ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੇਸ਼ ਕੀਤੇ ਗਏ ਬਜਟ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ।

ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮਾਲੀਆ ਘਾਟਾ ਜੀਐਸਡੀਪੀ ਦੇ 2.06 ਫੀਸਦ ਅਤੇ ਵਿੱਤੀ ਘਾਟਾ 4.08 ਫੀਸਦ ਰਹਿਣ ਦਾ ਅਨੁਮਾਨ ਹੈ। ਇਹ ਕਹਿੰਦਿਆਂ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ, ਉਨ੍ਹਾਂ ਨੇ ਇਸ ਬਜਟ “ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਵਾਲਾ ਬਜਟ” ਦੱਸਿਆ।

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੇਸ਼ ਕੀਤੇ ਗਏ ਬਜਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਪੇਸ਼ ਕੀਤੀ ਗਈ ਹੈ, ਜਿਸਨੂੰ ਵਿੱਤ ਮੰਤਰੀ ਨੇ ਔਰਤਾਂ ਲਈ ਪਹਿਲੀ ਯੂਨੀਵਰਸਲ ਕੈਸ਼ ਟ੍ਰਾਂਸਫਰ ਪਹਿਲਕਦਮੀ ਦੱਸਿਆ। ਇਸ ਯੋਜਨਾ ਬਾਰੇ ਵਿਸਤਾਰ ਸਹਿਤ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸਰਕਾਰ ਸਾਰੀਆਂ ਯੋਗ ਬਾਲਗ ਔਰਤਾਂ ਦੇ ਖਾਤਿਆਂ ਵਿੱਚ ਸਿੱਧੇ 1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਬਾਲਗ ਔਰਤਾਂ ਦੇ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਪਾਏਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਲਗਭਗ 97 ਫੀਸਦ ਬਾਲਗ ਔਰਤਾਂ ਨੂੰ ਕਵਰ ਕਰਦਿਆਂ 9,300 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਸਹੂਲਤ ਨੂੰ ਜਾਰੀ ਰੱਖਦਿਆਂ 600 ਕਰੋੜ ਰੁਪਏ, 27,000 ਤੋਂ ਵੱਧ ਆਂਗਣਵਾੜੀ ਕੇਂਦਰਾਂ ਨੂੰ ਕਵਰ ਕਰਦੀਆਂ ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐਸ) ਲਈ 932 ਕਰੋੜ ਰੁਪਏ ਅਤੇ ਲੋੜਵੰਦ ਔਰਤਾਂ ਤੇ ਕਿਸ਼ੋਰ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਪ੍ਰਦਾਨ ਕਰਨ ਲਈ ਨਵੀਂ ਦਿਸ਼ਾ ਯੋਜਨਾ ਵਾਸਤੇ ਬਜਟ ਵਿੱਚ 65 ਕਰੋੜ ਰੁਪਏ ਰੱਖੇ ਹਨ।

ਸਿੱਖਿਆ ਖੇਤਰ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ 19,279 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਸੱਤ ਫੀਸਦ ਦੇ ਵਾਧੇ ਨੂੰ ਦਰਸਾਉਂਦਾ ਹੈ। ਸਿੱਖਿਆ ਖੇਤਰ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕੌਮੀ ਪਰਖ ਮੁਲਾਂਕਣ ਵਿੱਚ ਪੰਜਾਬ ਦਾ ਸਿਖਰਲਾ ਰੈਂਕ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ‘ਤੇ ਮੋਹਰ ਲਾਉਂਦਾ ਹੈ। ਵਿੱਤ ਮੰਤਰੀ ਨੇ “ਸਿੱਖਿਆ ਕ੍ਰਾਂਤੀ 2.0” ਪਹਿਲਕਦਮੀ ਦੀ ਸ਼ੁਰੂਆਤ ਦਾ ਐਲਾਨ ਵੀ ਕੀਤਾ, ਜੋ ਕਿ ਇਨਕਲਾਬੀ ਸੁਧਾਰਾਂ ਦੇ ਨਾਲ ਸਿੱਖਿਆ ਦੇ ਮਾਹੌਲ ਨੂੰ ਬਦਲਣ ਦੇ ਉਦੇਸ਼ ਨਾਲ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਲਾਗੂ ਕੀਤਾ ਜਾਣ ਵਾਲਾ 3,500 ਕਰੋੜ ਰੁਪਏ ਦਾ ਪ੍ਰੋਜੈਕਟ ਹੈ।

