ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਪਣੀ ਦਾਦੀ ਦੇ ਦਿਹਾਂਤ ਤੋਂ ਬਾਅਦ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਅਦਾਲਤ ਵਿੱਚ ਲਗਾਈ ਗਈ ਅਰਜ਼ੀ ਮਨਜ਼ੂਰ ਹੋ ਗਈ ਹੈ। ਯਾਨੀ ਹੁਣ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਹਾਲਾਂਕਿ, ਉਸ ਨੂੰ ਇਹ ਇਜਾਜ਼ਤ ਪੁਲਿਸ ਹਿਰਾਸਤ ਵਿੱਚ ਅਸਥਾਈ ਰਿਹਾਈ ਦੇ ਰੂਪ ਵਿੱਚ ਦਿੱਤੀ ਗਈ ਹੈ। ਦਰਅਸਲ, ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 21 ਨਵੰਬਰ ਨੂੰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਕੀਤਾ ਜਾਣਾ ਹੈ।
ਇਸ ਸਬੰਧੀ ਪਰਿਵਾਰ ਵੱਲੋਂ ਵਕੀਲ ਰਿਤੂਰਾਜ ਸਿੰਘ ਰਾਹੀਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਅਸਥਾਈ ਰਿਹਾਈ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰਿਵਾਰ ਵੱਲੋਂ ਅਦਾਲਤ ਵਿੱਚ ਦਿੱਤੀ ਗਈ ਪਟੀਸ਼ਨ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਅੰਤਿਮ ਸੰਸਕਾਰ ਤੋਂ ਇਲਾਵਾ 22 ਨਵੰਬਰ ਨੂੰ ਸ਼ਮਸ਼ਾਨਘਾਟ ਤੋਂ ਅਸਥੀਆਂ ਚੁੱਕਣ ਦੀ ਰਸਮ ਅਤੇ 23 ਨਵੰਬਰ ਨੂੰ ਭੋਗ ਸਮਾਗਮ ਰੱਖਿਆ ਗਿਆ ਹੈ। ਪਰਿਵਾਰ ਨੇ ਅਪੀਲ ਕੀਤੀ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਨਾਲ ਗੂੜ੍ਹੇ ਲਗਾਅ ਕਾਰਨ ਇਨ੍ਹਾਂ ਤਿੰਨਾਂ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।
ਅਦਾਲਤ ਦੇ ਹੁਕਮਾਂ ਵਿੱਚ ਇੱਕ ਹੋਰ ਅਹਿਮ ਗੱਲ ਵੀ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਸਥਿਤ ਉਸ ਦੇ ਜੱਦੀ ਪਿੰਡ ਤੱਕ ਲਿਆਉਣ ਅਤੇ ਵਾਪਸ ਲਿਜਾਣ ਦਾ ਸਾਰਾ ਖਰਚਾ ਪਰਿਵਾਰ ਨੂੰ ਖੁਦ ਚੁੱਕਣਾ ਪਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਰਿਵਾਰ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਇੰਨੇ ਘੱਟ ਸਮੇਂ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਵਿੱਚ ਆ ਰਹੀਆਂ ਮੁਸ਼ਕਲਾਂ ਕਾਰਨ ਪਰਿਵਾਰ ਨੂੰ ਮੁੜ ਅਦਾਲਤ ਦਾ ਰੁਖ ਕਰਨਾ ਪਿਆ।ਫਿਲਹਾਲ ਅਦਾਲਤ ਦੇ ਇਸ ਹੁਕਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚਣ ਦਾ ਰਾਹ ਪੱਧਰਾ ਹੋ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਡਿਬਰੂਗੜ੍ਹ ਤੋਂ ਪੰਜਾਬ ਤੱਕ ਉਸ ਨੂੰ ਲਿਆਉਣ ਲਈ ਸੁਰੱਖਿਆ ਅਤੇ ਆਵਾਜਾਈ ਦੇ ਕੀ ਪ੍ਰਬੰਧ ਕੀਤੇ ਜਾਂਦੇ ਹਨ।
