ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ CM ਭਗਵੰਤ ਮਾਨ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ 5 ਲੱਖ ਰੁਪਏ ਦਿੱਤੇ ਜਾਣਗੇ। ਇਸਦੇ ਨਾਲ ਹੀ ਇਨ੍ਹਾਂ ਪਿੰਡਾਂ ਨੂੰ ਸਕੂਲ, ਸਟੇਡੀਅਮ ਤੇ ਹਸਪਤਾਲ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਨੀਂਹ ਹਨ। ਜੇਕਰ ਪੰਚਾਇਤ ਚੰਗੀ ਹੈ ਤਾਂ ਪੂਰਾ ਪਿੰਡ ਤਰੱਕੀ ਕਰ ਜਾਂਦਾ ਹੈ।
CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ । ਇਹ ਚੋਣਾਂ ਕਿਸੇ ਵੀ ਸਿਆਸੀ ਪਾਰਟੀ ਦੇ ਨਿਸ਼ਾਨ ‘ਤੇ ਨਹੀਂ ਲੜੀਆਂ ਜਾ ਸਕਦੀਆਂ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪਿੰਡਾਂ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡਾਂ ਦਾ ਹੋਵੇ। ਉਨ੍ਹਾਂ ਨੇ ਉੱਲੂ ਅਤੇ ਹੰਸ ਦੀ ਕਹਾਣੀ ਸੁਣਾ ਕੇ ਪੰਚਾਇਤੀ ਚੋਣਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸਰਬਸੰਮਤੀ ਨਾਲ ਚੋਣਾਂ ਕਰਵਾਈਆਂ ਜਾਣ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ । ਅੱਜਕੱਲ੍ਹ ਸਰਪੰਚੀ ਦੀਆਂ ਚੋਣਾ ’ਤੇ 40-40 ਲੱਖ ਰੁਪਏ ਖਰਚੇ ਜਾਂਦੇ ਹਨ।