ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਖੇਡਾਂ ਵਿੱਚ 15 ਤੋਂ ਵੱਧ ਤਮਗੇ ਜਿੱਤ ਚੁੱਕੇ ਹਨ। ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ, ਜਿਸ ਵਿੱਚ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਅਹਿਮ ਮੈਂਬਰ ਰਹੀ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਹਾਂਗਜ਼ੂ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਕੁੱਲ 16 ਤਮਗੇ ਜਿੱਤੇ ਹਨ, ਜਦਕਿ ਪੁਰਸ਼ ਹਾਕੀ ਅਤੇ ਪੁਰਸ਼ ਕ੍ਰਿਕਟ ਦੇ ਮੈਚ ਬਾਕੀ ਹਨ। ਇਸ ਤੋਂ ਪਹਿਲਾਂ 1951 ਵਿੱਚ ਨਵੀਂ ਦਿੱਲੀ ਵਿਖੇ ਹੋਈਆਂ ਪਹਿਲੀਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕੁੱਲ 15 ਤਮਗੇ ਜਿੱਤੇ ਸਨ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਨਕਸ਼ੇ ‘ਤੇ ਮੋਹਰੀ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਲੇ ਖਿਡਾਰੀ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਨਵੀਂ ਖੇਡ ਨੀਤੀ ਤਹਿਤ ਪਹਿਲੀ ਵਾਰ ਸਰਕਾਰ ਵੱਲੋਂ ਤਿਆਰੀ ਲਈ ਇਨਾਮੀ ਰਾਸ਼ੀ ਦਿੱਤੀ ਗਈ ਸੀ, ਜਿਸ ਤਹਿਤ 58 ਖਿਡਾਰੀਆਂ ਨੂੰ ਕੁੱਲ 4.64 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇ ਨਾਲ ਪ੍ਰਤੀ ਖਿਡਾਰੀ 8 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੀਆਂ ਖੇਡ ਟੀਮਾਂ ਦੀ ਵਾਪਸੀ ਤੋਂ ਬਾਅਦ ਸਾਰੇ ਮੈਡਲ ਜੇਤੂ ਖਿਡਾਰੀਆਂ ਨੂੰ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਖੇਡ ਮੰਤਰੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਹਾਕੀ ਅਤੇ ਕ੍ਰਿਕਟ ਖਿਡਾਰੀਆਂ ਨੂੰ ਅਗਲੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਅੱਜ ਤੀਰਅੰਦਾਜ਼ੀ ਵਿੱਚ ਸੋਨ ਤਮਗਾ ਜਿੱਤਣ ਵਾਲੀ ਪੰਜਾਬ ਦੀ ਪ੍ਰਨੀਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਦੇ ਕੋਚਾਂ ਅਤੇ ਮਾਪਿਆਂ ਨੂੰ ਦਿੱਤਾ।