ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ । ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਪੈਸਿਆਂ ਬਾਰੇ ਪੁੱਛਗਿੱਛ ਕੀਤੀ ਸੀ । ਜਿਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਆਸ਼ੂ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਦੱਸ ਦੇਈਏ ਕਿ ED ਦੇ ਅਧਿਕਾਰੀਆਂ ਵੱਲੋਂ ਅਦਾਲਤ ਤੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬੜਾ 5 ਦਿਨਾਂ ਦਾ ਰਿਮਾਂਡ ਦਿੱਤਾ ਹੈ। ਜਿਸ ਤੋਂ ਬਾਅਦ 7 ਅਗਸਤ ਨੂੰ ਆਸ਼ੂ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ED ਦੇ ਅਧਿਕਾਰੀ ਜੇ.ਪੀ ਸਿੰਘ ਨੇ ਕਿਹਾ ਕਿ ਮਨੀ ਲਾਂਡਰਿੰਗ ਟੈਂਡਰ ਘੁਟਾਲੇ ਦੇ ਤਹਿਤ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਉਹ ਕੋਈ ਸਪਸ਼ਟ ਜਵਾਬ ਨਹੀਂ ਦੇ ਸਕੇ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਪ੍ਰੈੱਸ ਨੋਟ ਜਾਰੀ ਕੇ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।