ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਝੂਠੇ ਦੋਸ਼ ਲਗਾਉਣ ਲਈ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।
ਉਨ੍ਹਾਂ ਨੇ ਚੰਡੀਗੜ੍ਹ ਅਦਾਲਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 210 ਅਤੇ 222 ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਹੈ, ਜੋ ਕਿ ਭਾਰਤੀ ਨਿਆਂ ਸੰਹਿਤਾ (BNS), 2023 ਦੀ ਧਾਰਾ 356 ਦੇ ਤਹਿਤ ਆਉਣ ਵਾਲੇ ਅਪਰਾਧ ਨਾਲ ਸਬੰਧਿਤ ਹੈ। ਦੋਸ਼ ਸਾਬਿਤ ਹੋਣ ‘ਤੇ ਇਸ ਧਾਰਾ ਵਿੱਚ 2 ਸਾਲ ਤੱਕ ਕੈਦ ਅਤੇ ਜੁਰਮਾਨਾ ਹੋ ਸਕਦਾ ਹੈ। ਡਾ. ਗੁਰਪ੍ਰੀਤ ਕੌਰ ਨੇ ਪਹਿਲਾਂ ਤਿੰਨਾਂ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਸੀ। ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਸੀ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਮੁਆਫ਼ੀ ਨਹੀਂ ਮੰਗੀ। ਵਿਧਾਇਕ ਸੁਖਪਾਲ ਖਹਿਰਾ ਨੇ ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਮਾਣਹਾਨੀ ਦੇ ਨੋਟਿਸ ਨੂੰ ਪਾੜ ਕੇ ਸੁੱਟ ਦਿੱਤਾ ਸੀ।
ਡਾ. ਗੁਰਪ੍ਰੀਤ ਕੌਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਹ ਇੱਕ ਯੋਗ ਮੈਡੀਕਲ ਪੇਸ਼ੇਵਰ ਹਨ ਅਤੇ ਸਮਾਜ ਵਿੱਚ ਉਨ੍ਹਾਂ ਦਾ ਇੱਕ ਚੰਗਾ ਰੁਤਬਾ ਅਤੇ ਸਨਮਾਨ ਹੈ। ਸ਼ਿਕਾਇਤਕਰਤਾ ਅਨੁਸਾਰ ਦੋਸ਼ੀਆਂ ਵੱਲੋਂ ਲਗਾਏ ਗਏ ਬੇਬੁਨਿਆਦ ਦੋਸ਼ਾਂ ਨਾਲ ਉਨ੍ਹਾਂ ਦੇ ਚਰਿੱਤਰ ਅਤੇ ਪ੍ਰਤਿਸ਼ਠਾ ਨੂੰ ਨਾ ਕੇਵਲ ਸਮਾਜਿਕ ਤੌਰ ‘ਤੇ ਬਲਕਿ ਵਿਅਕਤੀਗਤ ਤੌਰ ‘ਤੇ ਵੀ ਅਜਿਹਾ ਵੱਡਾ ਨੁਕਸਾਨ ਪਹੁੰਚਿਆ ਹੈ, ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੇ 1 ਸਤੰਬਰ, 2026 ਨੂੰ ਚੰਡੀਗੜ੍ਹ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਬੇਬੁਨਿਆਦ ਅਤੇ ਝੂਠੇ ਬਿਆਨ ਦਿੱਤੇ। ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਆਪਣੇ ਇੱਕ ਰਿਸ਼ਤੇਦਾਰ ਰਾਹੀਂ ਬਲਾਤਕਾਰ ਵਰਗੇ ਗੰਭੀਰ ਅਪਰਾਧ ਦੇ ਦੋਸ਼ੀ ਨੂੰ ਬਚਾਉਣ ਲਈ ਸਰਕਾਰੀ ਤੰਤਰ ਨੂੰ ਪ੍ਰਭਾਵਿਤ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।
ਡਾ. ਗੁਰਪ੍ਰੀਤ ਕੌਰ ਨੇ ਕਿਹਾ, “ਇਸ ਪ੍ਰੈਸ ਕਾਨਫਰੰਸ ਦੌਰਾਨ, ਝੂਠੀਆਂ ਆਡੀਓ ਰਿਕਾਰਡਿੰਗਾਂ, ਫੋਟੋਆਂ ਅਤੇ ਸੀਸੀਟੀਵੀ ਫੁਟੇਜ ਪੇਸ਼ ਕਰਕੇ ਇਹ ਦਾਅਵਾ ਕੀਤਾ ਗਿਆ ਸੀ ਕਿ ਸ਼ਿਕਾਇਤਕਰਤਾ ਦੇ ਨਜ਼ਦੀਕੀ ਲੋਕ ਮਨੀ ਲਾਂਡਰਿੰਗ ਵਿੱਚ ਸ਼ਾਮਲ ਸਨ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੇ ਆਪਣੇ ਬਿਆਨਾਂ ਵਿੱਚ ਉਨ੍ਹਾਂ ਨੂੰ ਖਾਸ ਤੌਰ ‘ਤੇ ਨਿਸ਼ਾਨਾ ਬਣਾਇਆ।” ਡਾ. ਗੁਰਪ੍ਰੀਤ ਕੌਰ ਨੇ ਕਿਹਾ, “ਇੱਕ ਔਰਤ ਹੋਣ ਦੇ ਬਾਵਜੂਦ, ਉਨ੍ਹਾਂ ਨੂੰ ਇੱਕ ਅਜਿਹੀ ਵਿਅਕਤੀ ਵਜੋਂ ਦਰਸਾਇਆ ਗਿਆ ਹੈ। ਜਿਸ ਨੇ ਪੈਸੇ ਲਈ ਬਲਾਤਕਾਰ ਦੇ ਦੋਸ਼ੀ ਦੀ ਮਦਦ ਕੀਤੀ। ਇਹਨਾਂ ਝੂਠੇ ਦੋਸ਼ਾਂ ਨੇ ਉਨ੍ਹਾਂ ਦੀ ਛਵੀ, ਮਾਣ-ਸਨਮਾਨ ਅਤੇ ਨਿੱਜੀ ਪਛਾਣ ਨੂੰ ਡੂੰਘਾ ਠੇਸ ਪਹੁੰਚਾਈ ਹੈ।” ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਅਪਰਾਧਿਕ ਮਾਣਹਾਨੀ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਤਲਬ ਕੀਤਾ ਜਾਵੇ ਅਤੇ ਉਨ੍ਹਾਂ ‘ਤੇ ਸੀਆਰਪੀਸੀ ਦੀ ਧਾਰਾ 356 ਤਹਿਤ ਮੁਕੱਦਮਾ ਚਲਾਇਆ ਜਾਵੇ।
