ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਬੀਬੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਕੇਜਰੀਵਾਲ ਦੇ ਜਾਨਸ਼ੀਨ ਵਜੋਂ ਆਤਿਸ਼ੀ ਦੇ ਨਾਂ ਉਤੇ ਸਹਿਮਤੀ ਪ੍ਰਗਟਾਈ ਹੈ। ਦੱਸਣਯੋਗ ਹੈ ਕਿ ਆਤਿਸ਼ੀ ਪਾਰਟੀ ਦੇ ਨਾਲ-ਨਾਲ ਸਰਕਾਰ ਦਾ ਮੁੱਖ ਚਿਹਰਾ ਹਨ।
ਦਿੱਲੀ ਦੇ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਗੋਪਾਲ ਰਾਏ ਨੇ ਦੱਸਿਆ ਕਿ ਕੇਜਰੀਵਾਲ ਵੱਲੋਂ ਮੰਗਲਵਾਰ ਸ਼ਾਮ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ‘ਆਪ’ ਵੱਲੋਂ ਆਤਿਸ਼ੀ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।