ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ।
ਜਲੰਧਰ ਪੱਛਮੀ ਵਿਧਾਨ ਸਭਾ ਅਧੀਨ ਪੈਂਦੇ ਵਾਰਡ ਨੰਬਰ 35, 41, 44 ਅਤੇ ਵਾਰਡ ਨੰਬਰ 76 ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ।
ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਤੁਹਾਡਾ ਉਮੀਦਵਾਰ ਜਿੱਤ ਗਿਆ ਤਾਂ ਮੋਹਿੰਦਰ ਭਗਤ ਜੋ ਵੀ ਅਰਜ਼ੀ ਮੇਰੇ ਕੋਲ ਲੈ ਕੇ ਆਉਣਗੇ, ਮੈਂ ਉਨ੍ਹਾਂ ਸਾਰਿਆਂ ‘ਤੇ ਦਸਤਖ਼ਤ ਕਰਕੇ ਪਾਸ ਕਰਾਂਗਾ। ਮਾਨ ਨੇ ਮੋਹਿੰਦਰ ਭਗਤ ਨੂੰ ਮੰਤਰੀ ਬਣਾਉਣ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਵਿਧਾਨ ਸਭਾ ‘ਚ ਭੇਜੋ, ਮੈਂ ਉਨ੍ਹਾਂ ਨੂੰ ਅਗਲੀ ਪੌੜੀ ਚੜ੍ਹਾ ਦੇਵਾਂਗਾ।
ਮਾਨ ਨੇ ਕਿਹਾ ਕਿ ਮੈਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੇ ਕੰਮਾਂ ਲਈ ਜਲੰਧਰ ਵਿੱਚ ਆਪਣਾ ਦਫ਼ਤਰ ਖੋਲ੍ਹਿਆ ਹੈ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਸਰਕਾਰ ਖ਼ੁਦ ਤੁਹਾਡੇ ਬੂਹੇ ‘ਤੇ ਹੈ। ਮਾਨ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਵੀ ਇਹ ਰਿਹਾਇਸ਼ ਆਪਣੇ ਕੋਲ ਰੱਖਣਗੇ ਅਤੇ ਹਫ਼ਤੇ ਵਿੱਚ ਘੱਟੋ-ਘੱਟ ਦੋ ਦਿਨ ਇੱਥੇ ਲੋਕਾਂ ਨੂੰ ਮਿਲਣਗੇ।
ਮਾਨ ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਜਲੰਧਰ ਦੇ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੀ ਤਾਂ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਮਾਨ ਨੇ ਕਿਹਾ ਕਿ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਆਦਿ ਦਾ ਕੰਮ ਨਗਰ ਨਿਗਮ ਅਧੀਨ ਆਉਂਦਾ ਹੈ। ਜਲੰਧਰ ਨਗਰ ਨਿਗਮ ਵਿੱਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ, ਉਸ ਨੇ ਇਸ ਲਈ ਕੁਝ ਨਹੀਂ ਕੀਤਾ। ਇੱਥੋਂ ਤੱਕ ਕਿ ਉਨ੍ਹਾਂ ਸੀਵਰੇਜ ਦੇ ਢੱਕਣ ਵੀ ਨਹੀਂ ਬਦਲੇ।
ਮਾਨ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਹੇ ਹਨ।
ਮਾਨ ਨੇ ਕਿਹਾ ਕਿ ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ ਹਾਂ। ਜੇਕਰ ਮੈਂ ਪੈਸਾ ਕਮਾਉਣਾ ਹੁੰਦਾ ਤਾਂ ਇੱਕ ਕਲਾਕਾਰ ਦੇ ਤੌਰ ‘ਤੇ ਮੈਂ ਹੁਣ ਤੱਕ ਬਹੁਤ ਕਮਾ ਲਿਆ ਹੁੰਦਾ। ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਰਾਜਨੀਤੀ ਵਿੱਚ ਆਇਆ ਹਾਂ।
ਉਨ੍ਹਾਂ ਕਿਹਾ ਕਿ ਤਿੰਨੋਂ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਮੈਨੂੰ ਹਰਾਉਣ ਲਈ ਇਕੱਠੀ ਹੋ ਗਈ ਹਨ ਕਿਉਂਕਿ ਤਿੰਨਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਪਾਰਟੀਆਂ ਨੂੰ ਇਸ ਗੱਲ ਤੋਂ ਬਹੁਤ ਪ੍ਰੇਸ਼ਾਨੀ ਹੈ ਕਿ ਆਮ ਘਰਾਂ ਦੇ ਨੌਜਵਾਨ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਕਿਵੇਂ ਬਣ ਗਏ।
ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਦੋ ਨੰਬਰ ਦੇ ਕੰਮ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅੱਜ ਕੱਲ੍ਹ ਭਾਜਪਾ ਭ੍ਰਿਸ਼ਟ ਨੇਤਾਵਾਂ ਦੀ ਪਹਿਲੀ ਪਸੰਦ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਉਨ੍ਹਾਂ ਨੂੰ ਅਜਿਹਾ ਸਬਕ ਸਿਖਾਉਣ ਕਿ ਕੋਈ ਵੀ ਵਿਧਾਇਕ ਦੁਬਾਰਾ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰੇ।
ਮਾਨ ਨੇ ਭਾਜਪਾ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰਾਂ ਨੇ ਮੈਨੂੰ ਪੁੱਛਿਆ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ‘ਚ ਕਿਵੇਂ ਰੋਕਿਆ। ਮੈਂ ਕਿਹਾ, ਕਮਲ ਚਿੱਕੜ ਵਿੱਚ ਖਿੜਦਾ ਹੈ, ਅਸੀਂ ਝਾੜੂ ਨਾਲ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਹੈ।
ਮੁੱਖ ਮੰਤਰੀ ਨੇ ਜਨ ਸਭਾ ਵਿੱਚ ਆਏ ਨੌਜਵਾਨਾਂ ਨੂੰ ਕਿਹਾ ਕਿ ਰਾਜਨੀਤੀ ਮਾੜੀ ਨਹੀਂ ਹੈ। ਸਮੱਸਿਆ ਬੁਰੇ ਲੋਕਾਂ ਦੀ ਵੱਡੀ ਗਿਣਤੀ ਹੈ। ਅਜਿਹਾ ਇਸ ਲਈ ਵੀ ਹੈ ਕਿਉਂਕਿ ਚੰਗੇ ਲੋਕ ਇਸ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਤੁਹਾਡੀ ਜ਼ਿੰਦਗੀ ਦੀ ਹਰ ਚੀਜ਼ ਰਾਜਨੀਤੀ ਤੋਂ ਤੈਅ ਹੁੰਦੀ ਹੈ, ਇੱਥੋਂ ਤੱਕ ਕਿ ਤੁਸੀਂ ਕੀ ਖਾਓਗੇ ਅਤੇ ਕੀ ਪਹਿਨੋਗੇ। ਇਸ ਲਈ ਰਾਜਨੀਤੀ ਤੋਂ ਭੱਜੋ ਨਾ, ਸਗੋਂ ਸਰਗਰਮੀ ਨਾਲ ਹਿੱਸਾ ਲਓ।