ਕਾਠਮੰਡੂ : ਨੇਪਾਲ ਦੀ ਰਾਜਨੀਤੀ ਵਿੱਚ ਇੱਕ ਵੱਡਾ ਉਲਟਫੇਰ ਸਾਹਮਣੇ ਆਇਆ ਹੈ। ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ ਨਵੇਂ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਨੇ ਹਾਲ ਹੀ ਵਿੱਚ ਅਹੁਦੇ ਦੀ ਸਹੁੰ ਚੁੱਕੀ ਹੈ। ਸੱਤਾ ਪਰਿਵਰਤਨ ਤੋਂ ਤੁਰੰਤ ਬਾਅਦ ਹੋਈ ਇਸ ਗ੍ਰਿਫਤਾਰੀ ਨੇ ਦੇਸ਼ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀ ਪਿਛਲੇ ਸਾਲ ਹੋਏ ‘ਜੇਨ-ਜ਼ੀ’ ਵਿਰੋਧ ਪ੍ਰਦਰਸ਼ਨਾਂ ਦੇ ਮਾਮਲੇ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਓਲੀ ਦੇ ਨਾਲ ਉਨ੍ਹਾਂ ਦੇ ਸਾਬਕਾ ਗ੍ਰਹਿ ਮੰਤਰੀ ਰਮੇਸ਼ ਲੇਖਕ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਕਾਠਮੰਡੂ ਵੈਲੀ ਪੁਲਿਸ ਅਨੁਸਾਰ, ਦੋਵਾਂ ਨੂੰ ਸਵੇਰੇ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਸਰਕਾਰ ਨੇ ਸਾਫ਼ ਕੀਤਾ ਹੈ ਕਿ ਇਹ ਕਾਰਵਾਈ ਕਿਸੇ ਬਦਲੇ ਦੀ ਭਾਵਨਾ ਨਾਲ ਨਹੀਂ, ਸਗੋਂ ਕਾਨੂੰਨ ਦੇ ਤਹਿਤ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪਿਛਲੇ ਸਾਲ ਸਤੰਬਰ ਵਿੱਚ ਨੇਪਾਲ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਵਿਰੋਧੀ ਪ੍ਰਦਰਸ਼ਨ ਹੋਏ ਸਨ, ਜਿਨ੍ਹਾਂ ਨੂੰ ‘ਜੇਨ-ਜ਼ੀ’ ਵਿਰੋਧ ਪ੍ਰਦਰਸ਼ਨ ਕਿਹਾ ਗਿਆ। ਇਹ ਪ੍ਰਦਰਸ਼ਨ ਅਚਾਨਕ ਹਿੰਸਕ ਹੋ ਗਏ ਅਤੇ ਦੋ ਦਿਨਾਂ ਦੇ ਅੰਦਰ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਸ ਹਿੰਸਾ ਤੋਂ ਬਾਅਦ ਓਲੀ ਸਰਕਾਰ ‘ਤੇ ਗੰਭੀਰ ਸਵਾਲ ਉੱਠੇ ਅਤੇ ਫਿਰ ਉਨ੍ਹਾਂ ਦੀ ਸਰਕਾਰ ਡਿੱਗ ਗਈ। ਇਨ੍ਹਾਂ ਘਟਨਾਵਾਂ ਨੇ ਦੇਸ਼ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ।
ਹਾਲ ਹੀ ਵਿੱਚ ਬਣੀ ਉੱਚ ਪੱਧਰੀ ਜਾਂਚ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਉਸ ਸਮੇਂ ਉੱਚ ਅਹੁਦਿਆਂ ‘ਤੇ ਬੈਠੇ ਲੋਕਾਂ ਨੇ ਹਾਲਾਤ ਨੂੰ ਸੰਭਾਲਣ ਵਿੱਚ ਲਾਪਰਵਾਹੀ ਵਰਤੀ। ਕਮਿਸ਼ਨ ਨੇ ਓਲੀ ਅਤੇ ਰਮੇਸ਼ ਲੇਖਕ ਸਮੇਤ ਕਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ।
ਨਵੇਂ ਗ੍ਰਹਿ ਮੰਤਰੀ ਸੁਦਨ ਗੁਰੂਂਗ ਨੇ ਕਿਹਾ ਕਿ “ਵਾਅਦਾ ਤਾਂ ਵਾਅਦਾ ਹੁੰਦਾ ਹੈ” ਅਤੇ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ। ਉਨ੍ਹਾਂ ਸਾਫ਼ ਕੀਤਾ ਕਿ ਇਹ ਕਦਮ ਇਨਸਾਫ਼ ਦੀ ਦਿਸ਼ਾ ਵਿੱਚ ਪਹਿਲਾ ਕਦਮ ਹੈ ਅਤੇ ਦੇਸ਼ ਨੂੰ ਨਵੀਂ ਸੇਧ ਦੇਣ ਦੀ ਕੋਸ਼ਿਸ਼ ਹੈ। ਸਰਕਾਰ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਆਪਣਾ ਕੰਮ ਕਰੇਗਾ।
