ਪੰਜਾਬ ਵਿਚ ਆਏ ਦਿਨ ਗੁਰੂ ਘਰਾਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੌੜਾ ਫਾਟਕ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦੁਆਰਾ ਸ਼ਹੀਦ ਦੁਸ਼ਟ ਦਮਨ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਾਹਮਣੇ ਆਈ ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਵਿਅਕਤੀ ਆਉਂਦਾ ਹੈ ਤੇ ਪੌੜੀਆਂ ਰਾਹੀਂ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੁੰਦਾ ਹੈ।
ਸ਼ਖਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਹੀ ਵਾਲਾ ਸੀ ਕਿ ਤੁਰੰਤ ਉਥੋਂ ਦੇ ਪ੍ਰਬੰਧਕ ਅਤੇ ਸੇਵਾਦਾਰਾਂ ਵੱਲੋਂ ਉਸ ਵਿਅਕਤੀ ਨੂੰ ਰੋਕ ਲਿਆ ਗਿਆ ਤੇ ਉਸ ਦੀ ਕੋਸ਼ਿਸ਼ ਨਾਕਾਮ ਹੋ ਗਈ। ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਉਸ ਸ਼ਖਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਤੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਬੰਧਕਾਂ ਨੇ ਬਾਕੀ ਗੁਰੂਦੁਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਗੁਰੂ ਘਰਾਂ ਵਿਚ ਸ਼ਖਤ ਪਹਿਰਾ ਦਿੱਤਾ ਜਾਵੇ ਤਾਂ ਜੋ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਅੱਜ ਗੁਰੂਦੁਆਰਾ ਦੇ ਪ੍ਰਬੰਧਕਾਂ ਵੱਲੋਂ ਇਹ ਮੀਟਿੰਗ ਰੱਖੀ ਗਈ ਜਿਸ ਦੇ ਵਿਚ ਗੁਰੂਦੁਆਰਿਆਂ ਦੇ ਸਮੇਂ ਨੂੰ ਲੈ ਕੇ ਵਿਚਾਰਧਾਰਾ ਕੀਤੀ ਗਈ। ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਹੋਰ ਵੀ ਇਲਾਕੇ ਦੇ ਗੁਰੂਦੁਆਰਿਆਂ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਗਈ ਕਿ ਆਪਣੇ ਗੁਰੂਦੁਆਰਿਆਂ ਦੇ ਵਿਚ ਸਖ਼ਤ ਤੋਂ ਸਖ਼ਤ ਪਹਿਰਾ ਦਈਏ। ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਕਹਿਣਾ ਕਿ ਅਸੀਂ ਉਸ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰਵਾ ਦਿੱਤਾ ਹੈ। ਸਾਨੂੰ ਆਸ ਹੈ ਕਿ ਪੁਲਿਸ ਪ੍ਰਸ਼ਾਸਨ ਇਸ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗਾ।
ਗੁਰੂ ਘਰ ਵਿਚ ਇਸ ਤਰ੍ਹਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਬੇਹੱਦ ਮੰਦਭਾਗਾ ਹੈ ਹਾਲਾਂਕਿ ਇਸ ਸ਼ਖਸ ਵੱਲੋਂ ਬੇਅਦਬੀ ਦੀ ਕੋਸ਼ਿਸ਼ ਨਾਕਾਮ ਰਹੀ ਪਰ ਆਏ ਦਿਨ ਅਜਿਹੀਆਂ ਘਟਨਾਵਾਂ ਹੋਣੀਆਂ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਬੀਤੇ ਦਿਨ ਵੀ ਖਰੜ ਦੇ ਨੇੜਲੇ ਪਿੰਡ ਸਿੱਲ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਲਈ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ ਤਾਂ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।