ਚੰਡੀਗੜ੍ਹ: ਮਾਨਸਾ ਸਿਟੀ-2 ਪੁਲਿਸ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦਾ ਮੰਗਲਵਾਰ ਨੂੰ ਮਾਨਸਾ ਵਿੱਚ ਇੱਕ ਕੈਮਿਸਟ ਦੀ ਦੁਕਾਨ ‘ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਿਤਾ ਸਾਬਕਾ ਫੌਜੀ ਭੀਮ ਸਿੰਘ ਦੇ ਬਿਆਨਾਂ ਉਤੇ ਬੁੱਧਵਾਰ ਨੂੰ ਐੱਫ.ਆਈ.ਆਰ. ਦਰਜ ਕੀਤੀ ਹੈ। ਐੱਫ.ਆਈ.ਆਰ. ਅਨੁਸਾਰ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ, ਉਸ ਦੇ ਦੋ ਸਾਥੀਆਂ ਅਤੇ ਘਟਨਾ ਵੇਲੇ ਫੋਨ ‘ਤੇ ਗੱਲ ਕਰ ਰਹੇ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਝੋਟਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਨੂੰ ਮੰਦਭਾਗੀ ਅਤੇ ਅਤਿ-ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।
ਸੀਐਮ ਮਾਨ ਨੇ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿੱਚ ਸੀਐਮ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਡੀਜੀਪੀ ਨੂੰ ਨਿਰਪੱਖ ਜਾਂਚ ਦੇ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਸਾਜ਼ਿਸ਼ ਵਿੱਚ ਸ਼ਾਮਿਲ ਕਿਸੇ ਵੀ ਸ਼ਖਸ ਨੂੰ ਬਖ਼ਸ਼ਾਂਗੇ ਨਹੀਂ।














