ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਸੁਪਰੀਮ ਕੋਰਟ ਵਿੱਚ ਤਿੰਨ ਜੱਜਾਂ ਦੀ ਬੇਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ। ਬੇਂਚ ਨੇ ਈਡੀ ਨੂੰ ਪੁੱਛਿਆ ਸੀ ਕਿ ਆਖਿਰ ਸੰਜੇ ਸਿੰਘ ਨੂੰ ਹੁਣ ਵੀ ਜੇਲ੍ਹ ਵਿੱਚ ਰੱਖਣ ਦੀ ਜ਼ਰੂਰਤ ਕਿਉਂ ਹੈ? ਕੋਰਟ ਨੂੰ ਸੰਜੇ ਸਿੰਘ ਦੇ ਵਕੀਲ ਨੇ ਦੱਸਿਆ ਸੀ ਕਿ ਮਨੀ ਲਾਂਡਰਿੰਗ ਦੀ ਪੁਸ਼ਟੀ ਨਹੀਂ ਹੋਈ ਹੈ ਤੇ ਮਨੀ ਟ੍ਰੇਲ ਦਾ ਵੀ ਪਤਾ ਨਹੀਂ ਲੱਗਿਆ ਹੈ। ਇਸਦੇ ਬਾਵਜੂਦ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ।

ਦੱਸ ਦੇਈਏ ਕਿ ਸੁਪਰੀਮ ਕੋਰਟ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਸੰਜੇ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਸੁਪਰੀਮ ਕੋਰਟ ਬੇਂਚ ਨੇ AAP ਸਾਂਸਦ ਦੇ ਵਕੀਲ ਦੀ ਮੰਨੀ ਕਿ ਸੰਜੇ ਸਿੰਘ ਦੇ ਕਬਜ਼ੇ ਵਿੱਚੋਂ ਕੋਈ ਪੈਸੇ ਬਰਾਮਦ ਨਹੀਂ ਹੋਏ ਤੇ ਉਨ੍ਹਾਂ ‘ਤੇ ਦੋ ਕਰੋੜ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਦੀ ਜਾਂਚ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਸੰਜੇ ਸਿੰਘ ਨੂੰ ED ਨੇ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਵਿੱਚ ED ਨੇ AAP ਸਾਂਸਦ ਦੀ ਜ਼ਮਾਨਤ ਪਟੀਸ਼ਨ ‘ਤੇ ਵਿਰੋਧ ਕੀਤਾ ਸੀ। ਸੰਜੇ ਸਿੰਘ ਨੇ ਇਸ ਆਧਾਰ ‘ਤੇ ਜ਼ਮਾਨਤ ਮੰਗੀ ਸੀ ਕਿ ਉਹ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹੈ ਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ ਹੈ।