ਚੰਡੀਗੜ੍ਹ: ਦਿੱਲੀ ਵਿੱਚ ਬੀਤੇ ਦਿਨ ਹੋਈ ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਸ਼ਾਮਲ ਨਹੀਂ ਹੋਏ। ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਸਿਆਸੀ ਚਰਚਾ ਸ਼ੁਰੂ ਹੋ ਗਈ ਸੀ। ਹਾਲਾਂਕਿ ਹੁਣ ਇਸ ਦੀ ਵਜ੍ਹਾ ਸਪੱਸ਼ਟ ਹੋ ਗਈ ਹੈ।
ਚੰਨੀ ਇਸ ਸਮੇਂ ਪੰਜਾਬ ਯੂਨੀਵਰਸਿਟੀ ਵਿੱਚ ਆਪਣੀ ਪੜ੍ਹਾਈ ਅਤੇ ਪ੍ਰੀਖਿਆ ਦੀ ਤਿਆਰੀ ਵਿੱਚ ਰੁੱਝੇ ਹੋਏ ਹਨ। ਇਸੇ ਦੌਰਾਨ ਅੱਜ ਉਨ੍ਹਾਂ ਦੀ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਉਹ ਯੂਨੀਵਰਸਿਟੀ ਦੀ ਪ੍ਰੀਖਿਆ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਪਬਲਿਕ ਐਡਮਨਿਸਟਰੇਸ਼ਨ ਵਿੱਚ ਕਰ ਰਹੇ ਮਾਸਟਰ ਡਿਗਰੀ
ਚਰਨਜੀਤ ਸਿੰਘ ਚੰਨੀ ਪੰਜਾਬ ਯੂਨੀਵਰਸਿਟੀ ਤੋਂ ਪਬਲਿਕ ਐਡਮਨਿਸਟਰੇਸ਼ਨ ਵਿੱਚ ਮਾਸਟਰ ਡਿਗਰੀ ਕਰ ਰਹੇ ਹਨ। ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਉਨ੍ਹਾਂ ਦੀ ਯੋਜਨਾ ਪਬਲਿਕ ਪਾਲਿਸੀ ਰਿਫਾਰਮ ਦੇ ਖੇਤਰ ਵਿੱਚ ਇੱਕ ਹੋਰ ਪੀਐਚਡੀ ਕਰਨ ਦੀ ਹੈ।
ਚੰਨੀ ਪਹਿਲਾਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਰਾਜਨੀਤੀ ਵਿਗਿਆਨ ਵਿੱਚ ਪੀਐਚਡੀ ਕਰ ਚੁੱਕੇ ਹਨ। ਇਸ ਤਰ੍ਹਾਂ ਉਹ ਸਿਆਸੀ ਸਰਗਰਮੀਆਂ ਦੇ ਨਾਲ ਆਪਣੀ ਪੜ੍ਹਾਈ ਵੀ ਜਾਰੀ ਰੱਖ ਰਹੇ ਹਨ।
ਮੀਟਿੰਗ ਤੋਂ ਗੈਰਹਾਜ਼ਰੀ ’ਤੇ ਹੋਈ ਸੀ ਚਰਚਾ
CWC ਦੀ ਮੀਟਿੰਗ ਤੋਂ ਪਹਿਲਾਂ ਚੰਨੀ ਨੇ ਜ਼ਰੂਰੀ ਕੰਮ ਦਾ ਹਵਾਲਾ ਦਿੰਦਿਆਂ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੀ ਗੈਰਹਾਜ਼ਰੀ ਨੂੰ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਖਿੱਚੋਤਾਣ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਸੀ।
ਹਾਲਾਂਕਿ ਉਸੇ ਦੌਰਾਨ ਇਹ ਜਾਣਕਾਰੀ ਵੀ ਸਾਹਮਣੇ ਆਈ ਸੀ ਕਿ ਚੰਨੀ ਦੀ ਪੰਜਾਬ ਯੂਨੀਵਰਸਿਟੀ ਵਿੱਚ ਪ੍ਰੀਖਿਆ ਹੈ। ਹੁਣ ਪ੍ਰੀਖਿਆ ਦਿੰਦੇ ਹੋਏ ਉਨ੍ਹਾਂ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ CWC ਮੀਟਿੰਗ ਵਿੱਚ ਉਨ੍ਹਾਂ ਦੀ ਗੈਰਹਾਜ਼ਰੀ ਦੀ ਵਜ੍ਹਾ ਹੋਰ ਸਪੱਸ਼ਟ ਹੋ ਗਈ ਹੈ।
ਪੰਜਾਬ ਕਾਂਗਰਸ ’ਚ ਅੰਦਰੂਨੀ ਟਕਰਾਅ
ਦੂਜੇ ਪਾਸੇ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਟਕਰਾਅ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਸਿਆਸੀ ਦੂਰੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।
ਦੋਵੇਂ ਆਗੂਆਂ ਦੇ ਸਮਰਥਕਾਂ ਵਿਚਾਲੇ ਵੀ ਕਈ ਮੌਕਿਆਂ ’ਤੇ ਤਕਰਾਰ ਦੇਖਣ ਨੂੰ ਮਿਲੀ ਹੈ। ਇਸ ਤੋਂ ਇਲਾਵਾ ਦੋਵਾਂ ਆਗੂਆਂ ਦੇ ਸਮਰਥਕਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਪੋਸਟਰ ਲਗਾਉਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਖ਼ਿਲਾਫ਼ ਪੋਸਟਰ ਲਗਾਉਣ ਦਾ ਮਾਮਲਾ ਵੀ ਚਰਚਾ ਵਿੱਚ ਆਇਆ ਸੀ।














