MSP ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਬਾਰਡਰ ‘ਤੇ ਹਨ। ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਭਲਕੇ ਮੀਟਿੰਗ ਹੋਈ ਹੈ ਜਿਸ ਦੇ ਨਤੀਜੇ ਦੇ ਆਧਾਰ ‘ਤੇ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਪੰਜਾਬ ਸਰਕਾਰ ਕਿਸਾਨਾਂ ਦੇ ਸਮਰਥਨ ਵਿਚ ਹੈ ਤੇ ਉਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਡਟੇ ਰਹਿਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਭ ਦੇ ਦਰਮਿਆਨ ਸੂਚਨਾ ਤੇ ਜਨ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕਿਸਾਨਾਂ ਦੇ ਹੱਕ ਵਿਚ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰੇਕ ਬੰਦਾ ਸਿੱਧੇ ਜਾਂ ਅਸਿੱਧੇ ਤੌਰ ‘ਤੇ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਕਿਸਾਨਾਂ ਵਾਂਗ ਅਸੀਂ ਉਨ੍ਹਾਂ ਹੀ ਮੁਸੀਬਤਾਂ ਤੋਂ ਲੰਘ ਰਹੇ ਹਾਂ। ਸਾਡੀ ਕੋਸ਼ਿਸ਼ ਹੈ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨੇ, ਹਰਿਆਣਾ ਦੀਆਂ ਹੱਦਾਂ ‘ਤੇ ਕੀਤਾ ਜਾ ਰਿਹਾ ਘਾਣ ਤੇ ਤਸ਼ੱਦਦ ਅਣਮਨੁੱਖੀ ਹੈ..ਕਈ ਕਿਸਾਨਾਂ ਦੇ ਸੱਟਾਂ ਵੱਜੀਆਂ ਤੇ ਇਕ ਕਿਸਾਨ ਦੀ ਜਾਨ ਵੀ ਗਈ ਹੈ, ਇਸ ਲਈ ਕੇਂਦਰ ਦੀ ਭਾਜਪਾ ਸਰਕਾਰ ਤੁਰੰਤ ਕਿਸਾਨੀ ਮੰਗਾਂ ਮੰਨੇ, ਮਾਨ ਸਰਕਾਰ ਕਿਸਾਨਾਂ ਦੇ ਨਾਲ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਗੱਲਬਾਤ ਜ਼ਰੀਏ ਮਸਲੇ ਨੂੰ ਹੱਲ ਕਰੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਵਿਚਾਲੇ ਜਿੰਨੀਆਂ ਵੀ ਮੀਟਿੰਗਾਂ ਹੋਈਆਂ ਹਨ, ਮੁੱਖ ਮੰਤਰੀ ਭਗਵੰਤ ਮਾਨ ਸਾਰੀਆਂ ਮੀਟਿੰਗਾਂ ਵਿਚ ਸ਼ਾਮਲ ਹੋਏ ਹਨ ਕਿਉਂਕਿ ਸਾਡੀ ਕੋਸ਼ਿਸ਼ ਹੈ ਕਿ ਕੇਂਦਰ ਪਹਿਲ ਦੇ ਆਧਾਰ ‘ਤੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰੇ।