ਜਲੰਧਰ ਵਿੱਚ ਵੀਰਵਾਰ ਨੂੰ 78ਵੇਂ ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ CM ਭਗਵੰਤ ਮਾਨ ਨੇ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 78 ਸਾਲ ਹੋ ਗਏ ਹਨ । ਅਜ਼ਾਦੀ ਪੰਜਾਬੀਆਂ ਲਈ ਬਹੁਤ ਮਹੱਤਵ ਰੱਖਦੀ ਹੈ, ਕਿਉਂਕਿ ਆਜ਼ਾਦੀ ਲਈ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਆਜ਼ਾਦੀ ਮਿਲਣ ਦੇ ਨਾਲ ਹੀ ਪੰਜਾਬ ਨੇ ਵੰਡ ਦਾ ਦੁੱਖ ਝੇਲਿਆ ਹੈ। ਸਾਨੂੰ ਅਜ਼ਾਦੀ ਬਹੁਤ ਮਹਿੰਗੀ ਮਿਲੀ ਹੈ, ਪਰ ਦੇਸ਼ ਦੀ ਤਰੱਕੀ ਵਿੱਚ ਪੰਜਾਬੀਆਂ ਨੇ ਜੋ ਯੋਗਦਾਨ ਦਿੱਤਾ ਹੈ ਉਹ ਬੇਮਿਸਾਲ ਹੈ।
ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਨੂੰ ਆਜ਼ਾਦੀ ਮਿਲੀ ਤਾਂ ਅਨਾਜ ਸੰਕਟ ਸੀ। ਅਮਰੀਕਾ ਵਰਗੇ ਦੇਸ਼ਾਂ ਤੋਂ ਅਨਾਜ ਮੰਗਵਾਉਣਾ ਪੈਂਦਾ ਸੀ, ਪਰ ਫਿਰ ਹਰੀ ਕ੍ਰਾਂਤੀ ਆਈ । ਪੰਜਾਬ ਨੇ ਇਸ ਵਿੱਚ ਪੂਰਾ ਸਹਿਯੋਗ ਦਿੱਤਾ । ਦੇਸ਼ ਦੇ ਅਨਾਜ ਭੰਡਾਰ ਭਰ ਦਿੱਤੇ, ਪਰ ਇਹ ਕ੍ਰਾਂਤੀ ਬਹੁਤ ਮਹਿੰਗੀ ਪਈ ਹੈ । ਸਾਡੀ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਹੁਣ ਸਾਨੂੰ ਪਾਣੀ ਬਚਾਉਣ ਲਈ ਲਹਿਰ ਚਲਾਉਣੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 78 ਸਾਲ ਹੋ ਗਏ ਹਨ ਪਰ ਪੁਰਾਣੀਆਂ ਸੜਕਾਂ, ਸੀਵਰੇਜ ਅਤੇ ਕੂੜੇ ਦੇ ਢੇਰਾਂ ਦੀ ਸਮੱਸਿਆ ਅਜੇ ਵੀ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ਦੇ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ । ਆਜ਼ਾਦੀ ਤੋਂ ਬਾਅਦ ਮਾਲਵਾ ਨਹਿਰ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਧਾਰ ਕਲਾਂ ਵਿੱਚ 206 ਮੈਗਾਵਾਟ ਦਾ ਨਵਾਂ ਡੈਮ ਬਣਾਇਆ ਜਾ ਰਿਹਾ ਹੈ । ਇਸ ਨਾਲ ਬਿਜਲੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਤੋਂ ਅੱਗੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਹਲਾਈ ਵਿੱਚ 35 ਫੁੱਟ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਦੇ ਨਾਂ ’ਤੇ ਰੱਖਣ ਦਾ ਪ੍ਰਸਤਾਵ ਵੀ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਅਸੀਂ ਸ਼ਹੀਦਾਂ ਨੂੰ ਸਨਮਾਨ ਦੇਣ ਦੀ ਕੋਸ਼ਿਸ਼ ਕਰਾਂਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਚੰਗੀ ਸਿੱਖਿਆ ਦਿੱਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਉੱਥੇ ਹੀ 829 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਦੋ ਕਰੋੜ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਤੁਹਾਡੇ ਘਰ ‘ਤੇ ਮੁਹਿੰਮ ਸ਼ੁਰੂ ਕੀਤੀ ਹੈ । ਹੁਣ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਹ ਸਾਡੀ ਸਰਕਾਰ ਦੀ ਪਹਿਲ ਹੈ । ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਬਣਾਈ ਗਈ ਹੈ। 14 ਹਜ਼ਾਰ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। 14394 ਨਸ਼ਾ ਤਸਕਰ ਫੜੇ ਗਏ ਹਨ। ਨਸ਼ਾ ਤਸਕਰਾਂ ਦੀ 173 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।