ਚੰਡੀਗੜ੍ਹ : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਦੇਰ ਰਾਤ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਸ਼ਨੀਵਾਰ ਸਵੇਰੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਲਾਲਜੀਤ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ।

ਦੂਜੇ ਪਾਸੇ, ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਸਪਤਾਲ ਪਹੁੰਚੇ ਅਤੇ ਪੂਰੇ ਘਟਨਾਕ੍ਰਮ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਹਸਪਤਾਲ ਪਹੁੰਚੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਜੁੜੇ ਇਲਜ਼ਾਮ ਗੰਭੀਰ ਹਨ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਤੱਥਾਂ ਦੀ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇ। ਫਿਲਹਾਲ ਪੁਲਿਸ ਅਤੇ ਸਬੰਧਤ ਵਿਭਾਗ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਸਥਿਤੀ ਸਪੱਸ਼ਟ ਹੋ ਸਕੇਗੀ।

ਦੱਸ ਦਈਏ ਕਿ ਰੰਧਾਵਾ ਨੇ ਇਸ ਕਦਮ ਪਿੱਛੇ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ। ਜ਼ਹਿਰ ਨਿਗਲਣ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਬਣਾਈ, ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।