ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਿੱਧੂ ਮੂਸੇਵਾਲਾ ਦੀ 2022 ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਦਾ ਜ਼ਿਕਰ ਕਰਨ ਤੋਂ ਬਾਅਦ ਸਿਆਸੀ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਮਾਨਸਾ ਵਿੱਚ ਕਾਂਗਰਸ ਦੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁੱਲ੍ਹੇ ਮੰਚ ਤੋਂ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਸਾਹਮਣੇ ਆਪਣਾ ਪੱਖ ਰੱਖਿਆ।
ਬਲਕੌਰ ਸਿੰਘ ਨੇ ਕਿਹਾ ਕਿ ਸਿਰਫ਼ ਸਿੱਧੂ ਮੂਸੇਵਾਲਾ ਦੀ ਹਾਰ ਦਾ ਵਾਰ-ਵਾਰ ਜ਼ਿਕਰ ਕਰਨਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਦੀ ਸਿਆਸੀ ਹਾਲਤ ਅਜਿਹੀ ਸੀ ਕਿ ਕਈ ਵੱਡੇ ਨੇਤਾ ਵੀ ਚੋਣਾਂ ਹਾਰ ਗਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਜੇ ਹਾਰ ਦੀ ਗੱਲ ਕਰਨੀ ਹੈ ਤਾਂ ਹੋਰ ਉਮੀਦਵਾਰਾਂ ਦੀ ਹਾਰ ਦਾ ਵੀ ਜ਼ਿਕਰ ਹੋਣਾ ਚਾਹੀਦਾ ਹੈ।
ਲੋਕਪ੍ਰਿਯਤਾ ਦਾ ਕੀਤਾ ਜ਼ਿਕਰ
ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਲੋਕਪ੍ਰਿਯਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਦੇ ਚਾਹੁਣ ਵਾਲੇ ਦੇਸ਼ ਭਰ ਵਿੱਚ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਏ NEET ਵਿਦਿਆਰਥੀ ਅੰਦੋਲਨ ਦੌਰਾਨ ਵੀ ਨੌਜਵਾਨਾਂ ਨੇ ਸਿੱਧੂ ਮੂਸੇਵਾਲਾ ਦਾ ਨਾਮ ਲਿਆ ਅਤੇ ਉਸ ਦੇ ਗੀਤਾਂ ਨਾਲ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਦੀ ਪਛਾਣ ਕਿਸੇ ਇੱਕ ਹਲਕੇ ਤੱਕ ਸੀਮਤ ਨਹੀਂ ਸੀ।
ਬਲਕੌਰ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਬੂਥ ਪੱਧਰ ਦਾ ਵਰਕਰ ਪਹਿਲਾਂ ਹੀ ਮਜ਼ਬੂਤ ਹੈ, ਪਰ ਪਾਰਟੀ ਵਿੱਚ ਗੁੱਟਬਾਜ਼ੀ ਵੱਡੇ ਆਗੂਆਂ ਕਾਰਨ ਵਧ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੱਕੋ ਹਲਕੇ ਵਿੱਚ ਕਈ-ਕਈ ਲੋਕਾਂ ਨੂੰ ਟਿਕਟ ਦੇ ਦਾਅਵੇਦਾਰ ਵਜੋਂ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਨਾਲ ਆਪਸੀ ਖਿੱਚੋਤਾਣ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵਰਕਰ ਨਹੀਂ, ਸਗੋਂ ਲੀਡਰਸ਼ਿਪ ਜ਼ਿੰਮੇਵਾਰ ਹੈ।
‘ਹਾਰ ਦਾ ਠੀਕਰਾ ਇਕ ਵਿਅਕਤੀ ‘ਤੇ ਨਾ ਭੰਨੋ’
ਬਲਕੌਰ ਸਿੰਘ ਨੇ ਲੋਕਾਂ ਨੂੰ ਸਵਾਲ ਪੁੱਛਿਆ ਕਿ ਕੀ ਪੰਜਾਬ ਵਿੱਚ ਕਾਂਗਰਸ ਦੀ ਹਾਰ ਸਿਰਫ਼ ਸਿੱਧੂ ਮੂਸੇਵਾਲਾ ਕਰਕੇ ਹੋਈ ਸੀ। ਮੌਜੂਦ ਲੋਕਾਂ ਨੇ ਇਸ ਦਾ ਜਵਾਬ ‘ਨਹੀਂ’ ਵਿੱਚ ਦਿੱਤਾ। ਉਨ੍ਹਾਂ ਕਿਹਾ ਕਿ ਉਸ ਸਮੇਂ ਸੂਬੇ ਵਿੱਚ ਸਿਆਸੀ ਮਾਹੌਲ ਵੱਖਰਾ ਸੀ ਅਤੇ ਪੂਰੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਲਈ ਕਿਸੇ ਇੱਕ ਵਿਅਕਤੀ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ।
ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪੀੜ੍ਹੀਆਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ ਅਤੇ ਉਨ੍ਹਾਂ ਨੂੰ ਕਿਸੇ ਤੋਂ ਆਪਣੀ ਵਫ਼ਾਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ। ਅੰਤ ਵਿੱਚ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਸਿਰਫ਼ ਚੋਣ ਨਹੀਂ ਹਾਰਿਆ, ਸਗੋਂ ਉਹ ਆਪਣੀ ਜ਼ਿੰਦਗੀ ਗੁਆ ਬੈਠਾ। ਉਨ੍ਹਾਂ ਅਪੀਲ ਕੀਤੀ ਕਿ ਸਿੱਧੂ ਮੂਸੇਵਾਲਾ ਦੀ ਵਿਰਾਸਤ ਅਤੇ ਸ਼ਹਾਦਤ ਨੂੰ ਸਿਆਸੀ ਬਿਆਨਾਂ ਦਾ ਹਿੱਸਾ ਨਾ ਬਣਾਇਆ ਜਾਵੇ।
