ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿੱਚ ਹੋਈ ਖੁਸ਼ਹਾਲ ਪੰਜਾਬ ਰੈਲੀ ਦੌਰਾਨ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ, ਉੱਥੇ ਹੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ 2027 ਵਿੱਚ ਮੁੜ ਸਰਕਾਰ ਬਣਾਉਣ ਲਈ ਲੋਕਾਂ ਤੋਂ ਸਮਰਥਨ ਵੀ ਮੰਗਿਆ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਨੇੜੇ ਆਉਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਇੱਕ-ਦੂਜੇ ਨੂੰ ਸਿਆਸੀ ਵਿਰੋਧੀ ਦੱਸ ਕੇ ਵੋਟਾਂ ਲੈਂਦੇ ਰਹੇ, ਪਰ ਹੁਣ ਸਿਆਸੀ ਹਿੱਤਾਂ ਲਈ ਨਵੇਂ ਸਮੀਕਰਨ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਸਨ ਅਤੇ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਸਨ ਤਾਂ ਉਸ ਸਮੇਂ ਲਏ ਗਏ ਸਿਆਸੀ ਸਟੈਂਡ ਅਤੇ ਹੁਣ ਦੇ ਗੱਠਜੋੜ ਬਾਰੇ ਪਾਰਟੀ ਆਪਣਾ ਪੱਖ ਸਪੱਸ਼ਟ ਕਰੇ। ਮੁੱਖ ਮੰਤਰੀ ਨੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਭਾਜਪਾ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਹਿਮ ਮਸਲਿਆਂ ਦੀ ਬਜਾਏ ਸਿਆਸੀ ਪਾਰਟੀਆਂ ਕੁਰਸੀ ਦੀ ਲੜਾਈ ਵਿੱਚ ਉਲਝੀਆਂ ਹੋਈਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੀ ਪਿਛਲੀ ਸਰਕਾਰ ਅਤੇ ਵਿਰੋਧੀ ਆਗੂਆਂ ਨੂੰ ਵੀ ਨਿਸ਼ਾਨੇ ‘ਤੇ ਲਿਆ।
ਸਿਆਸੀ ਹਮਲਿਆਂ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ 77 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਕਰੀਬ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਵਾਉਣ ਲਈ ਕਿਹਾ। ਆਪਣੇ ਭਾਸ਼ਣ ਦੇ ਅਖੀਰ ਵਿੱਚ ਭਗਵੰਤ ਮਾਨ ਨੇ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਸਿੱਧਾ ਸਵਾਲ ਕੀਤਾ ਕਿ ਕਿੰਨੇ ਲੋਕ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ।














