ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਹਾਈਕੋਰਟ ਚ ਸੁਣਵਾਈ ਹੋਈ ਹਾਈ ਕੋਰਟ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮੰਨਿਆ ਜਾ ਰਿਹਾ ਹੈ ਕਿ ਜ਼ਮਾਨਤ ਲਈ ਮਜੀਠੀਆ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬੀਤੀ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਪੰਜ ਮਹੀਨਿਆਂ ਤੋਂ ਨਾਭਾ ਦੀ ਜ਼ੇਲ੍ਹ ਵਿੱਚ ਬੰਦ ਹਨ। 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ। ਜਿਸ ਤੋਂ ਬਾਅਦ 26 ਜੂਨ ਨੂੰ, ਮੋਹਾਲੀ ਦੀ ਇੱਕ ਅਦਾਲਤ ਨੇ ਉਸਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ, ਜਿਸਨੂੰ ਬਾਅਦ ਵਿੱਚ ਚਾਰ ਦਿਨ ਵਧਾ ਦਿੱਤਾ ਗਿਆ। ਬਾਅਦ ਵਿੱਚ ਉਸਨੂੰ 6 ਜੁਲਾਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਦੋਂ ਤੋਂ ਹੀ ਮਜੀਠੀਆ ਜੁਡੀਸ਼ੀਅਲ ਰਿਮਾਂਡ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੇ ਇਸ ਸਾਲ ਦੇ ਮੁੱਖ ਤਿਉਹਾਰ – ਰੱਖੜੀ, ਦੀਵਾਲੀ, ਦੁਸਹਿਰਾ ਅਤੇ ਗੁਰੂ ਨਾਨਕ ਜਯੰਤੀ ਆਦਿ ਜੇਲ੍ਹ ਵਿੱਚ ਹੀ ਮਨਾਏ।

ਦੂਜੇ ਪਾਸੇ, ਮੋਹਾਲੀ ਦੀ ਇੱਕ ਅਦਾਲਤ ਅੱਜ ਬਿਕਰਮ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਭਗੌੜਾ ਘੋਸ਼ਿਤ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਆਪਣਾ ਜਵਾਬ ਦਾਇਰ ਕਰਨਗੇ। ਉਨ੍ਹਾਂ ਨੂੰ ਪਹਿਲਾਂ ਹੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਚੁੱਕਾ ਹੈ।