ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਗੌਰਵ ਤੂਰਾ ਐਸਐਸਪੀ ਤਰਨ ਤਾਰਨ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਨਸ਼ੇ ’ਤੇ ਕਾਬੂ ਪਾਉਣ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਜਾ ਰਿਹਾ ਹੈ, ਤਾਂ ਜੋ ਕਿ ਨਸ਼ੇ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਇਸੇ ਲੜੀ ਤਹਿਤ ਸਬ ਡਿਵੀਜ਼ਨ ਭਿੱਖੀਵਿੰਡ ਦੀ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕਸਦੇ ਹੋਏ ਦੋ ਮੁਲਜ਼ਮਾਂ ਦੀ 1 ਕਰੋੜ 14 ਲੱਖ 60 ਹਜ਼ਾਰ ਦੀ ਜਾਇਦਾਦ ਜ਼ਬਤ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਸਾਲ 2023 ’ਚ ਥਾਣਾ ਖਾਲੜਾ ਵਿਖੇ ਮੁਕਦਮਾ ਨੰਬਰ 49/23 ਧਾਰਾ 21ਸੀ ਐਨਡੀ ਪੀਐਸ ਐਕਟ ਤਹਿਤ ਦੋ ਨਸ਼ਾ ਸਮਗਲਰਾਂ ਖਿਲਾਫ਼ ਦਰਜ ਕੀਤਾ ਗਿਆ ਸੀ । ਜਿਸ ਸਬੰਧੀ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਰਵਾਈ ਲਈ ਦਿੱਲੀ ਕੰਪੀਟੈਂਟ ਅਥਾਰਿਟੀ ਨੂੰ ਲਿਖਿਆ ਗਿਆ ਸੀ, ਜਿਸ ਤੋਂ ਬਾਅਦ ਦੋ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਆਰਡਰ ਪ੍ਰਾਪਤ ਹੋ ਗਏ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ ਨਸ਼ਾ ਸਮੱਗਲਰ ਸੁਰਜੀਤ ਸਿੰਘ ਸਿੰਘ ਪੁੱਤਰ ਬੋਹਰਾ ਸਿੰਘ ਵਾਸੀ ਪਿੰਡ ਮਾੜੀ ਕੰਬੋਕੇ ਅਤੇ ਰੇਸ਼ਮ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਡੱਲ ਪਾਸੋਂ ਥਾਣਾ ਖਾਲੜਾ ਦੀ ਪੁਲਿਸ ਨੇ 3 ਕਿਲੋ 834 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ 1 ਕਰੋੜ 14 ਲੱਖ 60 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।