ਪ੍ਰਸਤਾਵਾਂ ਦਾ ਵੇਰਵਾ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਜਟ ਵਿੱਚ ਵਿਆਪਕ ਪੱਧਰ ‘ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਕਰਨਾ ਸ਼ਾਮਲ ਹੈ, ਜਿਸ ਵਿੱਚ ਚਾਰਦੀਵਾਰੀ, ਪਖਾਨੇ, ਸੁਰੱਖਿਆ ਕਰਮਚਾਰੀ ਅਤੇ ਵੱਡੇ ਪੱਧਰ ‘ਤੇ ਸਕੂਲਾਂ ਨੂੰ ਸਫੈਦੀ ਕਰਨ ਦੀ ਮੁਹਿੰਮ ਸ਼ਾਮਲ ਹੈ। ਸਕੂਲਾਂ ਵਿੱਚ ਕੰਪਿਊਟਰਾਂ ਅਤੇ ਇੰਟਰਐਕਟਿਵ ਪੈਨਲਾਂ ਦੀ ਵਿਵਸਥਾ ਰਾਹੀਂ ਡਿਜੀਟਲ ਤਬਦੀਲੀ ਦੇ ਉਦੇਸ਼ ਨਾਲ 395 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸਦੇ ਨਾਲ ਹੀ ਸਕੂਲ ਆਫ਼ ਐਮੀਨੈਂਸ ਦੇ ਸਫ਼ਲ ਮਾਡਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਤਕਰੀਬਨ 7.35 ਲੱਖ ਤੋਂ ਵੱਧ ਵਿਦਿਆਰਥੀਆਂ ਲਈ ਇੱਕ ਰਾਜ ਵਿਆਪੀ ਕਰੀਅਰ ਕਾਉਂਸਲਿੰਗ ਢਾਂਚਾ ਸਥਾਪਤ ਕੀਤਾ ਜਾਵੇਗਾ।

ਉਚੇਰੀ ਸਿੱਖਿਆ ਬਾਰੇ ਗੱਲ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰਾਜ ਦੀਆਂ ਯੂਨੀਵਰਸਿਟੀਆਂ ਨੂੰ ਗ੍ਰਾਂਟ-ਇਨ-ਏਡ ਵਜੋਂ 1,760 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਦੋਂ ਕਿ ਤਕਨੀਕੀ ਸਿੱਖਿਆ ਲਈ 569 ਕਰੋੜ ਰੁਪਏ ਰੱਖੇ ਗਏ ਹਨ, ਜਿਸ ਵਿੱਚ ਕੈਦੀਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਲਈ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼. ਦੀ ਸਥਾਪਨਾ ਵੀ ਸ਼ਾਮਲ ਹੈ। ‘ਆਪ’ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਸਿਹਤ ਸੰਭਾਲ ਵੱਲ ਰੁਖ਼ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਇਸ ਮੰਤਵ ਲਈ 6,879 ਕਰੋੜ ਰੁਪਏ ਦਾ ਬਜਟ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲਈ 2,000 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ, ਜਿਸ ਵਿੱਚ ਮੌਜੂਦਾ ਸਮੇਂ 881 ਕਲੀਨਿਕ ਕਾਰਜਸ਼ੀਲ ਹਨ, ਦਾ ਵਿਸਥਾਰ ਕਰਦਿਆਂ 143 ਨਵੇਂ ਕਲੀਨਿਕਾਂ ਖੋਲ੍ਹੇ ਜਾਣਗੇ ਅਤੇ 308 ਸਹਾਇਕ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਕਲੀਨਿਕਾਂ ਦੀ ਕੁੱਲ ਗਿਣਤੀ 1,432 ਹੋ ਜਾਣਗੀ।

ਇਸਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਉੱਨਤ ਡਾਕਟਰੀ ਉਪਕਰਨਾਂ ਲਈ ਬਜਟ ਵਿੱਚ 300 ਕਰੋੜ ਰੁਪਏ ਰੱਖੇ ਗਏ ਹਨ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਆਧੁਨਿਕ ਟਰੌਮਾ ਸੈਂਟਰ ਅਤੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ ਇਸ ਤੋਂ ਇਲਾਵਾ ਇਸ ਵਿੱਚ ਮਾਹਰ ਡਾਕਟਰਾਂ ਲਈ ਆਨ-ਕਾਲ ਪ੍ਰੋਤਸਾਹਨ ਦੀ ਵਿਵਸਥਾ ਵੀ ਸ਼ਾਮਲ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਲਈ 1,220 ਕਰੋੜ ਰੱਖੇ ਗਏ ਹਨ। ਉਨ੍ਹਾਂ ਨੇ ਮੋਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਸੁਵਿਧਾ, ਸੱਤ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਅਤੇ ਮਲੇਰਕੋਟਲਾ ਵਿੱਚ ਨਵੇਂ ਮੈਡੀਕਲ ਕਾਲਜ ਲਈ ਜ਼ਮੀਨ ਖਰੀਦਣ ਵਰਗੇ ਕਦਮਾਂ ਦਾ ਵੀ ਜ਼ਿਕਰ ਕੀਤਾ।

ਖੇਤੀਬਾੜੀ ਖੇਤਰ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 7,715 ਕਰੋੜ ਰੁਪਏ, ਬੀ.ਟੀ. ਕਪਾਹ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਤੇ ਸਾਉਣੀ ਮੱਕੀ ਲਈ ਪ੍ਰੋਤਸਾਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਵਾਸਤੇ 600 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਨੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ) ਵੱਲੋਂ ਸਮਰਥਤ 1,300 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਵੀ ਐਲਾਨ ਕੀਤਾ ਜਿਸਦਾ ਉਦੇਸ਼ 2035 ਤੱਕ ਬਾਗਬਾਨੀ ਰਕਬੇ ਨੂੰ 300 ਫੀਸਦ ਤੱਕ ਵਧਾਉਣਾ ਹੈ।