ਗਠਜੋੜ ਦੀ ਸੰਭਾਵਨਾ ਨੂੰ ਰੱਦ ਕੀਤਾ ਸੀ।

ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਸਮਰਥਨ ਅੰਮ੍ਰਿਤਪਾਲ ਸਿੰਘ ਨਾਲ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ ਅਤੇ ਪੰਜਾਬ ਦੇ ਮੁੱਦੇ ਉਠਾ ਰਹੇ ਹਨ, ਜਿਸ ਕਾਰਨ ਸਰਕਾਰ ਉਨ੍ਹਾਂ ਨੂੰ ਬਾਹਰ ਨਹੀਂ ਆਉਣ ਦੇ ਰਹੀ।

ਤਰਸੇਮ ਸਿੰਘ ਨੇ ਚੋਣ ਕਮਿਸ਼ਨ ’ਤੇ ਵੀ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋੜੀਂਦੀਆਂ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਚੋਣ ਨਿਸ਼ਾਨ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਪਾਰਟੀ ਨਾਲ ਧੱਕੇਸ਼ਾਹੀ ਕਰਾਰ ਦਿੱਤਾ।

ਇਸ ਦੇ ਨਾਲ ਹੀ ਉਨ੍ਹਾਂ VIP ਸਹੂਲਤਾਂ ਦੇ ਮੁੱਦੇ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਿਯਮਾਂ ਤੋਂ ਇਲਾਵਾ ਸਹੂਲਤਾਂ ਦਿੱਤੀਆਂ ਗਈਆਂ ਹਨ ਤਾਂ ਇਸ ਲਈ ਜ਼ਿੰਮੇਵਾਰ ਵਿਅਕਤੀ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ’ਤੇ ਪਾਰਟੀ ਵੱਲੋਂ ਸੰਘਰਸ਼ ਕੀਤਾ ਜਾਵੇਗਾ।