ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਅਰਦਾਸ, ਪਤਨੀ ਮਨਪ੍ਰੀਤ ਕੌਰ ਨੇ ਸੰਗਤ ਨੂੰ ਕੀਤੀ ਅਪੀਲ
ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ 28 ਅਕਤੂਬਰ ਨੂੰ ਇਨਸਾਫ਼ ਦੀ ਪ੍ਰਾਪਤੀ ਲਈ ਹੋਣ ਵਾਲੀ ਅਰਦਾਸ ਵਿੱਚ ਸਮੂਹ ਸੰਗਤ ਨੂੰ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ਵ ਭਰ ਵਿੱਚ ਅਰਦਾਸ ਕਰਨ ਦੇ ਦਿੱਤੇ ਸੰਦੇਸ਼ ਤੋਂ ਬਾਅਦ ਮਨਪ੍ਰੀਤ ਕੌਰ ਨੇ ਕਿਹਾ ਕਿ ਇਹ ਅਰਦਾਸ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੀ ਹੈ।

‘ਕਿਸੇ ਹੋਰ ਮਾਂ ਦੀ ਗੋਦ ਨਾ ਹੋਵੇ ਸੁੰਨੀ’

ਮਨਪ੍ਰੀਤ ਕੌਰ ਨੇ ਕਿਹਾ ਕਿ ਸਾਰਿਆਂ ਨੂੰ ਮਿਲ ਕੇ ਅਰਦਾਸ ਕਰਨੀ ਚਾਹੀਦੀ ਹੈ ਕਿ ਭਵਿੱਖ ਵਿੱਚ ਨਸ਼ਿਆਂ ਕਾਰਨ ਕਿਸੇ ਹੋਰ ਮਾਂ ਦੀ ਗੋਦ ਸੁੰਨੀ ਨਾ ਹੋਵੇ, ਕਿਸੇ ਘਰ ਵਿੱਚ ਸੱਥਰ ਨਾ ਵਿਛੇ ਅਤੇ ਕਿਸੇ ਬੱਚੇ ਦੇ ਸਿਰ ਤੋਂ ਪਿਤਾ ਦਾ ਸਾਇਆ ਨਾ ਉੱਠੇ।
ਉਨ੍ਹਾਂ ਕਿਹਾ ਕਿ ਸੰਗਤ ਦੀ ਅਰਦਾਸ ਵਿੱਚ ਬਹੁਤ ਤਾਕਤ ਹੈ। ਇਸੇ ਸਦਕਾ ਉਨ੍ਹਾਂ ਦਾ ਪਰਿਵਾਰ ਇੰਨਾ ਵੱਡਾ ਅਤੇ ਅਸਹਿ ਦੁੱਖ ਸਹਿਣ ਦੇ ਬਾਵਜੂਦ ਚੜ੍ਹਦੀ ਕਲਾ ਵਿੱਚ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਇਨਸਾਫ਼ ਦੀ ਪ੍ਰਾਪਤੀ ਲਈ ਮੁਹਿੰਮ ਵਿੱਚ ਸਹਿਯੋਗ ਕੀਤਾ ਜਾਵੇ।

ਨਸ਼ਿਆਂ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨ ਦਾ ਸੱਦਾ

ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ 28 ਅਕਤੂਬਰ ਦੀ ਅਰਦਾਸ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਪੰਜਾਬ ਦੇ ਘਰਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਸਾਂਝੀ ਪੁਕਾਰ ਹੈ।
ਉਨ੍ਹਾਂ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ, ਸਰਬੱਤ ਦੇ ਭਲੇ ਅਤੇ ਇਨਸਾਫ਼ ਲਈ ਅਰਦਾਸ ਕਰਨ ਦੇ ਨਾਲ-ਨਾਲ ਇਨਸਾਫ਼ ਦੀ ਮੁਹਿੰਮ ਵਿੱਚ ਵੀ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸੁਚੇਤ ਅਤੇ ਸਰਗਰਮ ਸ਼ਮੂਲੀਅਤ ਨਸ਼ਿਆਂ ਵਿਰੁੱਧ ਸਮਾਜ ਦੀ ਸਾਂਝੀ ਆਵਾਜ਼ ਨੂੰ ਹੋਰ ਮਜ਼ਬੂਤ ਕਰੇਗੀ।

ਪੰਜਾਬ ਸਰਕਾਰ ਤੋਂ ਜਲਦ ਇਨਸਾਫ਼ ਦੇਣ ਦੀ ਮੰਗ

ਹਰਦੀਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਨੂੰ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਲੋਕਾਂ ਨੂੰ 28 ਅਕਤੂਬਰ ਦੀ ਅਰਦਾਸ ਵਿੱਚ ਸ਼ਾਮਲ ਹੋ ਕੇ ਇਨਸਾਫ਼ ਅਤੇ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ।