ਪਟਿਆਲਾ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ ਮਗਰੋਂ ਅਪਣੀ ਭੁੱਖ ਹੜਤਾਲ ਖਤਮ ਕਰ ਦਿਤੀ ਹੈ। ਇਸ ਦੌਰਾਨ ਇਕ ਉੱਚ-ਪੱਧਰੀ ਵਫ਼ਦ ਨੇ ਜੇਲ ਵਿਚ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਸਨ।
ਇਸ ਵਫਦ ਨੇ ਲਗਭਗ 1 ਇਕ ਘੰਟਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿਤੀ ਹੈ। ਉਨ੍ਹਾਂ ਨੇ ਇਹ ਹੜਤਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਪਵਿੱਤਰ ਜਲ ਛਕ ਕੇ ਖਤਮ ਕੀਤੀ। ਰਾਜੋਆਣਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ 31 ਦਸੰਬਰ 2023 ਤਕ ਉਨ੍ਹਾਂ ਦੇ ਕੇਸ ਬਾਰੇ ਫੈਸਲਾ ਨਹੀਂ ਲੈਂਦੀ ਤਾਂ ਸ਼੍ਰੋਮਣੀ ਕਮੇਟੀ ਰਹਿਮ ਦੀ ਅਪੀਲ ਵਾਪਸ ਲਵੇ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ 20 ਦਸੰਬਰ ਨੂੰ ਦਿੱਲੀ ਵਿਚ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ। ਇਸ ਵਫ਼ਦ ਵਿਚ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਵੀਂ ਦਿੱਲੀ, ਬਰਜਿੰਦਰ ਸਿੰਘ ਹਮਦਰਦ, ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਸ਼ਾਮਲ ਹਨ।