2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦਾ ਐਲਾਨ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬਿਨ ਅਤੇ ਹੋਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਗਠਜੋੜ ‘ਤੇ ਮੋਹਰ ਲਗਾ ਦਿੱਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਹਾਂ ਪਾਰਟੀਆਂ ਦੇ ਗਠਜੋੜ ਦਾ ਐਲਾਨ ਕਰਦਿਆਂ ਕਿਹਾ ਪੰਜਾਬ ਵਿਧਾਨ ਸਭਾ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਚੋਣ ਲੜਨਗੇ। ਅੱਜ ਤੋਂ ਸ਼੍ਰੋਮਣੀ ਅਕਾਲੀ ਦਲ NDA ਦੇ ਸਾਥੀ ਵਜੋਂ ਰਾਜਨੀਤੀ ‘ਚ ਕੰਮ ਕਰੇਗਾ। ਮੈਂ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਦਾ NDA ‘ਚ ਦਿਲੋਂ ਸਵਾਗਤ ਕਰਦਾ ਹਾਂ।

ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਕੱਲ੍ਹ, ਜਦੋਂ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ NDA ਦੇ ਵਿਸਤਾਰ ਬਾਰੇ ਚਰਚਾ ਹੋਈ, ਤਾਂ ਉਹ ਬਹੁਤ ਖੁਸ਼ ਹੋਏ। ਉਨ੍ਹਾਂ ਨੇ ਸੁਖਬੀਰ ਬਾਦਲ ਅਤੇ ਰਾਸ਼ਟਰੀ ਪ੍ਰਧਾਨ ਨਾਲ ਗੱਲ ਕਰਕੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਹੁਣ NDA ਮੁਕੰਮਲ ਹੋ ਗਿਆ ਹੈ। ਬਾਦਲ ਸਾਬ੍ਹ ਦੀ ਪਾਰਟੀ ਦੇ ਨਾਲ ਹੀ NDA ਪੂਰਾ ਹੁੰਦਾ ਹੈ। ਭਾਜਪਾ ਅਤੇ ਅਕਾਲੀ ਦਲ ਵਿਚਕਾਰ ਵੀ ਬਹੁਤ ਮਜ਼ਬੂਤ ​​ਸਬੰਧ ਹਨ। ਇਹ ਗੱਠਜੋੜ ਪੰਜਾਬ ਅਤੇ ਪੂਰੇ ਦੇਸ਼ ਵਿੱਚ ਹਿੰਦੂ-ਸਿੱਖ ਭਾਈਚਾਰੇ ਦਾ ਪ੍ਰਤੀਕ ਬਣੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਦੇ ਸ਼ੁਭ ਦਿਨ ਦੋਹਾਂ ਪਾਰਟੀਆਂ ਵਿਚਾਲੇ ਗਠਜੋੜ ਹੋਇਆ ਹੈ। ਇਹ ਸਿਰਫ਼ ਰਾਜਨੀਤਿਕ ਹੀ ਨਹੀਂ, ਇਮੋਸ਼ਨਲ ਗਠਜੋੜ ਹੈ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਹੈ। ਪੰਜਾਬ, ਦੇਸ਼ ਤੇ ਸਿੱਖ ਕੌਮ ਦੇ ਹੱਕ ਵਿੱਚ ਦੋਹਾਂ ਪਾਰਟੀਆਂ ਵਿੱਚ ਗਠਜੋੜ ਹੋਇਆ ਹੈ। ਇਹ ਗਠਜੋੜ ਪੰਜਾਬ ਦੇ ਹਿੱਤ ਲਈ ਹੈ। ਗਠਜੋੜ ਦੌਰਾਨ ਪੰਜਾਬ ਤਰੱਕੀ ਵਿੱਚ ਰਿਹਾ ਹੈ ਅਤੇ ਲੋਕਾਂ ‘ਚ ਭਾਈਚਾਰਕ ਸਾਂਝ ਰਹੀ ਹੈ।