ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਬਣਾਈ ਗਈ ਐੱਸ ਆਈ ਟੀ (SIT) ਅੱਗੇ ਪੇਸ਼ ਹੋਏ ਹਨ।
ਐੱਸ ਆਈ ਟੀ ਨੇ ਉਨ੍ਹਾਂ ਨੂੰ ਰਸਮੀ ਨੋਟਿਸ ਜਾਰੀ ਕਰਕੇ ਅੱਜ 20 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਪੁਲੀਸ ਅਫ਼ਸਰਜ਼ ਇੰਸਟੀਚਿਊਟ, ਸੈਕਟਰ-32, ਚੰਡੀਗੜ੍ਹ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਜੂਦ ਸਨ।
ਸੁਖਬੀਰ ਸਿੰਘ ਬਾਦਲ ਨੇ SIT ਕੋਲ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ, ਜਿਸ ਨੂੰ ਰੋਕਣ ਲਈ ਕਈ ਪਾਰਟੀਆਂ ਵੱਲੋਂ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ।
ਸਾਬਕਾ ਜਥੇਦਾਰ ਦਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਐਸਆਈਟੀ ਨੇ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੇ ਐਸਆਈਟੀ ਸਾਹਮਣੇ ਬਿਆਨ ਦਰਜ ਕਰਵਾਇਆ ਸੀ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਬਹਿਬਲ ਕਲਾਂ ਗੋਲੀ ਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ।
ਗਿਆਨੀ ਰਘਬੀਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ। ਉਨ੍ਹਾਂ ਅਨੁਸਾਰ, ਨਿਹੱਥੇ ਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਇੱਕ ਸਾਜ਼ਿਸ਼ ਵਜੋਂ ਕੀਤੀ ਗਈ ਸੀ।
ਬਹਿਬਲ ਕਲਾਂ ਗੋਲੀਕਾਂਡ
ਅਕਤੂਬਰ 2015 ‘ਚ, ਪੁਲਿਸ ਨੇ ਫਰੀਦਕੋਟ ਜ਼ਿਲ੍ਹੇ ਦੇ ਬਹਿਬਲ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ। ਉਸ ਸਮੇਂ, ਲੋਕ ਬਹਿਬਲ ਕਲਾਂ, ਕੋਟਕਪੂਰਾ ਤੇ ਹੋਰ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਨ। ਪੁਲਿਸ ਗੋਲੀਬਾਰੀ ‘ਚ ਦੋ ਲੋਕਾਂ ਦੀ ਜਾਨ ਚਲੀ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਿਆ ਸੀ।














