ਅੰਮ੍ਰਿਤਸਰ : ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਕਤਾਰਾਂ ਵਿੱਚ ਖੜੀਆ ਨਜ਼ਰ ਆਈਆਂ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਲੋਕਾਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੱਤੀ ਹੈ ਉਨ੍ਹਾਂ ਟਵੀਟ ਕੀਤਾ ਕਿ “ਖ਼ਾਲਸਾ ਸਾਜਨਾ ਦਿਵਸ ਅਤੇ ਕੌਮੀ ਤਿਉਹਾਰ ਵਿਸਾਖੀ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜਿਆ ਖ਼ਾਲਸਾ ਪੰਥ ਸਾਨੂੰ ਹਮੇਸ਼ਾ ਹੱਕ-ਸੱਚ ‘ਤੇ ਪਹਿਰਾ ਦੇਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ”

ਦੱਸ ਦਈਏ ਕਿ ਸੰਗਤਾਂ ਨੇ ਇਸ ਪਵਿੱਤਰ ਦਿਹਾੜੇ ਨੂੰ ਸਿੱਖ ਇਤਿਹਾਸ ਦਾ ਬਹੁਤ ਮਹੱਤਵਪੂਰਨ ਪੁਰਬ ਦੱਸਿਆ। ਉਨ੍ਹਾਂ ਕਿਹਾ ਕਿ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਅਤੇ ਸ਼ਕਤੀ ਪ੍ਰਦਾਨ ਕੀਤੀ ਸੀ। ਸ਼ਰਧਾਲੂਆਂ ਨੇ ਅੱਜ ਦੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਆਪਣੇ ਇਤਿਹਾਸ ਨੂੰ ਕਦੇ ਨਾ ਭੁੱਲਣ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਦੀਆਂ ਸਿੱਖਿਆਵਾਂ ਨਾਲ ਜੁੜਨਾ ਚਾਹੀਦਾ ਹੈ ਅਤੇ ਇੱਕ ਸੱਚੇ ਮਾਰਗ ‘ਤੇ ਚੱਲਣਾ ਚਾਹੀਦਾ ਹੈ।

ਅੱਜ ਦੇ ਸ਼ੁਭ ਦਿਹਾੜੇ ‘ਤੇ ਲੋਕਾਂ ਨੇ ਇੱਕ-ਦੂਜੇ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਸ਼ਾਮ ਦੇ ਸਮੇਂ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਦੇ ਆਯੋਜਨ ਦੀ ਵੀ ਤਿਆਰੀ ਕੀਤੀ ਗਈ ਹੈ।