ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰਾਂ ਦੀ ਦੂਜੀ ਸੂਚੀ ਤੋਂ ਬਾਅਦ ਇੱਕ ਨਵੀਂ ਚਰਚਾ ਛਿੜ ਗਈ ਹੈ। ਖਰੜ ਤੋਂ ਮੌਜੂਦਾ ਵਿਧਾਇਕ ਅਨਮੋਲ ਗਗਨ ਮਾਨ ਦਾ ਨਾਮ ਲਿਸਟ ਵਿੱਚ ਨਾ ਹੋਣ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਸਨ। ਕੀ ਪਾਰਟੀ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਹੈ? ਜਾਂ ਫਿਰ ਅਨਮੋਲ ਗਗਨ ਮਾਨ ਖੁਦ ਹੀ ਚੋਣ ਮੈਦਾਨ ਤੋਂ ਪਿੱਛੇ ਹਟ ਗਏ ਹਨ? ਇਨ੍ਹਾਂ ਸਾਰੀਆਂ ਚਰਚਾਵਾਂ ‘ਤੇ ਹੁਣ ਅਨਮੋਲ ਗਗਨ ਮਾਨ ਨੇ ਖੁਦ ਸਾਹਮਣੇ ਆ ਕੇ ਆਪਣੀ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਟਿਕਟ ਨਹੀਂ ਕੱਟੀ ਗਈ, ਸਗੋਂ ਉਨ੍ਹਾਂ ਨੇ ਖੁਦ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।
ਅਨਮੋਲ ਗਗਨ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਦੇ ਚੁੱਪ ਰਹਿਣ ਕਾਰਨ ਮੀਡੀਆ ਅਤੇ ਪੰਜਾਬ ਦੇ ਲੋਕਾਂ ਵਿੱਚ ਕਈ ਤਰ੍ਹਾਂ ਦੀ ਬਿਆਨਬਾਜ਼ੀ ਹੋ ਰਹੀ ਸੀ। ਇਸ ਲਈ ਉਹ ਆਪਣਾ ਪੱਖ ਸਪੱਸ਼ਟ ਕਰਨਾ ਚਾਹੁੰਦੇ ਹਨ। ਉਨ੍ਹਾਂ ਮੁਤਾਬਕ, 5 ਅਗਸਤ 2026 ਨੂੰ ਦੁਪਹਿਰ 12 ਵਜੇ ਦਿੱਲੀ ਵਿਖੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਸੇ ਸਮੇਂ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ।
ਇੰਨਾ ਹੀ ਨਹੀਂ, ਅਨਮੋਲ ਗਗਨ ਮਾਨ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਨੂੰ ਫੋਨ ਆਇਆ ਸੀ। ਇਸ ਦੌਰਾਨ ਕੇਜਰੀਵਾਲ ਨੇ ਪੁੱਛਿਆ ਕਿ ਕੀ ਉਹ ਅਜੇ ਵੀ ਚੋਣ ਨਾ ਲੜਨ ਦੇ ਆਪਣੇ ਫੈਸਲੇ ‘ਤੇ ਕਾਇਮ ਹਨ? ਜਿਸ ‘ਤੇ ਅਨਮੋਲ ਗਗਨ ਮਾਨ ਨੇ ਇੱਕ ਵਾਰ ਫਿਰ ਆਪਣਾ ਫੈਸਲਾ ਦੁਹਰਾਉਂਦਿਆਂ ਕਿਹਾ ਕਿ ਉਹ ਚੋਣ ਨਹੀਂ ਲੜਨਾ ਚਾਹੁੰਦੇ।
ਅਨਮੋਲ ਗਗਨ ਮਾਨ ਨੇ ਆਪਣੀ ਪੋਸਟ ਵਿੱਚ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਲੋਕਾਂ ਸਾਹਮਣੇ ਇਹ ਸਪੱਸ਼ਟ ਕਰ ਦੇਣ ਕਿ ਪਾਰਟੀ ਨੇ ਉਨ੍ਹਾਂ ਦੀ ਟਿਕਟ ਨਹੀਂ ਕੱਟੀ, ਬਲਕਿ ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ।ਉਨ੍ਹਾਂ ਅੱਗੇ ਕਿਹਾ ਕਿ ਉਹ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਸਨ। ਪਰ ਇਸ ਦੇ ਬਾਵਜੂਦ ਉਹ ਆਪਣੇ ਫੈਸਲੇ ‘ਤੇ ਕਾਇਮ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਆਮ ਆਦਮੀ ਪਾਰਟੀ ਦੇ ਨਾਲ ਹਨ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਖਰੜ ਹਲਕੇ ਤੋਂ ਅਨਮੋਲ ਗਗਨ ਮਾਨ ਦਾ ਨਾਮ ਸਾਹਮਣੇ ਨਾ ਆਉਣ ਕਾਰਨ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਸਨ। ਹਾਲਾਂਕਿ, ਹੁਣ ਅਨਮੋਲ ਗਗਨ ਮਾਨ ਦੇ ਇਸ ਬਿਆਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਖੁਦ ਚੋਣ ਨਾ ਲੜਨ ਦਾ ਫੈਸਲਾ ਲਿਆ ਹੈ।














